ਐੱਸ. ਡੀ. ਐੱਮਜ਼ ਹੇਠਲੇ ਪੱਧਰ 'ਤੇ ਨਿਗਰਾਨੀ ਰੱਖਣ ਲਈ ਬਣਾਉਣਗੇ ਵਟਸਐਪ ਗਰੁੱਪ
ਲੁਧਿਆਣਾ, ਅਕਤੂਬਰ 2019- (ਮਨਜਿੰਦਰ ਗਿੱਲ )-
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲਾ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਜ਼ਿਲਾ ਲੁਧਿਆਣਾ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਖ਼ਬਰ ਪਤਾ ਲੱਗਦੀ ਹੈ ਤਾਂ ਉਹ ਤੁਰੰਤ ਜ਼ਿਲਾ ਪ੍ਰਸਾਸ਼ਨ ਅਤੇ ਹੋਰ ਸੰਬੰਧਤ ਅਥਾਰਟੀਆਂ ਨੂੰ ਸੂਚਨਾ ਦੇਣ ਤਾਂ ਜੋ ਉਸ ਸੰਬੰਧੀ ਤੁਰੰਤ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਐੱਸ. ਡੀ. ਐÎੱਮਜ਼ ਨੂੰ ਆਪਣੇ ਹੇਠਲੇ ਕਲੱਸਟਰ ਅਫ਼ਸਰਾਂ ਅਤੇ ਹੋਰ ਕਰਮਚਾਰੀਆਂ ਦੇ ਨਾਲ ਸਾਂਝੇ ਵਟਸਐਪ ਗਰੁੱਪ ਬਣਾਉਣ ਲਈ ਕਿਹਾ ਗਿਆ ਤਾਂ ਜੋ ਅਜਿਹੀ ਕਿਸੇ ਵੀ ਘਟਨਾ 'ਤੇ ਹੇਠਲੇ ਪੱਧਰ ਤੱਕ ਨਿਗਰਾਨੀ ਰੱਖੀ ਜਾ ਸਕੇ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਰਣਨੀਤੀ ਬਣਾਉਣ ਲਈ ਅੱਜ ਸਥਾਨਕ ਕੈਂਪ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਹੁਣ ਕਿਸਾਨ ਆਪਣੇ ਖੇਤਾਂ ਦੀ ਪਰਾਲੀ ਨਾ-ਵਰਤੋਂਯੋਗ ਸਰਕਾਰੀ ਥਾਂ 'ਤੇ ਭੰਡਾਰ ਕਰ ਸਕਦੇ ਹਨ। ਉਨਾਂ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਇਸ ਸੰਬੰਧੀ ਉਹ ਕਿਸਾਨ ਯੂਨੀਅਨਾਂ ਅਤੇ ਹੋਰ ਮਾਧਿਅਮਾਂ ਰਾਹੀਂ ਕਿਸਾਨਾਂ ਨੂੰ ਜਾਣੂ ਕਰਾਉਣ। ਇਸ ਤੋਂ ਇਲਾਵਾ ਬਿਜਲੀ ਵਿਭਾਗ, ਮੰਡੀਕਰਨ ਵਿਭਾਗ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਤਰੀਕਿਆਂ ਨਾਲ ਕਿਸਾਨਾਂ ਨੂੰ ਅਤੇ ਵਿਦਿਆਰਥੀਆਂ ਨੂੰ ਪਰਾਲੀ ਨਾ ਬਾਰੇ ਜਾਗਰੂਕ ਕਰਨ। ਉਨਾਂ ਸਮੂਹ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਹੇਠਲੇ ਪੱਧਰ 'ਤੇ ਹਰੇਕ ਗਤੀਵਿਧੀ 'ਤੇ ਨਜ਼ਰ ਰੱਖਣ ਲਈ ਵਟਸਐਪ ਗਰੁੱਪ ਬਣਾਉਣ। ਇਨਾਂ ਗਰੁੱਪਾਂ ਵਿੱਚ ਉਸ ਹਰੇਕ ਨੂੰ ਸ਼ਾਮਿਲ ਕੀਤਾ ਜਾਵੇ, ਜੋ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਡਿਊਟੀ ਨਿਭਾਅ ਰਿਹਾ ਹੈ। ਇਸ ਕੰਮ ਵਿੱਚ ਲੱਗੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਅਜਿਹੀ ਕਿਸੇ ਵੀ ਘਟਨਾ ਸੰਬੰਧੀ ਤੁਰੰਤ ਗਰੁੱਪ ਵਿੱਚ ਸੂਚਨਾ ਸਾਂਝੀ ਕਰਨ ਤਾਂ ਜੋ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨਾਂ ਸਮੂਹ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਿਆਰ ਨਾਲ ਸਮਝਾਇਆ ਜਾਵੇ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ ਨੂੰ ਨੁਕਸਾਨ ਹੁੰਦਾ ਹੈ, ਉਥੇ ਹੀ ਧਰਤੀ ਦੀ ਉਪਜਾਊ ਸ਼ਕਤੀ ਅਤੇ ਉਤਪਾਦਨ ਦਰ ਘਟਦੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦਾ ਉਚਿਤ ਪ੍ਰਬੰਧਨ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਮੋਬਾਈਲ ਐਪਲੀਕੇਸ਼ਨਾਂ ਦਾ ਭਰਪੂਰ ਲਾਭ ਲੈਣ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਜਸਪਾਲ ਸਿੰਘ ਗਿੱਲ, ਸਮੂਹ ਐੱਸ. ਡੀ. ਐÎਮਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।