ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ
ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਹਵਾ, ਪਾਣੀ, ਆਲਾ-ਦੁਆਲਾ ਅਤੇ ਚੰਗਾ ਤੰਦਰੁਸਤ ਮਾਹੌਲ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਜ਼ਿਲਾ ਲੁਧਿਆਣਾ ਵਿੱਚ ਲਗਾਤਾਰ ਗਤੀਵਿਧੀਆਂ ਜਾਰੀ ਹਨ। ਇਨਾਂ ਗਤੀਵਿਧੀਆਂ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅੰਮ੍ਰਿਤ ਸਿੰਘ ਨੇ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਸਿੰਘ ਨੇ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਮਿਸ਼ਨ ਤਹਿਤ ਰੋਜ਼ਾਨਾ ਗਤੀਵਿਧੀਆਂ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਉਨਾਂ ਕਿਹਾ ਕਿ ਇਹ ਗਤੀਵਿਧੀਆਂ ਰੁਟੀਨ ਦੀਆਂ ਗਤੀਵਿਧੀਆਂ ਤੋਂ ਅਲੱਗ ਹੋਣੀਆਂ ਚਾਹੀਦੀਆਂ ਹਨ। ਮੀਟਿੰਗ ਦੌਰਾਨ ਉਨਾਂ ਦੇ ਧਿਆਨ ਵਿੱਚ ਆਇਆ ਕਿ ਕੁਝ ਵਿਭਾਗਾਂ ਵੱਲੋਂ ਇਸ ਦਿਸ਼ਾ ਵਿੱਚ ਕੰਮ ਤਾਂ ਕੀਤਾ ਜਾ ਰਿਹਾ ਹੈ ਪਰ ਉਨਾਂ ਦੀ ਆਨਲਾਈਨ ਰਿਪੋਰਟਿੰਗ ਨਹੀਂ ਕੀਤੀ ਜਾ ਰਹੀ ਹੈ। ਉਨਾਂ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਮਿਸ਼ਨ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਰੋਜ਼ਾਨਾ ਅਪਡੇਸ਼ਨ ਕਰਨੀ ਵੀ ਯਕੀਨੀ ਬਣਾਉਣ। ਇਸ ਸੰਬੰਧੀ ਦਰਪੇਸ਼ ਆ ਰਹੀਆਂ ਤਕਨੀਕੀ ਖਾਮੀਆਂ ਨੂੰ ਦੂਰ ਕਰਾਉਣ ਲਈ ਉੱਪ ਅਰਥ ਅਤੇ ਅੰਕੜਾ ਸਲਾਹਕਾਰ ਦੀ ਡਿਊਟੀ ਲਗਾਈ ਗਈ। ਮੀਟਿੰਗ ਵਿੱਚ ਹਾਜ਼ਰ ਨਾ ਹੋਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਵੀ ਹਦਾਇਤ ਕੀਤੀ ਗਈ।