ਜਗਰਾਓਂ/ਲੁਧਿਆਣਾ,ਦਸੰਬਰ 2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-
ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਅਮਰੀਕ ਸਿੰਘ ਢਿੱਲੋਂ, ਰਾਣਾ ਗੁਰਜੀਤ ਸਿੰਘ, ਗੁਰਕੀਰਤ ਸਿੰਘ ਕੋਟਲੀ, ਕੁਲਦੀਪ ਸਿੰਘ ਵੈਦ, ਲਖਬੀਰ ਸਿੰਘ ਲੱਖਾ (ਸਾਰੇ ਵਿਧਾਇਕ), ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਚੇਅਰਮੈਨ ਸ੍ਰੀ ਪਵਨ ਦੀਵਾਨ, ਚੇਅਰਮੈਨ ਸ੍ਰੀ ਕੇ. ਕੇ. ਬਾਵਾ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਡਾ. ਤੇਜਿੰਦਰ ਸਿੰਘ, ਮੇਜਰ ਸਿੰਘ ਭੈਣੀ, ਪ੍ਰੋਫੈਸਰ ਗੁਰਭਜਨ ਸਿੰਘ ਗਿੱਲ, ਟੀ. ਪੀ. ਐੱਸ. ਸੰਧੂ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਦਾਖਾ ਨੇ ਕਿਹਾ ਉਹ ਆਪਣੀ ਇਹ ਨਵੀਂ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨਾਂ ਨੇ ਉਨਾਂ ਵਿੱਚ ਇਹ ਭਰੋਸਾ ਪ੍ਰਗਟ ਕੀਤਾ ਹੈ। ਉਨਾਂ ਕਿਹਾ ਕਿ ਜ਼ਿਲਾ ਯੋਜਨਾ ਬੋਰਡ ਵੱਲੋਂ ਜ਼ਿਲਾ ਲੁਧਿਆਣਾ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।