ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਿਸੇਸ ਤੋਰ ਤੇ ਪਹੁੰਚੇ
ਬਰਮਿੰਘਮ,ਨਵੰਬਰ 2019-(ਗਿਆਨੀ ਅਮਰੀਕ ਸਿੰਘ ਰਾਠੌਰ/ਗਿਆਨੀ ਰਵਿਦਾਰਪਾਲ ਸਿੰਘ)-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਗਲੈਂਡ ਦੇ ਸ਼ਹਿਰ ਬਰਮਿੰਘਮ 'ਚ ਭਾਰਤੀ ਹਾਈ ਕਮਿਸ਼ਨਰ ਲੰਡਨ ਵਲੋਂ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਮੌਜੂਦ ਹਜ਼ਾਰਾਂ ਦੀ ਤਾਦਾਦ 'ਚ ਸਿੱਖ ਭਾਈਚਾਰੇ ਸਮੇਤ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਨੂੰ ਭਾਰਤ ਸਰਕਾਰ ਵਲੋਂ ਉਚੇਚੇ ਤੌਰ 'ਤੇ ਆਏ ਮੈਂਬਰ ਪਾਰਲੀਮੈਂਟ ਅਤੇ ਪ੍ਰਸਿੱਧ ਸੂਫ਼ੀ ਗਾਇਕ ਹੰਸ ਰਾਜ ਹੰਸ ਨੇ ਆਪਣੀ ਮਿੱਠੀ ਆਵਾਜ਼ 'ਚ ਸਬਦ ਗਾਈਨ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਪੰਜਾਬ ਦੇ ਦਿਨ-ਬ-ਦਿਨ ਪਾਣੀ ਦਾ ਪੱਧਰ ਹੇਠਾਂ ਜਾਣ 'ਤੇ ਚਿੰਤਾ ਪ੍ਰਗਟ ਕੀਤੀ,ਗੁਰੂ ਨਾਨਕ ਦੇਵ ਜੀ ਦੇ ‘ਪਰਮਾਤਮਾ ਇੱਕ ਹੈ’ ਦੇ ਫ਼ਲਸਫ਼ੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਭਵਿੱਖ ਸੁਰੱਖਿਅਤ ਕਰਨ ਅਤੇ ਪੰਜਾਬ ਤੇ ਇਸ ਦੇ ਲੋਕਾਂ ਦੇ ਵਿਕਾਸ ਲਈ ਧਰਮਾਂ-ਜਾਤਾਂ ਦੇ ਵਖ਼ਰੇਵਿਆਂ ਤੋਂ ਉਪਰ ਉੱਠਣ ਦੀ ਲੋੜ ’ਤੇ ਜ਼ੋਰ ਦਿੱਤਾ। ਪ੍ਰਦੂਸ਼ਣ ਅਤੇ ਪਾਣੀ ਦੀ ਘਾਟ ਵਰਗੀਆਂ ਵਿਸ਼ਵ-ਵਿਆਪੀ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਜੋ 550 ਸਾਲ ਪਹਿਲਾਂ ਸੰਕੇਤ ਦਿੱਤਾ ਸੀ, ਉਹ ਹੁਣ ਅਮਲੀ ਰੂਪ ਵਿਚ ਹੋ ਰਿਹਾ ਹੈ। ਗੁਰੂ ਸਾਹਿਬ ਨੇ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਾਂਝੇ ਉੱਦਮਾਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਸੀ।ਉਨ੍ਹਾਂ ਪਰਵਾਸੀ ਨੂੰ ਅਪੀਲ ਕੀਤੀ ਕੀ ਉਹ ਪਿਛੋਕੜ ਨੂੰ ਯਾਦ ਰੱਖਣ ਅਤੇ ਪੰਜਾਬ ਦੀ ਤਰੱਕੀ ਲਈ ਹਰ ਢੰਗ ਨਾਲ ਯੋਗਦਾਨ ਦੇਣ। ਮੁੱਖ ਮੰਤਰੀ ਨੇ ਬਰਤਾਨੀਆ ਵਿਚਲੇ ਭਾਰਤੀਆਂ ਨੂੰ 5-6 ਦਸੰਬਰ ਨੂੰ ਮੁਹਾਲੀ ਵਿਖੇ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ਲਈ ਸੱਦਾ ਦਿੱਤਾ ਤਾਂ ਜੋ ਆਰਥਿਕ ਤਰੱਕੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸੂਬੇ ਨੂੰ ਖੇਤੀਬਾੜੀ ਤੋਂ ਉਦਯੋਗਾਂ ਵੱਲ ਲਿਜਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ। ਉੱਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਤਾਏ, ਜੋ ਕਿ ਇਕ ਕ੍ਰਿਕਟਰ ਸਨ, ਨਾਲ ਆਪਣੀ ਨੇੜਤਾ ਜ਼ਾਹਿਰ ਕਰਦਿਆ ਇਮਰਾਨ ਖਾਨ ਨਾਲ ਆਪਣੀ ਨੇੜਤਾ ਵਾਰੇ ਦਸਿਆ ਅਤੇ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਗਾ ਖੋਲਣ ਦੀ ਤਰੀਫ ਕੀਤੀ। ਸਮਾਗਮ ਦੌਰਾਨ ਭਾਰਤੀ ਹਾਈ ਕਮਿਸ਼ਨਰ ਰੁਚੀ ਘਨਸ਼ਾਮ ਅਤੇ ਭਾਰਤੀ ਕੌਂਸਲ ਜਨਰਲ ਬਰਮਿੰਘਮ ਡਾ. ਅਮਨ ਪੁਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਮਾਗਮ 'ਚ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਸਿਟੀ ਕੌਂਸਲਾਂ ਦੇ ਮੇਅਰ, ਕੌਂਸਲਰ ਅਤੇ ਹੋਰ ਆਗੂਆਂ ਸਮੇਤ ਬਰਤਾਨਵੀ ਪੁਲਿਸ ਅਤੇ ਬਰਤਾਨਵੀ ਫ਼ੌਜ ਦੇ ਉੱਚ ਅਧਿਕਾਰੀਆਂ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਪੀਟਰ ਵਿਰਦੀ, ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਰੇਸ਼ਮ ਸਿੰਘ ਸੰਧੂ, ਹਰਜਿੰਦਰ ਸਿੰਘ ਹੇਅਰ, ਫੈਡਰੇਸ਼ਨ ਆਫ ਮੁਸਲਿਮ ਦੇ ਚੇਅਰਮੈਨ ਅਬਦੁਲ ਕਰੀਮ, ਅਮਰਜੀਤ ਸਿੰਘ ਭੌਰ, ਭਾਈ ਅਵਤਾਰ ਸਿੰਘ, ਡਾ. ਸਾਧੂ ਸਿੰਘ ਸਮੇਤ ਵੱਡੀ ਗਿਣਤੀ 'ਚ ਇੰਗਲੈਂਡ ਦੇ ਲੋਕ ਹਾਜ਼ਰ ਸਨ।