You are here

ਕੈਬਨਿਟ ਮੰਤਰੀ ਆਸ਼ੂ ਦੀ ਹਦਾਇਤ 'ਤੇ ਜਵੱਦੀ ਸਥਿਤ 30 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਦੀ ਅਚਨਚੇਤ ਚੈਕਿੰਗ

ਬੱਚਾ ਰੋਗਾਂ ਦਾ ਮਾਹਿਰ ਡਾਕਟਰ ਗੈਰ-ਹਾਜ਼ਰ ਮਿਲਿਆ, ਸਿਵਲ ਸਰਜਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਹਦਾਇਤ

ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹਦਾਇਤ 'ਤੇ ਉਨਾਂ ਦੀ ਪਤਨੀ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਅੱਜ ਸਥਾਨਕ ਜਵੱਦੀ ਸਥਿਤ 30 ਬਿਸਤਰਿਆਂ ਵਾਲੇ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਆਸ਼ੂ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ ਕਿ ਹਸਪਤਾਲ ਵਿੱਚ ਤਾਇਨਾਤ ਬੱਚਾ ਰੋਗਾਂ ਦੇ ਮਾਹਿਰ ਡਾਕਟਰ ਜਾਂ ਤਾਂ ਅਕਸਰ ਗੈਰ-ਹਾਜ਼ਰ ਰਹਿੰਦਾ ਹੈ ਜਾਂ ਡਿਊਟੀ 'ਤੇ ਦੇਰੀ ਨਾਲ ਪਹੁੰਚਦਾ ਹੈ। ਸ੍ਰੀਮਤੀ ਆਸ਼ੂ ਨੇ ਦੱਸਿਆ ਕਿ ਅੱਜ ਉਨਾਂ ਨੇ ਸਵੇਰੇ 9.40 ਵਜੇ ਹਸਪਤਾਲ ਦਾ ਦੌਰਾ ਕੀਤਾ ਸੀ ਤਾਂ ਦੇਖਿਆ ਕਿ ਡਾਕਟਰ ਗੈਰ-ਹਾਜ਼ਰ ਸੀ। ਇਹ ਮਾਮਲਾ ਤੁਰੰਤ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਨਾਂ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਡਾਕਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਦੱਸਣਯੋਗ ਹੈ ਕਿ ਇਸ ਹਸਪਤਾਲ ਨੂੰ 5 ਫਰਵਰੀ, 2020 ਨੂੰ ਹੀ ਸ਼ੁਰੂ ਕੀਤਾ ਗਿਆ ਸੀ, ਜੋ ਕਿ ਜਲਦੀ ਹੀ ਆਪਰੇਸ਼ਨ ਥੀਏਟਰ, ਪ੍ਰਾਈਵੇਟ ਕਮਰੇ, ਐਮਰਜੈਂਸੀ ਸਮੇਤ ਹਰ ਤਰਾਂ ਦੀਆਂ ਸਿਹਤ ਸਹੂਲਤਾਂ ਨਾਲ ਲੈੱਸ ਹੋਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ 30 ਬਿਸਤਰਿਆਂ ਵਾਲਾ ਹਸਪਤਾਲ ਪਿਛਲੇ ਲੰਮੇ ਸਮੇਂ ਤੋਂ ਤਿਆਰ ਪਿਆ ਸੀ, ਜੋ ਕਿ ਭਾਰਤ ਭੂਸ਼ਣ ਆਸ਼ੂ ਦੇ ਉਪਰਾਲਿਆਂ ਨਾਲ ਚਾਲੂ ਹੋਇਆ ਹੈ। ਇਸ ਹਸਪਤਾਲ ਵਿੱਚ ਈ. ਐੱਸ. ਆਈ. ਦੀ ਡਿਸਪੈਂਸਰੀ ਸ਼ਿਫ਼ਟ ਕੀਤੀ ਗਈ ਸੀ, ਜਿਸ ਦਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਲਾਭ ਲੈ ਰਹੇ ਹਨ। ਇਸ ਹਸਪਤਾਲ ਨੂੰ ਚਲਾਉਣ ਲਈ ਲੋੜੀਂਦੀਆਂ ਸਾਰੀਆਂ ਫਾਰਮੈਲਟੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੂਰਾ ਸਾਜੋ ਸਮਾਨ ਸਥਾਪਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਹਸਪਤਾਲ ਨੂੰ ਚਾਲੂ ਕਰਨਾ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਸੀ, ਜੋ ਕਿ ਪੂਰੀ ਹੋ ਗਈ ਹੈ। ਉਨਾਂ ਕਿਹਾ ਕਿ ਇਸ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਸੁਰਿੰਦਰ ਕੁਮਾਰ ਸਮੇਤ ਚਾਰ ਮਾਹਿਰ ਡਾਕਟਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ ਇਹ ਹਸਪਤਾਲ ਸਥਾਨਕ ਸਿਵਲ ਹਸਪਤਾਲ ਦੀ ਬਰਾਂਚ ਵਜੋਂ ਲੋਕਾਂ ਨੂੰ ਸੇਵਾਵਾਂ ਦੇਵੇਗਾ। ਉਨਾਂ ਦੱਸਿਆ ਕਿ ਇਨਾਂ ਮਾਹਿਰ ਡਾਕਟਰਾਂ ਵਿੱਚ ਮੈਡੀਸਨ, ਦੰਦਾਂ, ਜਨਾਨਾ ਰੋਗਾਂ ਦੇ ਮਾਹਿਰ ਅਤੇ ਫਾਰਮਾਸਿਸਟ ਸ਼ਾਮਿਲ ਹਨ। ਇਸ ਤੋਂ ਇਲਾਵਾ ਹੋਰ ਪੈਰਾਮੈਡੀਕਲ ਸਟਾਫ ਵੀ ਲਗਾਇਆ ਗਿਆ ਗਿਆ ਹੈ। ਉਨਾਂ ਡਾਕਟਰਾਂ ਅਤੇ ਹੋਰ ਅਮਲੇ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਨੂੰ ਵਧੀਆ ਮਿਆਰ ਦੀਆਂ ਸਿਹਤ ਸਹੂਲਤਾਂ ਦੇਣ ਲਈ ਸਹੀ ਮਾਅਨਿਆਂ ਵਿੱਚ ਕੰਮ ਕਰਨ।