550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਇਕ ਸਾਂਝੀ ਸਟੇਜ 'ਤੇ ਮਨਾਏ ਜਾਣ ਸਬੰਧੀ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਪੰਡਾਲ ਵਿਚ ਹੀ ਪੰਜ ਸਿੰਘ ਸਾਹਿਬਾਨ ਦੀ ਅਗਵਾਈ 'ਚ ਮੁੱਖ ਸਮਾਗਮ ਕੀਤੇ ਜਾਣ ਦੀ ਪੇਸ਼ਕਸ਼ ਕੀਤੀ ਹੈ | ਜਦੋਂ ਕਿ ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਪੇਸ਼ਕਸ਼ 'ਤੇ ਪੰਜ ਸਿੰਘ ਸਾਹਿਬਾਨ ਦੀ 21 ਅਕਤੂਬਰ ਨੂੰ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ | ਅੱਜ ਦੋ ਕੈਬਨਿਟ ਮੰਤਰੀਆਂ ਤੇ 5 ਮੈਂਬਰੀ ਸਾਂਝੀ ਤਾਲਮੇਲ ਕਮੇਟੀ ਦੇ ਪੰਜਾਬ ਸਰਕਾਰ ਵਲੋਂ ਮੈਂਬਰਾਂ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਮੁੱਖ ਮੰਤਰੀ ਵਲੋਂ ਸੀਲਬੰਦ ਲਿਫ਼ਾਫ਼ੇ ਵਿਚ ਭੇਜਿਆ ਗਿਆ ਪੱਤਰ ਸੌਾਪਿਆ | ਜਾਣਕਾਰੀ ਅਨੁਸਾਰ ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਦੀ ਮੁੱਖ ਮੰਤਰੀ ਨਾਲ ਮੋਬਾਈਲ 'ਤੇ ਕਾਫ਼ੀ ਸਮਾਂ ਗੱਲਬਾਤ ਵੀ ਹੋਈ | ਇਸ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੂਰਨ ਭਰੋਸਾ ਪ੍ਰਗਟ ਕਰਦਿਆਂ ਸਾਂਝੀ ਸਟੇਜ ਦੇ ਮਾਮਲੇ ਦੀ ਸਾਰੀ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਾਈ ਹੈ | ਉਨ੍ਹਾਂ ਕਿਹਾ ਕਿ ਅੱਜ ਖੁੱਲ੍ਹ ਕੇ ਵਿਚਾਰਾਂ ਹੋਈਆਂ ਹਨ ਤੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਜੋ ਵੀ ਅਕਾਲ ਤਖ਼ਤ ਸਾਹਿਬ ਤੋਂ ਫ਼ੈਸਲਾ ਹੋਵੇਗਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਅਕਾਲ ਤਖ਼ਤ ਸਾਹਿਬ 'ਤੇ ਭਰੋਸਾ ਪ੍ਰਗਟਾਇਆ ਹੈ, ਉਸ ਲਈ ਉਹ ਧੰਨਵਾਦੀ ਹਨ | ਸਾਂਝੀ ਸਟੇਜ ਪ੍ਰਤੀ ਆਸ਼ਾਵਾਦੀ ਨਜ਼ਰ ਆਉਂਦੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਪੇਸ਼ਕਸ਼ ਬਾਰੇ 21 ਅਕਤੂਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਵਿਚਾਰ ਕੀਤਾ ਜਾਵੇਗਾ ਤੇ ਸ਼ੋ੍ਰਮਣੀ ਕਮੇਟੀ ਕਿਉਂਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ, ਉਸ ਦਾ ਪੂਰਾ ਮਾਣ ਸਤਿਕਾਰ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ 11 ਤੇ 12 ਨਵੰਬਰ ਦੇ ਸਮਾਗਮ ਇੱਕ ਹੀ ਸਟੇਜ 'ਤੇ ਸਾਂਝੇ ਤੌਰ 'ਤੇ ਮਨਾਏ ਜਾਣ | ਉਨ੍ਹਾਂ ਕਿਹਾ ਕਿ ਮੁੱਖ ਸਮਾਗਮ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਦਾ ਪ੍ਰਕਾਸ਼ ਹੋਵੇਗਾ ਤੇ ਸਟੇਜ 'ਤੇ ਕੋਈ ਕੁਰਸੀ ਨਹੀਂ ਲੱਗੇਗੀ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵੀ ਹਾਜ਼ਰ ਸਨ |