You are here

ਧਾਰਮਿਕ ਸੰਸਥਾਵਾਂ ਦੇ ਮੁਖੀ ਵੱਡੇ ਇਕੱਠਾਂ ਤੋਂ ਗੁਰੇਜ਼ ਕਰਨ: ਕੈਪਟਨ

ਚੰਡੀਗੜ੍ਹ, ਮਾਰਚ 2020 ( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ ) 
ਸੂਬਾ ਸਰਕਾਰ ਵੱਲੋਂ ਕਰੋਨਾਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਸਬੰਧੀ ਭਲਕ ਤੋਂ ਵਿੱਢੀ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਮਾਗਮਾਂ ਦੌਰਾਨ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਕੋੋਸ਼ਿਸ਼ ਕੀਤੀ ਜਾਵੇ ਕਿ ਪੰਜਾਹ ਤੋਂ ਘੱਟ ਵਿਅਕਤੀ ਹੀ ਇਕੱਤਰ ਹੋਣ। ਸਿਹਤ ਤੇ ਹੋਰ ਸਬੰਧਤ ਵਿਭਾਗਾਂ ਨਾਲ ਲੜੀਵਾਰ ਸਮੀਖਿਆ ਮੀਟਿੰਗਾਂ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਰੋਨਾਵਾਇਰਸ ਦਾ ਇਕਹਿਰਾ ਕੇਸ ਸਾਹਮਣੇ ਆਉਣ ਕਰਕੇ ਸੂਬਾ ਹੁਣ ਤੱਕ ਸੁਰੱਖਿਅਤ ਹੈ, ਪਰ ਆਲਮੀ ਪੱਧਰ ’ਤੇ ਫੈਲ ਰਹੀ ਇਸ ਮਹਾਮਾਰੀ ਨੂੰ ਦੇਖਦਿਆਂ ਕੋਈ ਵੀ ਢਿੱਲ-ਮੱਠ ਨਹੀਂ ਵਰਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੋਟੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਗਏ ਲੋਕਾਂ ਨੂੰ ਜ਼ਮਾਨਤ ਦੇਣ ਅਤੇ ਜੇਲ੍ਹ ਵਿੱਚ ਕਾਫੀ ਸਮਾਂ ਬਿਤਾਉਣ ਵਾਲੇ ਦੋਸ਼ੀਆਂ ਨੂੰ ਪੈਰੋਲ ਦੇਣ ’ਤੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਘਟਾਉਣ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਤਿਮ ਫੈਸਲਾ ਅਦਾਲਤਾਂ ’ਤੇ ਨਿਰਭਰ ਹੈ। ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਉਠਾ ਰਹੇ ਹਨ। ਕੈਪਟਨ ਨੇ ਕਿਹਾ ਕਿ ਕੋਵਿਡ-19 ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦੀ ਮਾਰ ਹੇਠ ਆਏ ਮੁਲਕਾਂ ਤੋਂ ਆਉਣ ਵਾਲੇ ਲੋਕਾਂ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 116 ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਘਰਾਂ ਵਿੱਚ ਹੀ ਮਿੱਡ-ਡੇਅ ਮੀਲ ਮੁਹੱਈਆ ਕਰਵਾਉਣ ਜਾਂ ਇਸ ਦੇ ਬਦਲ ਵਜੋਂ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਨੂੰ ਵੀ ਵਿਚਾਰ ਰਹੀ ਹੈ, ਹਾਲਾਂਕਿ ਅਜੇ ਤਕ ਅਜਿਹੀ ਕੋਈ ਬੇਨਤੀ ਪ੍ਰਾਪਤ ਨਹੀਂ ਹੋਈ। ਬਜ਼ੁਰਗਾਂ ਅਤੇ ਰੋਗਾਂ ਤੋਂ ਲੜਨ ਦੀ ਘੱਟ ਸਮਰੱਥਾ ਵਾਲੇ ਲੋਕਾਂ ਵਿੱਚ ਕੋਵਿਡ-19 ਕਾਰਨ ਵੱਧ ਮੌਤ ਦਰ ਨੂੰ ਦੇਖਦਿਆਂ ਉਨ੍ਹਾਂ ਅਜਿਹੇ ਲੋਕਾਂ ਨੂੰ ਵੱਧ ਤੋਂ ਵੱਧ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਾਇਰਸ ਤੋਂ ਬਚਣ ਲਈ ਵਿਸ਼ੇਸ਼ ਧਿਆਨ ਰੱਖਣ ਦੀ ਵੀ ਅਪੀਲ ਕੀਤੀ। ਇਸ ਸਮੱਸਿਆ ਨਾਲ ਨਜਿੱਠਣ ਵਿਚ ਲੱਗੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਕੈਪਟਨ ਨੇ ਕਿਹਾ ਕਿ ਸੂਬੇ ਕੋਲ ਹਾਲਾਤ ਨਾਲ ਨਜਿੱਠਣ ਲਈ ਢੁਕਵੇਂ ਸਾਧਨ ਅਤੇ ਦਵਾਈਆਂ ਉਪਲੱਬਧ ਹਨ। ਕੋਵਿਡ-19 ਦੇ ਮਰੀਜ਼ਾਂ ਨੂੰ ਆਇਸੋਲੇਸ਼ਨ ਵਿੱਚ ਰੱਖਣ ਲਈ ਗਿਆਨ ਸਾਗਰ ਮੈਡੀਕਲ ਕਾਲਜ, ਰਾਜਪੁਰਾ ਦੇ ਸਾਰੇ ਹੋਸਟਲ ਵਿੱਚ ਕੁੱਲ 1700 ਬੈੱਡ ਉਪਲੱਬਧ ਹਨ।