You are here

ਪਰਾਲੀ ਪ੍ਰਬੰਧਨ ਲਈ ਕਿਸਾਨ i-khet ਮੋਬਾਈਲ ਐਪ ਦਾ ਲਾਭ ਲੈਣ-ਡਿਪਟੀ ਕਮਿਸ਼ਨਰ

ਲੋੜਵੰਦ ਕਿਸਾਨਾਂ ਨੂੰ ਨੇੜੇ ਦੀਆਂ ਮਸ਼ੀਨਾਂ, ਮਾਲਕ ਦਾ ਨਾਮ ਦਾ ਸੰਪਰਕ ਨੰਬਰ ਅਤੇ ਹੋਰ ਜਾਣਕਾਰੀ ਮਿਲ ਸਕੇਗੀ

ਲੁਧਿਆਣਾ,  ਅਕਤੂਬਰ 2019 ( ਮਨਜਿੰਦਰ ਗਿੱਲ )- ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਸੀ। ਇਸ ਸੰਬੰਧੀ ਕਿਸਾਨਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪਲੀਕੇਸ਼ਨ i-khet ਜਾਰੀ ਕੀਤੀ ਗਈ ਸੀ, ਜਿਸ ਦਾ ਜ਼ਿਲਾ ਲੁਧਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਲਾਭ ਲਿਆ ਸੀ। ਇਹ ਮੋਬਾਈਲ ਐਪਲੀਕੇਸ਼ਨ ਇਸ ਸਾਲ ਵੀ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗੀ। ਇਸ ਐਪਲੀਕੇਸ਼ਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਲਾਂਚ ਕੀਤਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਤਿਆਰ ਕੀਤੀ ਗਈ ਹੈ, ਜਿਸ 'ਤੇ ਜ਼ਿਲਾ ਲੁਧਿਆਣਾ ਵਿੱਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ। ਇਹ ਐਪਲੀਕੇਸ਼ਨ ਐਂਡਰਾਈਡ ਫੋਨ 'ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਹ ਐਪਲੀਕੇਸ਼ਨ ਜ਼ਿਲ ਬਲਾਕ ਅਤੇ ਪਿੰਡ ਪੱਧਰ 'ਤੇ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ। ਅਗਰਵਾਲ ਨੇ ਦੱਸਿਆ ਕਿ ਲੋੜਵੰਦ ਕਿਸਾਨ ਇਸ ਐਪਲੀਕੇਸ਼ਨ 'ਤੇ ਲੋੜੀਂਦੀ ਮਸ਼ੀਨ ਬਾਰੇ ਸਰਚ ਕਰ ਸਕਦਾ ਹੈ, ਜਿਸ 'ਤੇ ਉਸਨੂੰ ਉਸਦੀ ਲੋਕੇਸ਼ਨ ਦੇ ਮੁਤਾਬਿਕ ਨੇੜੇ ਤੇੜੇ ਦੀਆਂ ਮਸ਼ੀਨਾਂ ਬਾਰੇ ਪਤਾ ਲੱਗ ਜਾਂਦਾ ਹੈ। ਕਿਸਾਨ ਨੂੰ ਜਿਸ ਮਸ਼ੀਨ ਦੀ ਜ਼ਰੂਰਤ ਹੁੰਦੀ ਹੈ, ਉਸਦੇ ਮਾਲਕ ਦਾ ਨਾਮ, ਸੰਪਰਕ ਨੰਬਰ ਅਤੇ ਲੋਕੇਸ਼ਨ ਪਤਾ ਲੱਗ ਜਾਂਦੀ ਹੈ, ਜਿਸ ਨਾਲ ਸੰਪਰਕ ਕਰਕੇ ਲੋੜਵੰਦ ਕਿਸਾਨ ਉਸ ਤੋਂ ਮਸ਼ੀਨ ਲੈ ਸਕਦਾ ਹੈ। ਉਨਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਇਸ ਵੇਲੇ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸੰਬੰਧਤ 3000 ਦੇ ਕਰੀਬ ਮਸ਼ੀਨਾਂ ਦਾ ਵੇਰਵਾ ਦਰਜ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਪੱਧਰ 'ਤੇ ਵੀ ਹੋਰ ਸੰਦਾਂ ਦਾ ਵੇਰਵਾ ਅਪਲੋਡ ਕੀਤਾ ਹੋਇਆ ਹੈ, ਜਿਸ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਅਗਰਵਾਲ ਨੇ ਦੱਸਿਆ ਕਿ ਸੂਬੇ ਭਰ ਵਿੱਚ 65 ਲੱਖ ਏਕੜ ਰਕਬੇ ਵਿੱਚ ਝੋਨਾ ਲਗਾਇਆ ਗਿਆ ਹੈ ਜੋ 20 ਮਿਲੀਅਨ ਟਨ ਪਰਾਲੀ ਪੈਦਾ ਕਰੇਗਾ ਜਦਕਿ ਕੇਵਲ 5 ਮਿਲੀਅਨ ਟਨ ਦਾ ਹੀ ਪ੍ਰਬੰਧਨ ਹੁੰਦਾ ਹੈ। ਤਕਰੀਬਨ 15 ਮਿਲੀਅਨ ਟਨ ਪਰਾਲੀ ਖੇਤਾਂ ਵਿੱਚ ਹੀ ਸਾੜ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਇਕ ਟਨ ਪਰਾਲੀ ਸਾੜਨ ਦੇ ਨਾਲ 5.5 ਕਿਲੋਗ੍ਰਾਮ ਨਾਈਟਰੋਜਨ, 2.3 ਕਿਲੋਗ੍ਰਾਮ ਫਾਰਸਫੋਰਸ, 25 ਕਿਲੋਗ੍ਰਾਮ ਪੋਟਾਸ਼ੀਅਮ, 1.2 ਕਿਲੋਗ੍ਰਾਮ ਸਲਫ਼ਰ, 400 ਕਿਲੋਗ੍ਰਾਮ ਆਰਗੈਨਿਕ ਸਮੱਗਰੀ ਨੂੰ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਲਾਭਦਾਇਕ ਕੀੜੇ ਮਕੋੜਿਆਂ ਦੀ ਮੌਤ ਵੀ ਹੋ ਜਾਂਦੀ ਹੈ। ਇਸ ਦੇ ਨਾਲ ਹਵਾ ਦੇ ਮਿਆਰ ਵਿੱਚ ਵੀ ਨਿਘਾਰ ਆਉਂਦਾ ਹੈ ਜਿਸ ਦੇ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਹੁੰਦਾ ਹੈ। ਇਹ ਜੀਵਨ ਅਤੇ ਭੌਂ ਦੀ ਸਿਹਤ ਉੱਤੇ ਪ੍ਰਭਾਵ ਪਾਉਂਦਾ ਹੈ। ਅਗਰਵਾਲ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਜਾਂ ਨਾੜ ਨੂੰ ਅੱਗ ਲਗਾ ਕੇ ਸਾੜਦੇ ਹਨ, ਉਨਾਂ ਦਾ ਇਸ ਕੰਮ ਪਿੱਛੇ ਇੱਕੋ ਬਹਾਨਾ ਹੁੰਦਾ ਹੈ ਕਿ ਉਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲੱਬਧ ਨਹੀਂ ਹੁੰਦੀ। ਅਜਿਹੇ ਕਿਸਾਨਾਂ ਲਈ ਇਹ ਐਪਲੀਕੇਸ਼ਨ ਬਹੁਤ ਹੀ ਲਾਹੇਵੰਦ ਸਿੱਧ ਹੋਵੇਗੀ। ਇਸ ਐਪ ਰਾਹੀਂ ਉਨਾਂ ਨੂੰ ਆਪਣੇ ਨੇੜੇ ਅਤੇ ਬਹੁਤ ਸਸਤੀ ਦਰ 'ਤੇ ਮਸ਼ੀਨਰੀ ਮੁਹੱਈਆ ਹੋ ਸਕੇਗੀ। ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ।