You are here

ਦਿੱਲੀ ਤੋਂ ਸਜਾਇਆ ਗਿਆ ਨਗਰ ਕੀਰਤਨ ਹਸਨ ਅਬਦਾਲ ਸ਼ਹਿਰ ਸਥਿਤ ਗੁਰਦੁਆਰਾ ਪੰਜਾ ਸਾਹਿਬ ’ਚ 

ਭਾਰਤ ਤੋਂ ਆਏ 1100 ਤੋਂ ਵੱਧ ਸਿੱਖ ਸ਼ਰਧਾਲੂਆਂ ਨੇ ਗੁਰਦੁਆਰੇ ’ਚ ਇਲਾਹੀ ਬਾਣੀ ਸਰਵਣ ਕਰਨ ਮਗਰੋਂ ਸਰਬੱਤ ਦੇ ਭਲੇ ਦੀ ਅਰਦਾਸ ’ਚ ਸ਼ਮੂਲੀਅਤ ਕੀਤੀ

ਇਸਲਾਮਾਬਾਦ,ਨਵੰਬਰ 2019-(ਏਜੰਸੀ)  

4 ਨਵੰਬਰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਸਜਾਇਆ ਗਿਆ ਨਗਰ ਕੀਰਤਨ ਐਤਵਾਰ ਨੂੰ ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ ਸਥਿਤ ਗੁਰਦੁਆਰਾ ਪੰਜਾ ਸਾਹਿਬ ’ਚ ਪਹੁੰਚਿਆ। ਨਗਰ ਕੀਰਤਨ ਦਾ ਇਥੇ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਪੰਜਾਬ ਸੂਬੇ ’ਚ ਪੈਂਦੇ ਇਸ ਗੁਰਦੁਆਰੇ ਨੂੰ ਵਿਸ਼ੇਸ਼ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਨਗਰ ਕੀਰਤਨ ਨਾਲ ਭਾਰਤ ਤੋਂ ਆਏ 1100 ਤੋਂ ਵੱਧ ਸਿੱਖ ਸ਼ਰਧਾਲੂਆਂ ਨੇ ਗੁਰਦੁਆਰੇ ’ਚ ਇਲਾਹੀ ਬਾਣੀ ਸਰਵਣ ਕਰਨ ਮਗਰੋਂ ਸਰਬੱਤ ਦੇ ਭਲੇ ਦੀ ਅਰਦਾਸ ’ਚ ਸ਼ਮੂਲੀਅਤ ਕੀਤੀ। ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਉਪ ਸਕੱਤਰ ਇਮਰਾਨ ਗੌਂਡਲ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ, ਗੁਰਦੁਆਰਾ ਸੱਦਾ ਸੌਦਾ ਫਰੂਕਾਬਾਦ ਅਤੇ ਹੋਰ ਗੁਰਧਾਮਾਂ ’ਚ ਵੀ ਜਾਵੇਗਾ ਅਤੇ ਇਹ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ’ਚ ਸਮਾਪਤ ਹੋਵੇਗਾ ਜਿਥੇ ਮੰਗਲਵਾਰ ਨੂੰ ਸੋਨੇ ਦੀ ਪਾਲਕੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਰਡ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਲ ਕੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਰਹਿਣ ਦੇ ਉਚੇਚੇ ਪ੍ਰਬੰਧ ਕੀਤੇ ਹਨ। ਨਗਰ ਕੀਰਤਨ 31 ਅਕਤੂਬਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦਾਖ਼ਲ ਹੋਇਆ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਰਧਾਲੂਆਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਨਨਕਾਣਾ ਸਾਹਿਬ ’ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਅਤੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 50 ਰੁਪਏ ਦਾ ਚਾਂਦੀ ਦਾ ਸਿੱਕਾ ਜਾਰੀ ਕਰਨ ਦੇ ਫ਼ੈਸਲੇ ਨੂੰ ਵੀ ਸਲਾਹਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਪਾਕਿਸਤਾਨ ’ਚ ਗੁਰਧਾਮ ਦੀ ਵੀਜ਼ਾ ਮੁਕਤ ਯਾਤਰਾ ਦੀ ਲੰਬੇ ਚਿਰਾਂ ਦੀ ਅਰਦਾਸ ਹੁਣ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ’ਚ ਨਵੀਂ ਇਮਾਰਤ ਉਸਾਰਨ ਲਈ ਵੀ ਸਰਕਾਰ ਦਾ ਧੰਨਵਾਦ ਕੀਤਾ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਸ਼ਾਂਤੀ ਅਤੇ ਮਾਨਵਤਾ ਦੇ ਆਲੇ-ਦੁਆਲੇ ਘੁੰਮਦੀਆਂ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਸਿੱਖਾਂ ਲਈ ਵੱਡਾ ਤੋਹਫ਼ਾ ਹੈ ਅਤੇ ਪਾਕਿਸਤਾਨ ਦੁਨੀਆਂ ਭਰ ਦੇ ਸਿੱਖਾਂ ਲਈ ਦੂਜਾ ਘਰ ਹੈ।