550 ਕੀਰਤਨੀ ਜਥਿਆਂ ਵਲੋਂ ਇਕੋ ਸਮੇਂ ਕੀਰਤਨ
ਨਵੀਂ ਦਿੱਲੀ, ਅਕਤੂਬਰ 2019-( ਇਕਬਲ ਸਿੰਘ ਰਸੂਲਪੁਰ )-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੰਡੀਆ ਗੇਟ ਵਿਖੇ 'ਸ਼ਬਦ ਅਨਾਹਦ' ਸਮਾਗਮ ਕਰਵਾਇਆ ਗਿਆ, ਜਿਸ 'ਚ 550 ਕੀਰਤਨੀ ਜਥਿਆਂ ਵਲੋਂ ਇਕੋ ਸਮੇਂ ਕੀਰਤਨ ਕੀਤਾ ਗਿਆ। ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਸੰਸਦ ਮੈਂਬਰ ਪ੍ਰਵੇਸ਼ ਵਰਮਾ ਸਮੇਤ ਹੋਰਨਾਂ ਨੇ ਹਾਜ਼ਰੀ ਭਰੀ। ਇਸ ਮੌਕੇ ਵਿਸ਼ੇਸ਼ ਐਲ.ਈ.ਡੀ. ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦਸਤਾਵੇਜ਼ੀ ਫ਼ਿਲਮ ਵੀ ਵਿਖਾਈ ਗਈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਮਾਗਮ ਬਾਰੇ ਜਾਣਕਾਰੀ ਦੇਣ ਦੇ ਨਾਲ ਹੀ ਪ੍ਰਕਾਸ਼ ਪੁਰਬ ਸਬੰਧੀ ਕਮੇਟੀ ਵਲੋਂ ਕੀਤੇ ਜਾ ਰਹੇ ਹੋਰਨਾਂ ਕਾਰਜਾਂ ਤੋਂ ਵੀ ਜਾਣੂ ਕਰਵਾਇਆ। ਸਮਾਗਮ 'ਚ ਮੌਜੂਦ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹੋਏ ਕਰਤਾਰਪੁਰ ਲਾਂਘੇ ਬਾਰੇ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲਣ ਨਾਲ 70 ਵਰ੍ਹਿਆਂ ਤੋਂ ਕੀਤੀ ਜਾ ਰਹੀ ਅਰਦਾਸ ਪ੍ਰਵਾਨ ਚੜ੍ਹੀ ਹੈ ਅਤੇ ਇਸ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਵਿਦੇਸ਼ਾਂ ਵਿਚਲੇ ਆਪਣੇ ਮਿਸ਼ਨਾਂ ਨੂੰ ਜਿਥੇ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਘਰ ਘਰ ਪਹੁੰਚਾਉਣ ਦੀ ਹਦਾਇਤ ਕੀਤੀ ਹੈ, ਉਥੇ ਹੀ ਸੰਯੁਕਤ ਰਾਸ਼ਟਰ ਰਾਹੀਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਹਰ ਭਾਸ਼ਾ 'ਚ ਅਨੁਵਾਦ ਕਰਵਾ ਕੇ ਸਾਰੀ ਦੁਨੀਆਂ 'ਚ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵੀ ਸਾਰੀਆਂ ਭਾਸ਼ਾਵਾਂ 'ਚ ਇਸ ਬਾਣੀ ਦਾ ਅਨੁਵਾਦ ਕਰਵਾ ਕੇ ਇਹ ਬਾਣੀ ਲੋਕਾਂ 'ਚ ਪਹੁੰਚਾਈ ਗਈ ਹੈ। ਉਸ ਸਮੇ ਅਮਿਤ ਸ਼ਾਹ ਦਾ ਸਨਮਾਨ ਵਇ ਕੀਤਾ ਗਿਆ ।