You are here

ਪਿੰਡ ਬੈਂਸ ਵਾਸੀਆਂ ਵੱਲੋਂ ‘ਪਿੰਡ ਨੂੰ ਪਰਾਲੀ ਸਾੜਨ ਤੋਂ ਮੁਕਤ’ ਕਰਨ ਦਾ ਦਾਅਵਾ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਗੁਲਾਬ ਦੇ ਪੌਦਿਆਂ ਨਾਲ ਸਨਮਾਨ
ਲੁਧਿਆਣਾ, ਨਵੰਬਰ 2019- (ਮਨਜਿੰਦਰ ਗਿੱਲ )-

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਨਾ ਸਾੜਨ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਉਸ ਵੇਲੇ ਬਹੁਤ ਬਲ਼ ਮਿਲਿਆ ਜਦੋਂ ਪਿੰਡ ਬੈਂਸ ਵਾਸੀਆਂ ਨੇ ਆਪਣੇ ਪਿੰਡ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦਾ ਦਾਅਵਾ ਕੀਤਾ। ਇਸ ਸੰਬੰਧੀ ਇੱਕ ਵਿਸ਼ੇਸ਼ ਸ਼ੁਕਰਾਨਾ ਸਮਾਗਮ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿੱਚ ਪਰਾਲੀ ਨਾ ਸਾੜਨ ਵਾਲੇ ਸਾਰੇ ਕਿਸਾਨਾਂ ਦਾ ਗੁਲਾਬ ਦੇ ਪੌਦਿਆਂ ਨਾਲ ਸਨਮਾਨ ਕੀਤਾ ਗਿਆ। ਇਹ ਬਦਲਾਅ ਲਿਆਉਣ ਵਿੱਚ ਪਿੰਡ ਦੇ ਨੌਜਵਾਨਾਂ ਦਾ ਖਾਸ ਸਹਿਯੋਗ ਰਿਹਾ। ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾੳੂਂਡੇਸ਼ਨ ਜਲਾਲਦੀਵਾਲ ਵੱਲੋਂ ਡਾ. ਹਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਅਤੇ ਪ੍ਰਸਿੱਧ ਪੱਤਰਕਾਰ ਬਲਤੇਜ ਸਿੰਘ ਪੰਨੂੰ ਨੇ ਹਿੱਸਾ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਤੋਂ ਇਲਾਵਾ ਬਲਾਕ ਖੇਤੀਬਾੜੀ ਅਫ਼ਸਰ ਹਰਮਿੰਦਰ ਸਿੰਘ ਛੀਨਾ, ਜਗਜੀਤ ਸਿੰਘ, ਪਲਵਿੰਦਰ ਸਿੰਘ, ਸੰਦੀਪ ਸਿੰਘ, ਸਰਪੰਚ ਕਾਹਨ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਸੋਨੀ, ਜੱਸਾ ਸਿੰਘ ਆਦਿ ਹਾਜ਼ਰ ਸਨ। ਡਾ. ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਿੰਡ ਦੀ ਕੁੱਲ ਆਬਾਦੀ 2400 ਅਤੇ ਵੋਟਰਾਂ ਦੀ ਗਿਣਤੀ ਕਰੀਬ 1200 ਹੈ। ਪਿੰਡ ਵਾਸੀਆਂ ਨੇ ਖੁਦ ਆਪਣੇ ਪਿੰਡ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦਾ ਦਾਅਵਾ ਕਰਦਿਆਂ ਪਿੰਡ ਦੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਨੂੰ ਪਰਾਲੀ ਨੂੰ ਸਾੜਨ ਤੋਂ ਮੁਕਤ ਕਰਨ ਦੀ ਦਿਸ਼ਾ ਵਿੱਚ ਨੌਜਵਾਨਾਂ ਵੱਲੋਂ ਅਣਥੱਕ ਸਹਿਯੋਗ ਦਿੱਤਾ ਗਿਆ, ਜਦਕਿ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾੳੂਂਡੇਸ਼ਨ ਜਲਾਲਦੀਵਾਲ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਹੋਰ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਮੌਕੇ ਉਕਤ ਤੋਂ ਇਲਾਵਾ ਫਾੳਡੇਸ਼ਨ ਦੇ ਮੋਹਰੀ ਆਗੂ ਤੋਤਾ ਸਿੰਘ ਦੀਨਾ ਨੇ ਵੀ ਸੰਬੋਧਨ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਧਰਤੀ ਦੇ ਵਾਤਾਵਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਮਨੁੱਖ ਦਾ ਹੈ, ਕਿਉਂਕਿ ਅਸੀਂ ਆਪਣੇ ਨਿਜੀ ਹਿੱਤਾਂ ਦੀ ਖਾਤਿਰ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਕੇ ਅਨੇਕਾਂ ਜ਼ਿੰਦਗੀਆਂ ਨੂੰ ਦਾਅ ’ਤੇ ਲਗਾ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਇਸ ਗੰਭੀਰ ਹੋ ਰਹੀ ਸਮੱਸਿਆ ’ਤੇ ਛੇਤੀ ਕਾਬੂ ਨਾ ਪਾਇਆ ਤਾਂ ਆਉਣ ਵਾਲਾ ਸਮਾਂ ਮਨੁੱਖੀ ਜ਼ਿੰਦਗੀਆਂ ਲਈ ਘਾਤਕ ਹੋਵੇਗਾ। ਇਸ ਮੌਕੇ ਉਨ੍ਹਾਂ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੰੂ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਭਰਪੂਰ ਫਾਇਦਾ ਉਠਾਉਣ ਅਤੇ ਮਸ਼ੀਨਰੀ ਦਾ ਸਹੀ ਪ੍ਰਯੋਗ ਕਰਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਖਪਾਉਣ, ਜਿਸ ਨਾਲ ਇਕ ਤਾਂ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚੇਗਾ ਅਤੇ ਧਰਤੀ ਦੀ ਉਪਜਾੳੂ ਸ਼ਕਤੀ ਵੀ ਬਰਕਰਾਰ ਰਹੇਗੀ।