ਵਿਦੇਸ਼ਾਂ 'ਚ ਸਿੱਖ ਮਸਲਿਆਂ ਦੇ ਹੱਲ ਲਈ ਬਣੇਗਾ ਸਲਾਹਕਾਰ ਬੋਰਡ
ਅੰਮ੍ਰਿਤਸਰ,ਨਵੰਬਰ 2019- ( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )-
ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰ ਪਹਿਲਾਂ ਚੋਣਾਂ ਵੇਲੇ ਲਗਭਗ 70 ਲੱਖ ਵੋਟਾਂ ਵਿੱਚੋਂ ਵੋਟਾਂ ਰਾਹੀਂ 170 ਮੈਂਬਰ ਚੁੱਣ ਕੇ ਆਉਦੇ ਹਨ। ਫਿਰ ਪੰਦਰਾਂ ਮੈਬਰ ਕੋਆਪਸਨ ਰਾਹੀ ਚੁੱਣੇ ਜਾਂਦੇ ਹਨ। ਫਿਰ ਸਾਰੇ ਮੈਂਬਰਾਂ ਵਿੱਚੋਂ ਹਰ ਸਾਲ ਪ੍ਰਧਾਨ ਸਮੇਤ 15 ਮੈਂਬਰੀ ਨਵੀ ਕਮੇਟੀ ਪ੍ਰਬੰਧਾਂ ਲਈ ਬਣਾਈ ਜਾਂਦੀ ਹੈ।
ਇਸ ਬਾਰ ਨਵੇਂ ਸੇਵਾਦਾਰ ਸਾਹਿਬਾਨ ਪੜੇ ਲਿਖੇ ਹਨ ਜਿਵੇਂ ਭਾਈ ਗੋਬਿੰਦ ਸਿੰਘ ਜੀ ਲੋਗੋਵਾਲ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਸ.ਰਾਜਿੰਦਰ ਸਿੰਘ ਮਹਿਤਾ ਦੋਨੋ ਐਮ ਏ ਪੰਜਾਬੀ, ਜਨਰਲ ਸੈਕਟਰੀ ਸ.ਹਰਜਿੰਦਰ ਸਿੰਘ ਧਾਮੀ ਬੀ.ਏ.-ਐਲ.ਐਲ.ਬੀ.ਅਤੇ ਬਾਕੀਆਂ ਚੋਂ ਤਿੰਨ ਬੀ.ਏ. ਪੜੇ ਹਨ ਅਤੇ ਬਾਕੀ ਹਾਇੱਰ ਸੈਕਡਰੀ ਤੇ ਮੈਟ੍ਰਿਕ ਤੱਕ ਪੜੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਕੁਝ ਵਿਸ਼ੇਸ਼ ਮਤੇ ਵੀ ਪਾਸ ਕੀਤੇ ਗਏ, ਜਿਨ੍ਹਾਂ 'ਚ ਪੰਜਾਬੀ ਮਾਂ-ਬੋਲੀ ਦੇ ਸਤਿਕਾਰ ਲਈ ਮਤਾ, ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਅਤੇ 550ਵੇਂ ਪ੍ਰਕਾਸ਼ ਪੁਰਬ ਲਈ ਧੰਨਵਾਦੀ ਮਤਾ, ਕਾਲੀ ਸੂਚੀ ਖਤਮ ਕਰਨ ਤੇ ਵਿਦੇਸ਼ਾਂ 'ਚ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ ਆਦਿ ਸਬੰਧੀ ਮਤੇ ਸ਼ਾਮਿਲ ਹਨ। ਪੰਜਾਬੀ ਮਾਂ-ਬੋਲੀ ਸਬੰਧੀ ਪਾਸ ਮਤੇ 'ਚ ਪੰਜਾਬੀ ਨੂੰ ਸਨਮਾਨਯੋਗ ਰੁਤਬਾ ਦੇਣ ਦੀ ਮੰਗ ਕੀਤੀ ਗਈ।
550ਵੇਂ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ਤੇ ਮਨਾਉਣ ਲਈ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ, ਨਾਲ ਹੀ ਭਾਰਤ ਸਰਕਾਰ ਵੱਲੋਂ , ਸਿੱਕੇ ਜਾਰੀ ਕਰਨ ਲਈ ਅਤੇ ਸਮਾਗਮ ਕਰਵਾਉਣ ਲੀ ਅਤੇ ਲਗਭਗ 90 ਦੇ ਰਾਜਦੂਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲੀ ਧੰਨਵਾਦ ਕੀਤਾ ਗਿਆ।
ਇਕ ਹੋਰ ਮਤੇ ਵਿਚ ਮੌਕੇ ਅੰਗਰੇਜ਼ੀ ਵਿਚ ਸਨਮਾਨ ਪੱਤਰ ਦੇਣ ਦੀ ਨਿਖੇਧੀ ਕੀਤੀ ਗਈ। ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ ਕੰਮ-ਕਾਜ ਪੰਜਾਬੀ ਭਾਸ਼ਾ 'ਚ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਮਤੇ ਰਾਹੀਂ ਭਾਰਤ ਸਰਕਾਰ ਤੋਂ ਵੀ ਮੰਗ ਕੀਤੀ ਗਈ ਕਿ ਪੰਜਾਬ ਨਾਲ ਲੱਗਦੇ ਹਰਿਆਣਾ, ਹਿਮਾਚਲ ਤੇ ਦਿੱਲੀ ਸਮੇਤ ਹੋਰ ਪੰਜਾਬੀ ਵਸੋਂ ਵਾਲੇ ਸੂਬਿਆਂ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।
ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਦੇ ਨਾਲ ਹੀ ਗੁਰਪੁਰਵਾਸੀ ਕੁਲਦੀਪ ਸਿੰਘ ਵਡਾਲਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਲਈ ਪ੍ਰਕਿਰਿਆ ਸਰਲ ਬਣਾਉਣ ਦੀ ਵੀ ਅਪੀਲ ਕੀਤੀ ਗਈ।
ਇਕ ਹੋਰ ਮਤੇ ਰਾਹੀਂ ਦੇਸ਼ ਦੀਆਂ ਵੱਖ-ਵੱਖ ਜੇਲਾਂ 'ਚ ਲੰਮੇ ਸਮੇਂ ਤੋਂ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਭਾਰਤ ਸਰਕਾਰ ਵਲੋਂ ਕੀਤੇ ਗਏ ਫੈਸਲੇ ਦਾ ਧੰਨਵਾਦ ਕੀਤਾ ਗਿਆ ਅਤੇ ਬਾਕੀ ਸਿੱਖਾਂ ਦੀ ਰਿਹਾਈ ਦੀ ਵੀ ਮੰਗੀ ਗਈ।
ਹਰਿਦੁਆਰ, ਸਿੱਕਮ ਇਕ ਵਿਸ਼ੇਸ਼ ਮਤੇ 'ਚ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਹਰਿ ਕੀ ਪਉੜੀ ਹਰਿਦੁਆਰ, ਗੁ. ਡਾਂਗਮਾਰ ਤੇ ਚੁੰਗਥਾਂਗ (ਸਿੱਕਮ), ਗੁਰਦੁਆਰਾ ਬਾਵਲੀ ਮੱਠ, ਮੰਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ ਓਡਿਸ਼ਾ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦੇਣ ਦੀ ਮੰਗ ਕੀਤੀ ਗਈ। ਪੰਜਾਬ ਸਰਕਾਰ ਪਾਸੋਂ ਖਾਣ-ਪੀਣ ਵਾਲੀਆਂ ਵਸਤਾਂ ਵਿਚ ਮਿਲਾਵਟਖੋਰੀ ਖਿਲਾਫ ਸਖ਼ਤ ਕਾਨੂੰਨ ਦੀ ਮੰਗ ਕਰਦਿਆਂ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ ਗਈ। ਇਕ ਵਿਸ਼ੇਸ਼ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਨੂੰ ਦਿੱਤੀ ਗਈ 16 ਏਕੜ 14 ਮਰਲੇ ਜ਼ਮੀਨ ਸਬੰਧੀ ਵੱਖ-ਵੱਖ ਮਤਿਆਂ ਨੂੰ ਰੱਦ ਕਰਦਿਆਂ ਸਿੱਖ ਐਜੂਕੇਸ਼ਨ ਸੋਸਾਇਟੀ ਪਾਸੋਂ ਜ਼ਮੀਨ ਪ੍ਰਾਪਤੀ ਲਈ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ।
ਜੂਨ ਅਤੇ ਨਵੰਬਰ 1984 'ਚ ਸਿੱਖ ਕਤਲੇਆਮ ਦੀ ਨਿੰਦਾ ਕਰਦਿਆਂ ਦਿੱਲੀ, ਕਾਨਪੁਰ, ਬੁਕਾਰੋ ਅਤੇ ਸ਼ਹਿਰਾਂ ਵਿਚ ਕੇਂਦਰ ਸਰਕਾਰ ਦੀ ਸ਼ਹਿ 'ਤੇ ਸਿੱਖਾਂ ਦੇ ਕਤਲੇਆਮ ਲਈ ਦੋਸ਼ੀਆਂ ਨੂੰ 35 ਸਾਲਾਂ ਦਾ ਸਮਾਂ ਬੀਤਣ 'ਤੇ ਵੀ ਸਜ਼ਾਵਾਂ ਨਾ ਮਿਲਣ ਦਾ ਜ਼ਿਕਰ ਕਰਦਿਆਂ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਸੋਸ਼ਲ ਮੀਡੀਆ 'ਤੇ ਆਏ ਦਿਨ ਗੁਰੂ ਸਾਹਿਬਾਨ, ਸਿੱਖ ਯੋਧਿਆਂ ਤੇ ਸਿੱਖ ਇਤਿਹਾਸ ਸਬੰਧੀ ਵਿਵਾਦਤ ਪੋਸਟਾਂ 'ਤੇ ਸਖ਼ਤੀ ਨਾਲ ਰੋਕ ਲਾਉਣ ਦੀ ਵੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ। ਇਸ ਸਬੰਧੀ ਵੱਖਰਾ ਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਦੀ ਅਪੀਲ ਕਰਦਿਆਂ ਸੰਸਦ 'ਚ ਸਿੱਖ ਸੰਸਦ ਮੈਂਬਰਾਂ ਨੂੰ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਵੀ ਅਪੀਲ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ 'ਚ ਵੱਖ-ਵੱਖ ਦੇਸ਼ਾਂ 'ਚ ਵੱਸਦੇ ਸਿੱਖਾਂ ਨਾਲ ਸਬੰਧਤ ਮਸਲਿਆਂ ਅਤੇ ਸਿੱਖ ਪਛਾਣ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਦੇਸ਼ਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ 51 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਲਈ ਵੀ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ।
ਸਦੀ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਦਾਇਰਾ ਵਧਾਉਣ ਦਾ ਫ਼ੈਸਲਾ
ਸ਼੍ਰੋਮਣੀ ਕਮੇਟੀ ਨੇ ਲਗਪਗ ਸੌ ਸਾਲਾਂ ਬਾਅਦ ਸੰਸਥਾ ਦਾ ਘੇਰਾ ਵਿਦੇਸ਼ ਤੱਕ ਫੈਲਾਉਣ ਲਈ ਯਤਨ ਕਰਨ ਦਾ ਫ਼ੈਸਲਾ ਲਿਆ ਹੈ ਤਾਂ ਜੋ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਉਨ੍ਹਾਂ ਦੇ ਸਹਿਯੋਗ ਨਾਲ ਠੋਸ ਉਪਰਾਲੇ ਕੀਤੇ ਜਾ ਸਕਣ। ਸ਼੍ਰੋਮਣੀ ਕਮੇਟੀ ਇਸ ਸਬੰਧੀ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦਾ 51 ਮੈਂਬਰੀ ਬੋਰਡ ਬਣਾਏਗੀ। ਇਸ ਸਬੰਧੀ ਅੱਜ ਇੱਥੇ ਜਨਰਲ ਇਜਲਾਸ ਦੌਰਾਨ ਮਤਾ ਪਾਸ ਕੀਤਾ ਗਿਆ ਹੈ।
ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਇਸ ਵੇਲੇ ਪਛਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਕਕਾਰਾਂ ਦੀ ਪਛਾਣ ਕਰਾਉਣਾ ਵੀ ਵੱਡਾ ਮਸਲਾ ਹੈ। ਸਿੱਖਾਂ ’ਤੇ ਹੋ ਰਹੇ ਨਫ਼ਰਤੀ ਹਮਲੇ ਵੀ ਸਮੁੱਚੇ ਸਿੱਖ ਜਗਤ ਲਈ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਵੱਖ ਵੱਖ ਦੇਸ਼ਾਂ ਵਿਚੋਂ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦਾ 51 ਮੈਂਬਰੀ ਸਲਾਹਕਾਰ ਬੋਰਡ ਕਾਇਮ ਕਰਨ ਦੇ ਫ਼ੈਸਲੇ ਨੂੰ ਜਨਰਲ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਇਸ ਬੋਰਡ ਦਾ ਮੁਖੀ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹੋਵੇਗਾ ਅਤੇ ਬੋਰਡ ਦੀਆਂ ਸਾਲ ਵਿਚ ਘੱਟੋ ਘੱਟ ਦੋ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿਚ ਵਿਦੇਸ਼ ਵਿਚ ਵੱਸਦੇ ਸਿੱਖਾਂ ਨੂੰ ਪੇਸ਼ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ।