You are here

ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਤਿੰਨ-ਮੈਂਬਰੀ ਕਮੇਟੀ ਦੀ ਮੀਟਿੰਗ

ਅੱਜ (24 ਜਨਵਰੀ) ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨ ਦਾ ਫ਼ੈਸਲਾ

ਅੰਮ੍ਰਿਤਸਰ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )-
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿਚੋਂ ਵਿਵਾਦਤ ਬੁੱਤ ਹਟਾਉਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਅੱਜ ਮੀਟਿੰਗ ਮਗਰੋਂ ਇਸ ਮਾਮਲੇ ਬਾਰੇ 24 ਜਨਵਰੀ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨ ਦਾ ਫ਼ੈਸਲਾ ਲਿਆ ਹੈ ਤਾਂ ਜੋ ਇਹ ਬੁੱਤ ਹਟਵਾਏ ਜਾ ਸਕਣ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਸੰਭਵ ਹੋ ਸਕੇ।
ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਤੋਂ ਇਲਾਵਾ ਸਕੱਤਰ ਅਵਤਾਰ ਸਿੰਘ ਸੈਂਪਲਾ ਤੇ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਚ ਹੋਈ ਮੀਟਿੰਗ ਮਗਰੋਂ ਭਾਈ ਮਹਿਤਾ ਨੇ ਦੱਸਿਆ ਕਿ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ ਕਿ ਇਸ ਮਾਮਲੇ ਬਾਰੇ ਸਰਕਾਰ ਕੋਲ ਗੱਲ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਭਲਕੇ 24 ਜਨਵਰੀ ਨੂੰ ਸ਼ਾਮ ਵੇਲੇ ਕੀਤੀ ਜਾਵੇਗੀ। ਮੀਟਿੰਗ ਦੌਰਾਨ ਇਸ ਮਾਮਲੇ ਵਿਚ ਗ੍ਰਿਫ਼ਤਾਰ ਸਿੱਖ ਨੌਜਵਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਅਤੇ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਰੋਸ ਪ੍ਰਗਟ ਕਰ ਰਹੇ ਨੌਜਵਾਨਾਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ 307 ਤਹਿਤ ਕੇਸ ਦਰਜ ਕਰਨਾ ਗ਼ਲਤ ਹੈ।
ਮੀਟਿੰਗ ਦੌਰਾਨ ਭਾਈ ਮਹਿਤਾ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਦੇ ਹੱਲ ਸਬੰਧੀ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ ਅਤੇ ਇਹ ਕਮੇਟੀ ਇਸ ਸਬੰਧੀ ਕੰਮ ਮੁਕੰਮਲ ਕਰ ਕੇ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪੇਗੀ।
ਅੱਜ ਮੀਟਿੰਗ ਮੌਕੇ ਚੀਫ਼ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ। ਇੱਥੇ ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਹੁਣ ਤਕ ਸ਼੍ਰੋਮਣੀ ਕਮੇਟੀ ਸਿੱਧੇ ਤੌਰ ’ਤੇ ਸਾਹਮਣੇ ਨਹੀਂ ਆਈ ਸੀ ਪਰ ਹੁਣ ਸ੍ਰੀ ਅਕਾਲ ਤਖ਼ਤ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਵੀ ਇਸ ਸਬੰਧੀ ਆਪਣਾ ਦ੍ਰਿਸ਼ਟੀਕੋਣ ਸਪੱਸ਼ਟ ਕਰ ਦਿੱਤਾ ਹੈ।