You are here

11 ਤੋਂ 17 ਜਨਵਰੀ ਤੱਕ ਮਨਾਇਆ ਜਾਵੇਗਾ ਟ੍ਰੈਫਿਕ ਜਾਗਰੂਕਤਾ ਹਫ਼ਤਾ

ਸ਼ਹਿਰ ਚ ਵਿਕਾਸ ਕਾਰਜਾਂ ਦੇ ਚੱਲਦਿਆਂ ਕੈਬਨਿਟ ਮੰਤਰੀ ਨੇ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਟ੍ਰੈਫਿਕ ਮੈਨੇਜਮੈਂਟ ਪਲਾਨ ਤਿਆਰ ਕਰਨ ਨੂੰ ਕਿਹਾ
ਲੁਧਿਆਣਾ, ਜਨਵਰੀ 2020-(ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਸ਼ਹਿਰ ਵਿੱਚ ਵਿਕਾਸ ਕਾਰਜਾਂ ਦੇ ਚੱਲਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟ੍ਰੈਫਿਕ ਪੁਲਿਸ ਲੁਧਿਆਣਾ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਗਾਮੀ ਦਿਨਾਂ ਦੌਰਾਨ ਇਨਾਂ ਵਿਕਾਸ ਕਾਰਜਾਂ ਵਿੱਚ ਆਉਣ ਵਾਲੀ ਤੇਜ਼ੀ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੈਫਿਕ ਪਲਾਨ ਤਿਆਰ ਕਰਨ ਤਾਂ ਜੋ ਲੋਕਾਂ ਨੂੰ ਆਵਾਜਾਈ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਨਾਂ ਕਿਹਾ ਕਿ ਉਨਾਂ ਨੂੰ ਸ਼ਹਿਰ ਵਿੱਚ ਆਵਾਜਾਈ ਸਮੱਸਿਆ ਨਾਲ ਸੰਬੰਧਤ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ। ਜਿਸ ਕਰਕੇ ਦੋਵਾਂ ਵਿਭਾਗਾਂ ਨੂੰ ਇਸ ਸੰਬੰਧੀ ਜਲਦ ਤੋਂ ਜਲਦ ਪਲਾਨ ਤਿਆਰ ਕਰਨਾ ਚਾਹੀਦਾ ਹੈ। ਸਥਾਨਕ ਪੁਲਿਸ ਲਾਈਨ ਵਿਖੇ ਹੋਈ ਇਸ ਮੀਟਿੰਗ ਵਿੱਚ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਕਮਿਸ਼ਨਰ ਪੁਲਿਸ ਰਾਕੇਸ਼ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਰਾਹੁਲ ਵਰਮਾ ਅਤੇ ਹੋਰ ਵੀ ਹਾਜ਼ਰ ਸਨ। ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਵਾਸੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਅਸੀਂ ਸਾਰੇ ਹੀ ਜਾਣਦੇ ਹਾਂ ਕਿ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਸ਼ਹਿਰ ਵਿੱਚ ਫਿਰੋਜ਼ਪੁਰ ਸੜਕ 'ਤੇ ਐਲੀਵੇਟਿਡ ਸੜਕ ਦਾ ਕੰਮ ਜ਼ੋਰਾਂ 'ਤੇ ਜਾਰੀ ਹੈ। ਪੱਖੋਵਾਲ ਸੜਕ ਸਥਿਤ ਰੇਲਵੇ ਓਵਰਬ੍ਰਿਜ ਅਤੇ ਅੰਡਰਬ੍ਰਿਜ ਦਾ ਕੰਮ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਤਰਾਂ ਰੋਟਰੀ ਕਲੱਬ ਸੜਕ ਨੂੰ ਵੀ ਜਲਦ ਹੀ ਸਮਾਰਟ ਰੋਡ ਵਜੋਂ ਵਿਕਸਤ ਕੀਤਾ ਜਾਣਾ ਹੈ। ਮਲਹਾਰ ਰੋਡ ਨੂੰ ਸਮਾਰਟ ਰੋਡ ਬਣਾਉਣ ਦੇ ਨਾਲ-ਨਾਲ ਸਰਾਭਾ ਨਗਰ ਮਾਰਕੀਟ ਦੀ ਕਾਇਆ ਕਲਪ ਵੀ ਨਾਲ-ਨਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਵਿਕਾਸ ਪ੍ਰੋਜੈਕਟ ਹਨ, ਜਿਹੜੇ ਕਿ ਨਾਲੋਂ ਨਾਲ ਸ਼ੁਰੂ ਹੋਣ ਜਾ ਰਹੇ ਹਨ। ਉਨਾਂ ਕਿਹਾ ਕਿ ਇਨਾਂ ਵਿਕਾਸ ਕਾਰਜਾਂ ਕਾਰਨ ਸ਼ਹਿਰ ਵਾਸੀਆਂ ਨੂੰ ਲੰਘਣ ਲਈ ਕਾਫੀ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਅਤੇ ਇਸ ਸੰਬੰਧੀ ਬਕਾਇਦ ਟ੍ਰੈਫਿਕ ਮੈਨੇਜਮੈਂਟ ਪਲਾਨ ਤਿਆਰ ਕਰਨ। ਉਨਾਂ ਕਿਹਾ ਕਿ ਤਹਿਬਾਜ਼ਾਰੀ ਵਿੰਗ ਜਲਦ ਤੋਂ ਜਲਦ ਨਜਾਇਜ਼ ਕਬਜ਼ਿਆਂ ਨੂੰ ਦੂਰ ਕਰਾਉਣ ਤਾਂ ਕਿ ਟ੍ਰੈਫਿਕ ਸਮੱਸਿਆ ਦਾ ਹੱਲ ਹੋ ਸਕੇ। ਉਨਾਂ ਕਿਹਾ ਕਿ ਸ਼ਹਿਰ ਵਿੱਚ 11 ਤੋਂ 17 ਜਨਵਰੀ ਤੱਕ ਟ੍ਰੈਫਿਕ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਦੌਰਾਨ ਸ਼ਹਿਰ ਦੀਆਂ ਗੈਰ ਸਰਕਾਰੀ ਸੰਸਥਾਵਾਂ, ਕੌਂਸਲਰ ਅਤੇ ਹੋਰ ਧਿਰਾਂ ਨੂੰ ਨਾਲ ਲੈ ਕੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਸ਼ਹਿਰਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਆਸ਼ੂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨਾਂ ਵਿਕਾਸ ਕਾਰਜਾਂ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ ਸਹਿਯੋਗ ਕਰਨ ਕਿਉਂਕਿ ਜਦੋਂ ਇਹ ਮੁਕੰਮਲ ਹੋ ਜਾਣਗੇ ਤਾਂ ਆਉਣ ਵਾਲੇ ਸਮੇਂ ਵਿੱਚ ਇਨ•ਾਂ ਦਾ ਬਹੁਤ ਲਾਭ ਮਿਲੇਗਾ। ਉਨਾਂ ਇਹ ਵੀ ਭਰੋਸਾ ਦਿੱਤਾ ਕਿ ਉਹ ਇਨਾਂ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਰੋਜ਼ਾਨਾ ਪੱਧਰ 'ਤੇ ਮੋਨੀਟਰਿੰਗ ਕਰ ਰਹੇ ਹਨ। ਇਨਾਂ ਪ੍ਰੋਜੈਕਟਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਵਾਇਆ ਜਾਵੇਗਾ।