You are here

ਮੁਫ਼ਤ ਡੇਅਰੀ ਕਿੱਤਾ ਸਿਖਲਾਈ ਲਈ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀ ਇੰਟਰਵਿਊ 4 ਨੂੰ

ਕਪੂਰਥਲਾ, ਫਰਵਰੀ 2020- (ਹਰਜੀਤ ਸਿੰਘ ਵਿਰਕ)-

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ‘ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ. ਸੀ ਬੈਨੀਫਿਸ਼ਰੀਜ਼’ ਨੂੰ ਪੂਰੇ ਪੰਜਾਬ ਵਿਚ ਲਾਗੂ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਵੱਖ-ਵੱਖ ਡੇਅਰੀ ਸਿਖਲਾਈ ਸੈਂਟਰਾਂ ਤੋਂ ਕਰਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਦੀ ਯੋਜਨਾ ਹੈ। ਉਨਾਂ ਕਿਹਾ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਦੇ ਨਾਲ-ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਜ਼ਿਲਾ ਕਪੂਰਥਲਾ ਨਾਲ ਸਬੰਧਤ ਲਾਭਪਾਤਰੀਆਂ ਦੀ ਇੰਟਰਵਿੳੂ 4 ਫਰਵਰੀ 2020 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਵਿਖੇ ਕੀਤੀ ਜਾਵੇਗੀ।   

  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਬਲਵਿੰਦਰ ਜੀਤ ਨੇ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀ ਘੱਟੋ-ਘੱਟ ਪੰਜਵੀਂ ਪਾਸ ਅਤੇ ਪੇਂਡੂ ਪਿਛੋਕੜ ਦਾ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 50 ਸਾਲ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਤ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਪੜਾਈ ਸਬੰਧੀ ਸਰਟੀਫਿਕੇਟ ਨਾਲ ਲੈ ਕੇ 4 ਫਰਵਰੀ ਨੂੰ ਸਵੇਰੇ 10 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਵੈਟਰਨਰੀ ਪੋਲੀਕਲੀਨਿਕ ਕੰਪਲੈਕਸ, ਨਜ਼ਦੀਕ ਚਾਰ ਬੱਤੀ ਚੌਕ, ਰੇਲਵੇ ਰੋਡ, ਕਪੂਰਥਲਾ ਵਿਖੇ ਹਾਜ਼ਰ ਹੋਣ। ਉਨਾਂ ਕਿਹਾ ਕਿ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 01822-230255 ਜਾਂ ਮੋਬਾਈਲ ਨੰਬਰ 98141-71300 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। 

ਫੋਟੋ :-ਸ੍ਰੀਮਤੀ ਦੀਪਤੀ ਉੱਪਲ, ਡਿਪਟੀ ਕਮਿਸ਼ਨਰ ਕਪੂਰਥਲਾ।