26 ਜਨਵਰੀ ਨੂੰ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਲਹਿਰਾਉਣਗੇ ਕੌਮੀ ਤਿਰੰਗਾ
ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਕੌਮੀ ਤਿਰੰਗੇ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰਬੰਧੀ ਮੀਟਿੰਗ ਦਾ ਆਯੋਜਨ ਅੱਜ ਸਥਾਨਕ ਬਚਤ ਭਵਨ ਵਿਖੇ ਕੀਤਾ ਗਿਆ, ਜਿਸ ਦੀ ਪ੍ਰ੍ਰਧਾਨਗੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤੀ। ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਮਾਗਮ ਨੂੰ ਵੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ, ਉਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਰੰਗਾਰੰਗ ਪ੍ਰੋਗਰਾਮ, ਪੀ. ਟੀ. ਸ਼ੋਅ ਅਤੇ ਲੇਜ਼ੀਅਮ ਵਿੱਚ ਵੱਖ-ਵੱਖ ਸਕੂਲਾਂ ਦੇ 2000 ਤੋਂ ਵਧੇਰੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਸਵੇਰੇ 9.58 ਮਿੰਟ 'ਤੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ। ਸਮਾਗਮ ਤੋਂ ਪਹਿਲਾਂ 21, 22 ਅਤੇ 23 ਜਨਵਰੀ, 2019 ਨੂੰ ਸਟੇਡੀਅਮ ਵਿਖੇ ਰਿਹਰਸਲ ਕਰਵਾਈ ਜਾਵੇਗੀ, ਜਦਕਿ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਡਿਪਟੀ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ, ਜਿਨ੍ਹਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੀ ਪੂਰੀ ਤਰ੍ਹਾਂ ਸਫਾਈ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ ਅਤੇ ਹੋਰ ਸੀਨੀਅਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।