ਸਾਸ਼ਤਰੀ ਹਾਲ, ਬਾਸਕਿਟਬਾਲ ਸਟੇਡੀਅਮ, ਟੇਬਲ ਟੈਨਿਸ ਕੋਰਟ ਵਿੱਚ ਮੌਜੂਦਾ ਸਹੂਲਤਾਂ ਨੂੰ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਕੀਤਾ ਜਾਵੇਗਾ ਅਪਗ੍ਰੇਡ
ਲੁਧਿਆਣਾ, ਨਵੰਬਰ 2019- (ਮਨਜਿੰਦਰ ਗਿੱਲ )-
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਦੱਸਿਆ ਕਿ ਲੁਧਿਆਣਾ ਸਥਿਤ ਗੁਰੂ ਨਾਨਕ ਸਟੇਡੀਅਮ ਵਿੱਚ ਨਵੀਂ ਐਸਟਰੋਟਰਫ਼ ਵਿਛਾਈ ਜਾਵੇਗੀ, ਜਦਕਿ ਇੰਡੋਰ ਸਵਿਮਿੰਗ ਪੂਲ ਦਾ ਕੰਮ ਵੀ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਰੱਖ ਬਾਗ ਸਥਿਤ ਇੰਡੋਰ ਸਵਿਮਿੰਗ ਪੂਲ ਨੂੰ ਚਾਲੂ ਕਰਨ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਦਾ ਕੰਮ ਜਲਦ ਸ਼ੁਰੂ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੁਧਿਆਣਾ ਸਮਾਰਟ ਸਿਟੀ ਨਾਲ ਸੰਬੰਧਤ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਲੁਧਿਆਣਾ ਸਮਾਰਟ ਸਿਟੀ ਦੇ ਸੀ. ਈ. ਓ. ਸੰਯਮ ਅਗਰਵਾਲ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਅਮਰਿੰਦਰ ਸਿੰਘ ਮੱਲੀ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਹੋਰ ਹਾਜ਼ਰ ਸਨ। ਉਨਾਂ ਦੱਸਿਆ ਕਿ ਸ਼ਾਸਤਰੀ ਹਾਲ, ਬਾਸਕਿਟਬਾਲ ਸਟੇਡੀਅਮ, ਟੇਬਲ ਟੈਨਿਸ ਸਟੇਡੀਅਮ ਸਮੇਤ ਸ਼ਹਿਰ ਵਿੱਚ ਮੌਜੂਦਾ ਖੇਡ ਸਹੂਲਤਾਂ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਨਾਲ ਲੱਗਦੇ ਪਿੰਡ ਜੈਨਪੁਰ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਸਪੋਰਟਸ ਪਾਰਕ ਵਿਕਸਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਿੱਧਵਾਂ ਕੈਨਾਲ ਵਾਟਰ ਫਰੰਟ ਪ੍ਰੋਜੈਕਟ ਨਾਲ ਸੰਬੰਧਤ ਦੂਜੇ ਗੇੜ ਦੀ ਡਿਟੇਲਡ ਪ੍ਰੋਜੈਕਟ ਰਿਪੋਰਟ ਤਿਆਰ ਹੈ, ਜਿਸ 'ਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਦੂਜੇ ਗੇੜ ਵਿੱਚ ਜਵੱਦੀ ਪੁੱਲ ਤੋਂ ਲੈ ਕੇ ਦੁੱਗਰੀ ਪੁੱਲ ਤੱਕ ਦੇ ਸਿੱਧਵਾਂ ਕੈਨਾਲ ਦੇ ਕਿਨਾਰਿਆਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਪ੍ਰੋਜੈਕਟ ਦੇ ਪਹਿਲੇ ਗੇੜ ਦਾ ਆਰੰਭ 8 ਸਤੰਬਰ, 2019 ਨੂੰ ਕੀਤਾ ਗਿਆ ਸੀ, ਜੋ ਕਿ ਮੁਕੰਮਲ ਹੋਣ ਵਾਲਾ ਹੈ। ਆਸ਼ੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਤੋਂ ਦੁੱਗਰੀ ਪੁੱਲ ਤੱਕ ਸਿੱਧਵਾਂ ਕੈਨਾਲ ਨਾਲ ਲੱਗਦੇ ਖੇਤਰ ਨੂੰ ਲੋਕਾਂ ਲਈ ਸੈਰਗਾਹ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਪੂਰੇ ਪ੍ਰੋਜੈਕਟ 'ਤੇ 12 ਕਰੋੜ ਰੁਪਏ ਦੀ ਲਾਗਤ ਆਵੇਗੀ। ਦੂਜੇ ਗੇੜ ਤਹਿਤ ਸਿੱਧਵਾਂ ਕੈਨਾਲ ਦੇ ਨਾਲ-ਨਾਲ ਗਰੀਨ ਬੈੱਲਟ, ਸਾਈਕਲ ਟਰੈਕ, ਖੇਡ ਜ਼ੋਨ, ਪੈਦਲ ਰਾਹੀਂਆਂ ਲਈ ਫੁੱਟਪਾਥ, ਬੈਠਣ ਲਈ ਵਿਸ਼ੇਸ਼ ਪ੍ਰਬੰਧ, ਵਾਲ ਕਲਿੰਬਿੰਗ ਆਦਿ ਸਹੂਲਤਾਂ ਵਿਕਸਤ ਕੀਤੀਆਂ ਜਾਣੀਆਂ ਹਨ। ਉਨਾਂ ਕਿਹਾ ਕਿ ਇਹ ਪ੍ਰੋਜੈਕਟ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਦਾ ਹੀ ਹਿੱਸਾ ਹੈ, ਜਿਸ ਤਹਿਤ ਸ਼ਹਿਰ ਨੂੰ ਹਰ ਵਰਗ ਦੇ ਲੋਕਾਂ ਦੇ ਰਹਿਣਯੋਗ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿੱਚ ਵਿਕਸਤ ਕੀਤੀ ਜਾ ਰਹੀ ਲਈਯਰ ਵੈਲੀ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨਾਂ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਇਨਾਂ ਸਾਰੇ ਪ੍ਰੋਜੈਕਟਾਂ ਵਿੱਚ ਦਿਖਾਈ ਕਿਸੇ ਵੀ ਤਰਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੱਖੋਵਾਲ ਸੜਕ ਸਥਿਤ ਰੇਲ ਓਵਰਬ੍ਰਿਜ ਅਤੇ ਅੰਡਰਬ੍ਰਿਜਾਂ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਾਉਣ ਲਈ ਦ੍ਰਿੜ ਵਚਨਬੱਧ ਹੈ। ਉਨਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ।