ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ, ਜਾਗਰੂਕਤਾ ਅਤੇ ਫਰਜ਼ ਨੂੰ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਸਮਾਗਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪ੍ਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਕੀਤੀ। ਇਸ ਮੌਕੇ ਉਹਨਾਂ ਨਾਲ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ), ਅਮਿਤ ਬੈਂਬੀ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਅਮਰਜੀਤ ਸਿੰਘ ਬੈਂਸ ਐੱਸ. ਡੀ. ਐੱਮ. ਲੁਧਿਆਣਾ (ਪੂਰਬੀ) ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਚੋਣ ਪ੍ਰਕਿਰਿਆ ਦੌਰਾਨ ਆਪਣੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ। ਉਹਨਾਂ ਦੱਸਿਆ ਕਿ ਵੋਟ ਦੀ ਮਹੱਤਤਾ ਨੂੰ ਦੇਖਦਿਆ ਭਾਰਤੀ ਚੋਣ ਕਮਿਸ਼ਨ ਵੱਲੋਂ 25 ਜਨਵਰੀ, 2011 ਤੋਂ 'ਰਾਸ਼ਟਰੀ ਵੋਟਰ ਦਿਵਸ' ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਲੋਕਤੰਤਰ ਦੀ ਰੱਖਿਆ ਅਤੇ ਮਜਬੂਤੀ ਲਈ ਵੋਟ ਇੱਕ ਵੱਡਾ ਹਥਿਆਰ ਹੈ, ਜੋ ਕਿ ਸਾਡਾ ਸੰਵਿਧਾਨਕ ਅਧਿਕਾਰ ਹੈ। ਉਹਨਾਂ ਕਿਹਾ ਕਿ ਵੋਟ ਪਾਉਣਾ ਸਾਡਾ ਫਰਜ਼ ਬਣਦਾ ਹੈ, ਹਰ ਕਿਸੇ ਨੂੰ ਆਪਣੀ ਇਹ ਡਿਊਟੀ ਜਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਕਿ ਸਾਡੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦੀ ਪਾਲਣਾ ਕਰਨਾ ਵੀ ਜ਼ਰੂਰੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਾਨ ਵੱਲੋਂ ਨਿਭਾਈ ਸ਼ਾਨਦਾਰ ਡਿਊਟੀ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਮੀਦ ਜਤਾਈ ਕਿ ਜ਼ਿਲ੍ਹਾ ਚੋਣ ਦਫ਼ਤਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਨੌ ਜਵਾਨਾਂ ਨੂੰ ਵੋਟਰ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਐਸ.ਡੀ.ਐਮ. ਲੁਧਿਆਣਾ (ਪੂਰਬੀ) ਸ੍ਰ. ਅਮਰਜੀਤ ਸਿੰਘ ਬੈਂਸ ਨੂੰ ਸਭ ਤੋਂ ਵਧੀਆ ਈ.ਆਰ.ਓ. ਵਜੋਂ, ਬੀ. ਐੱਲ. ਓ. ਵਜੋਂ ਬਲਜੀਤ ਸਿੰਘ ਅਤੇ ਜ਼ਿਲ੍ਹਾ ਪੱਧਰੀ ਸਵੀਪ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਸ਼ਨ, ਪੋਸਟਰ ਅਤੇ ਹੋਰ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਅਦਾਰਿਆਂ ਨਾਲ ਸੰਬੰਧਤ ਵਿਦਿਆਰਥੀਆਂ ਨੇ ਰੰਗਾਰੰਗ ਪੇਸ਼ਕਾਰੀਆਂ ਅਤੇ ਅਗਾਂਹਵਧੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਆਪਣੇ ਗੀਤ ਰਾਹੀਂ ਵੋਟਰ ਬਣਨ ਅਤੇ ਵੋਟ ਦਾ ਇਸਤੇਮਾਲ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖ਼ਤੀ ਕਾਰਡ ਵੰਡੇ ਗਏ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਕਰਵਾਇਆ ਗਿਆ।