ਹਰਸਿਮਰਤ ਅਤੇ ਅਕਾਲੀਆਂ ਵਿੱਚ ਸਹੀ ਫੈਸਲਾ ਲੈਣ ਦੀ ਸੂਝ-ਬੂਝ ਨਹੀਂ
ਚੰਡੀਗੜ੍ਹ, ਅਕਤੂਬਰ 2019-
ਕੇਂਦਰੀ ਮੰਤਰੀ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਦਾ ਠੋਕਵਾਂ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਬੀ ਬਾਦਲ ਨੂੰ ਚੇਤੇ ਕਰਵਾਇਆ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਦੌਰਾਨ ਅਕਾਲੀ ਆਗੂ ਖ਼ੁਦ ਹੀ ਰਾਜਸੀ ਸ਼ਕਤੀ ਦੇ ਬਲਬੂਤੇ ਬੇਸ਼ਰਮੀ ਨਾਲ ਗਿਣਮਿੱਥ ਕੇ ਅਕਾਲ ਤਖ਼ਤ ਦੇ ਜਥੇਦਾਰ ਦੀ ਹੱਤਕ ਕਰਦੇ ਰਹੇ ਸਨ ਪਰ ਉਨ੍ਹਾਂ ਦੀ ਸਰਕਾਰ ਵੱਲੋਂ ਅਕਾਲ ਤਖ਼ਤ ਦੀ ਸਰਬਉੱਚਤਾ ਨੂੰ ਪ੍ਰਵਾਨ ਕਰਦਿਆਂ ਇਸ ਦਾ ਹਰ ਪੱਖੋਂ ਮਾਣ ਤੇ ਸਤਿਕਾਰ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 10 ਸਾਲਾਂ ਦੇ ਕਾਰਜਕਾਲ ਦੌਰਾਨ ਹਰਸਿਮਰਤ ਬਾਦਲ ਸਮੇਤ ਸਾਰੇ ਅਕਾਲੀ ਸੱਤਾ ਦੇ ਨਸ਼ੇ ਵਿੱਚ ਚੂਰ ਰਹੇ ਅਤੇ ਆਪਣੇ ਦਮਨਕਾਰੀ ਰਾਜ ਦੌਰਾਨ ਨਾ ਤਾਂ ਅਕਾਲ ਤਖ਼ਤ ਨੂੰ ਬਖ਼ਸ਼ਿਆ ਅਤੇ ਨਾ ਹੀ ਪੰਜਾਬ ਦੇ ਲੋਕਾਂ ਨਾਲ ਕੋਈ ਲਿਹਾਜ਼ ਵਰਤਿਆ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਸੌੜੇ ਸਿਆਸੀ ਲਾਭ ਦੀ ਖ਼ਾਤਰ ਅਜਿਹੇ ਝੂਠ ਬੋਲਣੇ ਬੰਦ ਕਰਨ ਲਈ ਆਖਿਆ। 550ਵੇਂ ਪ੍ਰਕਾਸ਼ ਦਿਵਸ ਮੌਕੇ ਸਾਂਝੇ ਸਮਾਗਮਾਂ ਦੇ ਮੁੱਦੇ ’ਤੇ ਹਰਸਿਮਰਤ ਬਾਦਲ ਵੱਲੋਂ ਉਨ੍ਹਾਂ ਦੀ ਸਰਕਾਰ ਵਿਰੁੱਧ ਲਾਏ ਦੋਸ਼ਾਂ ’ਤੇ ਕੈਪਟਨ ਨੇ ਕਿਹਾ, ‘‘ਹੰਕਾਰ ਵਿੱਚ ਡੁੱਬੇ ਹੋਏ ਤੁਸੀਂ (ਅਕਾਲੀ) ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨਾਲ ਕਿਹੋ ਜਿਹਾ ਸਲੂਕ ਕਰਦੇ ਰਹੇ ਹੋ ਅਤੇ ਹੁਣ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਆਪਣੀਆਂ ਸ਼ਰਤਾਂ ਥੋਪ ਕੇ ਸਿੱਖ ਸੰਸਥਾ ਦੀ ਦੁਰਵਰਤੋਂ ਕਰਨ ਦੀਆਂ ਘਟੀਆਂ ਚਾਲਾਂ ਚੱਲ ਰਹੇ ਹੋ।’’ ਮੁੱਖ ਮੰਤਰੀ ਨੇ ਕਿਹਾ,‘‘ਹਰਸਿਮਰਤ ਅਤੇ ਅਕਾਲੀਆਂ ਵਿੱਚ ਸਹੀ ਫੈਸਲਾ ਲੈਣ ਦੀ ਸੂਝ-ਬੂਝ ਨਹੀਂ ਹੈ। ਇਕ ਪਾਸੇ ਤਾਂ ਹਰਸਿਮਰਤ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੇ ਸੋਹਲੇ ਗਾਏ ਜਾ ਰਹੇ ਹਨ ਅਤੇ ਦੂਜੇ ਪਾਸੇ ਉਸ ਦਾ ਪਤੀ ਸੁਖਬੀਰ ਸਿੰਘ ਬਾਦਲ ਹਰਿਆਣਾ ਚੋਣਾਂ ਵਿੱਚ ਲੋਕਾਂ ਨੂੰ ਭਾਜਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣ ਦੀਆਂ ਅਪੀਲਾਂ ਕਰ ਰਿਹਾ ਹੈ।’’ ਕੈਪਟਨ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਉਹ ਕਈ ਮਹੀਨਿਆਂ ਤੋਂ ਸ਼੍ਰੋਮਣੀ ਕਮੇਟੀ ਨੂੰ ਨਿੱਜੀ ਤੌਰ ’ਤੇ ਅਪੀਲਾਂ ਕਰ ਰਹੇ ਹਨ ਪਰ ਅਕਾਲੀ ਆਪਣੀ ਚੌਧਰ ਜਮਾਉਣ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਲੀਹੋਂ ਲਾਹੁਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਅਕਾਲੀ ਆਪਣੇ ਸਿਆਸੀ ਹਿੱਤ ਪੂਰਨ ਲਈ ਹਮੇਸ਼ਾ ਹੀ ਧਰਮ ਦਾ ਸੋਸ਼ਣ ਕਰਦੇ ਆਏ ਹਨ ਪਰ ਫਿਰ ਵੀ ਉਹ ਆਸ ਕਰਦੇ ਸਨ ਕਿ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਸ਼ਾਇਦ ਅਕਾਲੀ ਕੁਝ ਸਿਆਣਪ ਦਿਖਾਉਂਦੇ। ਕੈਪਟਨ ਨੇ ਕਿਹਾ ਕਿ ਜਿਸ ਢੰਗ ਨਾਲ ਅਕਾਲੀ ਲੀਡਰਸ਼ਿਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖਰੇ ਸਮਾਗਮ ਲਈ ਪ੍ਰਧਾਨ ਮੰਤਰੀ ਅਤੇ ਹੋਰ ਕੇਂਦਰੀ ਵਜ਼ੀਰਾਂ ਨੂੰ ਸੱਦਾ ਦੇਣ ਲਈ ਗਈ ਸੀ, ਉਸ ਤੋਂ ਹੀ ਇਨ੍ਹਾਂ ਦੇ ਘਿਨਾਉਣੇ ਇਰਾਦੇ ਸਪੱਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਬਿਨਾਂ ਪੁਸ਼ਟੀ ਵਾਲੇ ਪ੍ਰੋਗਰਾਮਾਂ ਦਾ ਐਲਾਨ ਕਰਕੇ ਹਰਸਿਮਰਤ ਨੇ ਇਨ੍ਹਾਂ ਦੋਵੇਂ ਸਿਖਰਲੇ ਅਹੁਦਿਆਂ ਦੇ ਗੌਰਵ ਨੂੰ ਸੱਟ ਮਾਰੀ ਹੈ। ਇਨ੍ਹਾਂ ਦੋਵੇਂ ਸ਼ਖ਼ਸੀਅਤਾਂ ਦੇ ਪ੍ਰੋਗਰਾਮ ਜਾਰੀ ਕਰਨ ਦਾ ਕੰਮ ਪ੍ਰਧਾਨ ਮੰਤਰੀ ਦਫ਼ਤਰ ਅਤੇ ਰਾਸ਼ਟਰਪਤੀ ਭਵਨ ਦਾ ਹੈ ਪਰ ਹਰਸਿਮਰਤ ਨੇ ਗਲਤ ਢੰਗ ਨਾਲ ਪ੍ਰੋਟੋਕੋਲ ਦੀ ਉਲੰਘਣਾ ਕਰਕੇ ਕੇਂਦਰ ਸਰਕਾਰ ਵਿੱਚ ਆਪਣੀ ਅਣਹੋਂਦ ਦਾ ਪ੍ਰਗਟਾਵਾ ਕੀਤਾ ਹੈ।