ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪਿਛਲੇ ਤਿੰਨ ਮਹੀਨਿਆਂ ਵਿੱਚ ਸੂਬੇ ਭਰ ਵਿੱਚ 36 ਲੱਖ 85 ਹਜ਼ਾਰ 818 'ਈ-ਕਾਰਡ' ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲਾ ਲੁਧਿਆਣਾ ਨੇ ਇਸ ਸਮੇਂ ਦੌਰਾਨ 3 ਲੱਖ 69 ਹਜ਼ਾਰ 429 ਕਾਰਡ ਜਾਰੀ ਕਰਕੇ ਸੂਬੇ ਭਰ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਮਹੱਤਵਪੂਰਨ ਯੋਜਨਾ ਅਧੀਨ ਮਰੀਜ਼ਾਂ ਨੂੰ ਹਰ ਤਰਾਂ ਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਦਾ 4133 ਲੋੜਵੰਦ ਮਰੀਜਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ। ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ 2.96 ਕਰੋੜ ਰੁਪਏ ਦੇ ਸਿਹਤ ਲਾਭ ਮਰੀਜ਼ਾਂ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸ ਯੋਜਨਾ ਦੀ ਸਮੀਖਿਆ ਕਰਦਿਆਂ ਅਗਰਵਾਲ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਵੱਡੀ ਗਿਣਤੀ ਮਰੀਜ਼ ਹਸਪਤਾਲਾਂ ਵਿੱਚ ਪਹੁੰਚ ਰਹੇ ਹਨ। ਇਸੇ ਦਿਸ਼ਾ ਵਿੱਚ ਕਾਮਨ ਸਰਵਿਸ ਸੈਂਟਰਾਂ ਅਤੇ ਹਸਪਤਾਲਾਂ ਨੂੰ 'ਈ-ਕਾਰਡ' ਜਾਰੀ ਕਰਨ ਦੀ ਪ੍ਰਕਿਰਿਆ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ਜਾ ਚੁੱਕੀ ਹੈ। ਅਗਰਵਾਲ ਨੇ ਦੱਸਿਆ ਕਿ ਕਿਸੇ ਮਰੀਜ਼ ਨੂੰ ਇਸ ਯੋਜਨਾ ਦਾ ਯੋਗ ਲਾਭਪਾਤਰੀ ਉਸ ਵੇਲੇ ਸਮਝਿਆ ਜਾਵੇਗਾ, ਜਦੋਂ ਉਸ ਨੂੰ 'ਈ-ਕਾਰਡ' ਜਾਰੀ ਹੋ ਜਾਵੇਗਾ। ਇਸ ਕੰਮ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ 'ਈ-ਕਾਰਡ' ਜਾਰੀ ਕਰਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਕਾਰਡ ਕਾਮਨ ਸਰਵਿਸ ਸੈਂਟਰਾਂ ਅਤੇ ਹਸਪਤਾਲਾਂ ਤੋਂ ਜਾਰੀ ਕਰਵਾਏ ਜਾ ਸਕਦੇ ਹਨ। ਉਨਂ ਕਿਹਾ ਕਿ ਇਸ ਸੰਬੰਧੀ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਲਾਭ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਅਗਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਉਨਾਂ ਦੇ ਦਰਾਂ 'ਤੇ ਮੁਹੱਈਆ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਲਈ ਸਰਕਾਰ ਵੱਲੋਂ 203 ਸਰਕਾਰੀ ਹਸਪਤਾਲਾਂ ਅਤੇ 432 ਨਿੱਜੀ ਹਸਪਤਾਲਾਂ ਨੂੰ ਇਸ ਯੋਜਨਾ ਅਧੀਨ ਇੰਪੈਨਲ ਕੀਤਾ ਹੋਇਆ ਹੈ। ਉਨਾਂ ਯੋਗ ਵਿਅਕਤੀਆਂ ਨੂੰ ਇਸ ਯੋਜਨਾ ਅਧੀਨ 'ਈ-ਕਾਰਡ' ਜਾਰੀ ਕਰਾਉਣ ਅਤੇ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।