You are here

ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਅਹਿਮ ਮੁੱਦਿਆਂ ’ਤੇ ਉਲੀਕੀ ਸਾਂਝੀ ਰਣਨੀਤੀ

ਸੁਰੱਖਿਅਤ ਸਕੂਲ ਵਾਹਨ ਪਾਲਿਸੀ’ ਦੀ ਸਖ਼ਤੀ ਨਾਲ ਕਰਵਾਈ ਜਾਵੇਗੀ ਪਾਲਣਾ 

ਅਣ-ਅਧਿਕਾਰਤ ਟਰੈਵਲ ਏਜੰਟਾਂ, ਨਾਜਾਇਜ਼ ਮਾਈਨਿੰਗ ਅਤੇ ਬਿਜਲੀ ਚੋਰੀ ਖਿਲਾਫ਼ ਚੱਲੇਗੀ ਵੱਡੀ ਮੁਹਿੰਮ  

ਕਪੂਰਥਲਾ, ਫਰਵਰੀ 2020- (ਹਰਜੀਤ ਸਿੰਘ ਵਿਰਕ)-

ਜ਼ਿਲੇ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਸਾਂਝੀ ਰਣਨੀਤੀ ਉਲੀਕੀ ਗਈ। ਇਸ ਮੌਕੇ ‘ਸੁਰੱਖਿਅਤ ਸਕੂਲ ਵਾਹਨ ਪਾਲਿਸੀ, ਅਣ-ਅਧਿਕਾਰਤ ਟਰੈਵਲ ਏਜੰਟਾਂ, ਨਾਜਾਇਜ਼ ਮਾਈਨਿੰਗ, ਬਿਜਲੀ ਚੋਰੀ ਅਤੇ ਵਾਰੰਟ ਪੋਜੈਸ਼ਨ ਆਦਿ ਬਾਰੇ ਖੁੱਲ ਕੇ ਵਿਚਾਰਾਂ ਹੋਈਆਂ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ‘ਸੁਰੱਖਿਅਤ ਸਕੂਲ ਵਾਹਨ ਪਾਲਿਸੀ’ ਅਤੇ ਸਰਕਾਰ ਵੱਲੋਂ ਜਾਰੀ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨਾਂ ਸਮੂਹ ਉੱਪ ਮੰਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਅਤੇ ਨਿਰਧਾਰਤ ਮਾਪਦੰਡਾਂ ’ਤੇ ਖਰੀਆਂ ਨਾ ਉਤਰਣ ਵਾਲੇ ਵਾਹਨਾਂ ਖਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਰਾਂ ਵਚਨਬੱਧ ਹੈ ਅਤੇ ‘ਸੁਰੱਖਿਅਤ ਸਕੂਲ ਵਾਹਨ’ ਪਾਲਿਸੀ ਤਹਿਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। 

ਇਸੇ ਤਰਾਂ ਉਨਾਂ ਅਣ-ਅਧਿਕਾਰਤ ਟਰੈਵਲ ਏਜੰਟਾਂ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਮਨੁੱਖੀ ਤਸਕਰੀ ਰੋਕਣ ਅਤੇ ਵਿਦੇਸ਼ ਭੇਜਣ ਦੇ ਨਾਂਅ ’ਤੇ ਹੁੰਦੀ ਕਥਿਤ ਠੱਗੀ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਕਾਨੂੰਨ 2012 ਅਤੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਨਿਯਮ 2013 ਬਣਾਏ ਗਏ ਹਨ। ਇਸ ਕਾਨੂੰਨ ਅਨੁਸਾਰ ਟ੍ਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ, ਟਿਕਟਿੰਗ ਏਜੰਟਾਂ, ਆਇਲਟਸ ਸੰਸਥਾਨਾਂ ਲਈ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਉਨਾਂ ਹਦਾਇਤ ਕੀਤੀ ਕਿ ਜੇਕਰ ਕੋਈ ਅਜਿਹਾ ਟੇ੍ਰਵਲ ਏਜੰਟ, ਜੋ ਬਿਨਾਂ ਰਜਿਸਟ੍ਰੇਸ਼ਨ ਦੇ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਰਵਾਈ ਅਮਲ ਵਿਚ ਲਿਆਂਦੀ ਜਾਵੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿਚ ਨਾਜਾਇਜ਼ ਮਾਈਨਿੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਹਦਾਇਤ ਕੀਤੀ ਕਿ ਨਿਰਧਾਰਤ ਸਥਾਨਾਂ ਤੋਂ ਇਲਾਵਾ ਜੇਕਰ ਕਿਧਰੇ ਹੋਰ ਮਾਈਨਿੰਗ ਦਾ ਕੰਮ ਹੁੰਦਾ ਹੈ, ਤਾਂ ਉਸ ਨੂੰ ਨਜਾਇਜ਼ ਮੰਨਦੇ ਹੋਏ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨਾਂ ਕਿਹਾ ਕਿ ਕਿਸੇ ਵੀ ਥਾਂ ’ਤੇ ਨਾਜਾਇਜ਼ ਮਾਈਨਿੰਗ ਦੀ ਸੂਚਨਾ ਮਿਲਣ ’ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇ ਅਤੇ ਮਾਈਨਿੰਗ ਕਰਨ ਵਾਲੀ ਸਮੁੱਚੀ ਮਸ਼ੀਨਰੀ ਅਤੇ ਵਾਹਨਾਂ ਨੂੰ ਮੌਕੇ ’ਤੇ ਹੀ ਜ਼ਬਤ ਕੀਤਾ ਜਾਵੇ। 

ਪਾਵਰਕਾਮ ਦੇ ਅਧਿਕਾਰੀਆਂ ਨੂੰ ਬਿਜਲੀ ਚੋਰੀ ਨੂੰ ਸਖ਼ਤੀ ਨਾਲ ਰੋਕਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਛਾਪੇਮਾਰੀ ਤੇਜ਼ ਕੀਤੀ ਜਾਵੇ ਅਤੇ ਇਸ ਕੰਮ ਵਿਚ ਪੁਲਿਸ ਵਿਭਾਗ ਦਾ ਲੋੜੀਂਦਾ ਸਹਿਯੋਗ ਲਿਆ ਜਾਵੇ। ਇਸੇ ਤਰਾਂ ਉਨਾਂ ਸਮੂਹ ਐਸ. ਡੀ. ਐਮਜ਼ ਨੂੰ ਕਿਹਾ ਕਿ ਵਾਰੰਟ ਪੋਜੈਸ਼ਨ ਲਈ ਦੋ-ਤਿੰਨ ਦਿਨ ਪਹਿਲਾਂ ਹੀ ਸਬੰਧਤ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਕੇ ਪੁਲਿਸ ਦਾ ਪ੍ਰਬੰਧ ਕੀਤਾ ਜਾਵੇ। ਇਸ ਦੌਰਾਨ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਰੇ ਮਹੱਤਵਪੂਰਨ ਮੁੱਦਿਆਂ ’ਤੇ ਪੁਲਿਸ ਵਿਭਾਗ ਵੱਲੋਂ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਐਸ. ਪੀ ਸ. ਮਨਦੀਪ ਸਿੰਘ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਫਗਵਾੜਾ ਸ. ਗੁਰਵਿੰਦਰ ਸਿੰਘ ਜੌਹਲ, ਐਸ. ਡੀ. ਐਮ ਭੁਲੱਥ ਸ. ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਏ. ਐਸ. ਪੀ ਡਾ. ਸਿਮਰਤ ਕੌਰ, ਡੀ. ਐਸ. ਪੀ ਸ. ਦਵਿੰਦਰ ਸਿੰਘ ਸੰਧੂ, ਸ੍ਰੀ ਸੁਰਿੰਦਰ ਚਾਂਦ ਤੇ ਸ. ਸਰਵਨ ਸਿੰਘ ਬੱਲ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ ਤੋਂ ਇਲਾਵਾ ਸਮੂਹ ਤਹਿਸੀਲਦਾਰ, ਬੀ. ਡੀ. ਪੀ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ :-ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਸ. ਗੁਰਮੀਤ ਸਿੰਘ ਮੁਲਤਾਨੀ, ਸ੍ਰੀ ਐਸ. ਪੀ. ਆਂਗਰਾ ਤੇ ਹੋਰ।