ਲੁਧਿਆਣਾ, 27 ਫਰਵਰੀ ਗਰੈਂਡ ਮੈਨਰ ਹੋਮ ਮਾਮਲੇ ’ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਅੱਜ ਆਮ ਆਦਮੀ ਪਾਰਟੀ ਵੱਲੋਂ ਜ਼ੋਨ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਧਰਨੇ ਤੋਂ ਬਾਅਦ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਇੱਕ ਮੰਗ ਪੱਤਰ ਭੇਜਿਆ, ਜਿਸ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੰਤਰੀ ਮੰਡਲ ’ਚੋਂ ਬਾਹਰ ਕਰਨ ਤੇ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਰਹੇ ਕਮਲਜੀਤ ਸਿੰਘ ਕੜਵਲ ਸਮੇਤ ਤਿੰਨ ਉੱਚ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਗਰੇਵਾਲ ਨੇ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪੰਜਾਬ ਤੇ ਦੇਸ਼ ਦੀ ਜਨਤਾ ਨਾਲ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਮੰਤਰੀ ਆਸ਼ੂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਸਾਥੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸ੍ਰੀ ਸੇਂਖੋਂ ਨੇ ਕਿਹਾ ਕਿ ਘੁਟਾਲੇ ਦਾ ਪਰਦਾਫਾਸ਼ ਹੋਣ ਦੇ ਏਨੇ ਦਿਨਾਂ ਬਾਅਦ ਵੀ ਕੋਈ ਕਾਰਵਾਈ ਨਾ ਕਰਨਾ ਕਾਂਗਰਸ ਸਰਕਾਰ ਦੀ ਪੋਲ ਖੋਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਹੋ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਗਲਤ ਮੰਤਰੀ ਦਾ ਸਾਥ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਦੋਸ਼ੀ ਪਾਏ ਜਾਣ ਵਾਲੇ ਮੰਤਰੀ ਤੋਂ ਲੈ ਕੇ ਸੰਤਰੀ ਤੱਕ ਸਭ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਪਰ ਕਈ ਦਿਨ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ, ਜਿਸ ਤੋਂ ਕਾਂਗਰਸ ਦੀ ਅਸਲੀਅਤ ਸਾਹਮਣੇ ਦਿਖ ਰਹੀ ਹੈ। ਪੁਲੀਸ ਦੇ ਇਕ ਅਧਿਕਾਰੀ ਨੇ ਇਸ ਸਬੰਧੀ ਜੇਕਰ ਸਹੀ ਰਿਪੋਰਟ ਬਣਾ ਦਿੱਤੀ ਤਾਂ ਉਸ ਨੂੰ ਫੋਨ ’ਤੇ ਸ਼ਰੇਆਮ ਧਮਕੀਆਂ ਦੇ ਰਹੇ ਹਨ। ਇਸ ਮੌਕੇ ਅਹਿਬਾਬ ਸਿੰਘ ਗਰੇਵਾਲ, ਸਰੁੇਸ਼ ਗੋਇਲ ਰਣਜੀਤ ਸਿੰਘ ਧਮੋਟ, ਹਰਨੇਕ ਸੇਖੋਂ, ਅਮਨ ਮੋਹੀ, ਰਵਿੰਦਰਪਾਲ ਸਿੰਘ ਪਾਲੀ, ਜੀਵਨ ਸਿੰਘ, ਪੁਨੀਤ ਸਾਹਨੀ ਸਮੇਤ ਕਈ ਆਗੂ ਮੌਜੂਦ ਸਨ।