ਮਾਸਕ ਅਤੇ ਮੈਡੀਕਲ ਕਿੱਟਾਂ ਦਾ ਬੇਲੋੜਾ ਨਿੱਜੀ ਸਟਾਕ ਕਰਨ ਵਾਲਿਆਂ 'ਤੇ ਹੋਵੇਗੀ ਕਾਰਵਾਈ -ਐੱਸ. ਡੀ. ਐੱਮਜ਼ ਨੂੰ ਗੈਰ-ਜ਼ਰੂਰੀ ਇਕੱਤਰਤਾ ਕਰਨ ਦੀਆਂ ਪ੍ਰਵਾਨਗੀਆਂ ਨਾ ਦੇਣ ਦੀ ਹਦਾਇਤ
ਲੁਧਿਆਣਾ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਬਿਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਅਗਾਂਊ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸਪਾਲ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਅਗਰਵਾਲ ਨੇ ਸਿਵਲ ਸਰਜਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਹਦਾਇਤ ਕੀਤੀ ਕਿ ਲੋਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਨੂੰ ਹੋਰ ਬੇਹਤਰ ਕਰਨ ਲਈ ਜ਼ਿਲਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਜਾਵੇ। ਇਹ ਕੰਟਰੋਲ ਰੂਮ ਲਗਾਤਾਰ 24 ਘੰਟੇ ਕੰਮ ਕਰੇਗਾ। ਇਸ ਤੋਂ ਇਲਾਵਾ ਐੱਸ. ਡੀ. ਐੱਮਜ਼ ਅਤੇ ਪੁਲਿਸ ਨੂੰ ਹਦਾਇਤ ਕੀਤੀ ਗਈ ਕਿ ਬਾਜ਼ਾਰ ਵਿੱਚ ਮਾਸਕ ਅਤੇ ਮੈਡੀਕਲ ਕਿੱਟਾਂ ਦੀ ਅਣਹੋਂਦ ਨੂੰ ਧਿਆਨ ਵਿੱਚ ਰੱਖਦਿਆਂ ਬੇਲੋੜਾ ਨਿੱਜੀ ਸਟਾਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸੇ ਤਰਂ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਗਈ ਕਿ ਅਜਿਹੇ ਕਿਸੇ ਵੀ ਸਮਾਗਮ ਲਈ ਪ੍ਰਵਾਨਗੀ ਜਾਰੀ ਨਾ ਕੀਤੀ ਜਾਵੇ ਜਿਸ ਵਿੱਚ ਵੱਡੀ ਗਿਣਤੀ ਵਿੱਚ ਇਕੱਤਰਤਾ ਹੋਣ ਦੀ ਸੰਭਾਵਨਾ ਹੋਵੇ। ਜੋ ਲੋਕ ਦੁਕਾਨਾਂ ਦੇ ਬਾਹਰ ਸਮਾਨ ਆਦਿ ਰੱਖ ਕੇ ਸੇਲ ਲਗਾ ਰਹੇ ਹਨ, ਉਨਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਨ ਬਾਰੇ ਕਿਹਾ ਗਿਆ। ਸਿਹਤ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਘਰ-ਘਰ ਜਾ ਕੇ ਇਸ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇ। ਅਗਰਵਾਲ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਵਿੱਚ ਲੱਛਣ ਪਾਏ ਜਾਂਦੇ ਹਨ ਤਾਂ ਉਨਾਂ ਨੂੰ ਉਨਾਂ ਦੇ ਘਰਾਂ ਵਿੱਚ ਵੀ 'ਆਈਸੋਲੇਟ' ਕੀਤਾ ਜਾ ਸਕਦਾ ਹੈ। ਬਿਮਾਰੀ ਦੇ ਇਲਾਜ ਲਈ ਕੋਈ ਵੀ ਵਿਸ਼ੇਸ਼ ਦਵਾਈ ਲੈਣ ਦੀ ਲੋੜ ਨਹੀਂ ਹੈ। ਮਰੀਜ਼ ਆਪਣੇ ਘਰ ਵਿੱਚ 14 ਜਾਂ ਵਧੇਰੇ ਦਿਨ ਅਲੱਗ ਤੌਰ 'ਤੇ ਰਹਿ ਕੇ ਆਰਾਮ ਨਾਲ ਠੀਕ ਹੋ ਸਕਦਾ ਹੈ। ਉਨਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਜਾਂਚ ਕਰਾਉਣ ਵਿੱਚ ਸਹਿਯੋਗ ਨਹੀਂ ਕਰਦਾ ਤਾਂ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ ਸਗੋਂ ਉਹ ਜਿੱਥੇ ਵੀ ਮਿਲਦਾ ਹੈ ਉਥੇ ਹੀ ਉਸਦੀ ਜਾਂਚ ਆਦਿ ਕਰਾ ਕੇ 'ਆਈਸੋਲੇਟ' ਕਰਨ ਦੀ ਕਾਰਵਾਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਜਾਵੇ। ਜ਼ਿਲਾ ਲੁਧਿਆਣਾ ਵਿੱਚ ਹਾਲੇ ਤੱਕ ਸ਼ੱਕੀ ਮਰੀਜ਼ਾਂ ਦੇ ਤਿੰਨ ਨਮੂਨੇ ਲਏ ਗਏ ਹਨ, ਜੋ ਕਿ ਸਾਰੇ ਨੈਗੇਟਿਵ ਆਏ ਹਨ। ਉਨਾਂ ਸਾਰੇ ਐੱਸ. ਡੀ. ਐੱਮਜ਼ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲਾ ਲੁਧਿਆਣਾ ਵਿੱਚ ਜਿੰਨੀਆਂ ਵੀ ਇਮਾਰਤਾਂ ਵਰਤੋਂ ਵਿੱਚ ਨਹੀਂ ਹਨ, ਉਨਾਂ ਦੀ ਪਛਾਣ ਕਰ ਲਈ ਜਾਵੇ ਤਾਂ ਜੋ ਲੋੜ ਪੈਣ 'ਤੇ ਉਨਾਂ ਨੂੰ 'ਆਈਸੋਲੇਸ਼ਨ' ਵਾਰਡਾਂ ਅਤੇ ਘੇਰਾਬੰਦੀ ਖੇਤਰ ਵਿੱਚ ਤਬਦੀਲ ਕੀਤਾ ਜਾ ਸਕੇ। ਇਸੇ ਤਰਾਂ ਵੱਖ-ਵੱਖ ਥਾਵਾਂ 'ਤੇ 'ਮੌਕ ਡਰਿੱਲ' ਵੀ ਕਰਾਉਣ ਬਾਰੇ ਕਿਹਾ ਗਿਆ। ਨਿੱਜੀ ਹਸਪਤਾਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਲੋੜ ਪੈਣ 'ਤੇ ਪ੍ਰਸਾਸ਼ਨ ਦਾ ਹਰ ਤਰਾਂ ਦਾ ਸਹਿਯੋਗ ਕਰਨ ਲਈ ਤਿਆਰ ਰਹਿਣ। ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਿਹਤ ਸਲਾਹਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ। ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਨੁਸਾਰ ਫ਼ਿਲਹਾਲ ਜ਼ਿਲਾ ਲੁਧਿਆਣਾ ਵਿੱਚ ਇਸ ਬਿਮਾਰੀ ਤੋਂ ਪੀੜਤ ਕੋਈ ਸ਼ੱਕੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਦੱਸਣਯੋਗ ਹੈ ਕਿ ਸਿਹਤ ਸਲਾਹ ਵਿੱਚ ਦੱਸਿਆ ਗਿਆ ਕਿ ਕਿਸੇ ਨਾਲ ਹੱਥ ਨਾ ਮਿਲਾਓ, ਕਿਸੇ ਨੂੰ ਗਲਵੱਕੜੀ ਨਾ ਪਾਓ, ਖੁੱਲੇ ਵਿੱਚ ਨਾ ਥੁੱਕੋ, ਜਿਸ ਵਿਅਕਤੀ ਨੂੰ ਬੁਖਾਰ ਹੈ ਉਸਨੂੰ ਭੀੜ ਵਿੱਚ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਉਸ ਵਿਅਕਤੀ ਤੋਂ ਲਗਭਗ 1 ਮੀਟਰ ਦੀ ਦੂਰੀ ਰੱਖੋ। ਜੇਕਰ ਕਿਸੇ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਤਾਂ ਉਸ ਨੂੰ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਉਸ ਨੂੰ ਲਾਜਮੀ ਤੌਰ ਤੇ ਨਜਦੀਕੀ ਸਰਕਾਰੀ ਹਸਪਤਾਲ ਵਿੱਚ ਰਿਪੋਰਟ ਕਰਨੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੇ ਪਿਛਲੇ 14 ਦਿਨਾਂ ਦੌਰਾਨ ਚੀਨ, ਨੇਪਾਲ ਦੀ ਯਾਤਰਾ ਕੀਤੀ ਹੋਵੇ ਤਾਂ ਉਸ ਨੂੰ 14 ਦਿਨਾਂ ਲਈ ਘਰ ਵਿੱਚ ਅਲੱਗ ਰੱਖਿਆ ਜਾਣਾ ਚਾਹੀਦਾ ਹੈ ਅਤੇ ਕਿਸੇ ਭੀੜ ਵਾਲੇ ਸਥਾਨ 'ਤੇ ਨਹੀਂ ਜਾਣਾ ਚਾਹੀਦਾ। ਸਿਹਤਮੰਦ ਵਿਅਕਤੀ ਜਿਸਨੂੰ ਖੰਘ, ਬੁਖਾਰ ਨਹੀਂ ਹੈ, ਨੂੰ ਮਾਸਕ ਦੀ ਜਰੂਰਤ ਨਹੀਂ ਹੈ। ਉਨਾਂ ਦੱਸਿਆ ਕਿ ਕੋਈ ਵੀ ਸੰਕੇਤ ਅਤੇ ਲੱਛਣ (ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਮੁਸ਼ਕਲ) ਵਾਲੇ ਸੂਬਾ ਪੱਧਰੀ ਹੈੱਲਪਲਾਈਨ ਨੰਬਰ 104, ਜ਼ਿਲਾ ਲੁਧਿਆਣਾ ਲਈ ਹੈਲਪਲਾਈਨ ਨੰਬਰ 0161-2444193 ਜਾਂ ਡਾ: ਦਿਵਜੋਤ ਸਿੰਘ ਨੂੰ 9041274030 ਜਾਂ ਡਾਕਟਰ ਰਮੇਸ਼ ਕੁਮਾਰ ਨੂੰ 9855716180 'ਤੇ ਕਾਲ ਕਰ ਸਕਦੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬਿਮਾਰੀ ਇਲਾਜ਼ਯੋਗ ਹੈ ਅਤੇ ਇਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ ਾਂ ਕਿਹਾ ਕਿ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਜੇਕਰ ਭਵਿੱਖ ਵਿੱਚ ਜ਼ਿਲਾ ਲੁਧਿਆਣਾ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਵੀ ਹੈ ਤਾਂ ਜ਼ਿਲਾ ਪ੍ਰਸਾਸ਼ਨ ਵੱਲੋਂ ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।
ਕੋਚਿੰਗ ਸੈਂਟਰ 31 ਮਾਰਚ ਤੱਕ ਬੰਦ ਕਰਨ ਦੇ ਹੁਕਮ
ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲਾ ਮੈਜਿਸਟ੍ਰੇਟ ਵਜੋਂ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 17 ਮਾਰਚ ਤੋਂ 31 ਮਾਰਚ, 2020 ਤੱਕ ਹਰ ਤਰਾਂ ਦੇ ਕੋਚਿੰਗ ਸੈਂਟਰ (ਆਇਲੈਟਸ ਸੈਂਟਰ, ਟਿਊਸ਼ਨ ਸੈਂਟਰ, ਡਾਂਸ ਅਤੇ ਹੋਰ ਸੈਂਟਰ) ਜਿੱਥੇ ਬਹੁਤ ਸਾਰੇ ਵਿਦਿਆਰਥੀ ਜਾਂ ਸਿਖਿਆਰਥੀ ਇੱਕੋ ਜਗਾਂ ਸਿਖ਼ਲਾਈ ਆਦਿ ਲੈਂਦੇ ਹਨ, ਨੂੰ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ।