You are here

ਕੋਰੋਨਾ ਵਾਇਰਸ (ਕੋਵਿਡ-19) ਕਾਲਾਬਾਜ਼ਾਰੀ ਅਤੇ ਮੁਨਾਫ਼ਾਖੋਰੀ ਨੂੰ ਰੋਕਣ ਲਈ ਜ਼ਿਲਾ ਪ੍ਰਸਾਸ਼ਨ ਨੇ ਸ਼ੁਰੂ ਕੀਤੀ ਹੈੱਲਪਲਾਈਨ

0161-2402347 ਅਤੇ 9417228520 'ਤੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਬਾਰੇ ਵੀ ਕੀਤੀ ਜਾ ਸਕੇਗੀ ਸ਼ਿਕਾਇਤ
ਲੁਧਿਆਣਾ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅੰਮ੍ਰਿਤ ਸਿੰਘ ਨੇ ਅੱਜ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਲੁਧਿਆਣਾ ਨੇ ਇੱਕ ਸਮਰਪਿਤ ਹੈਲਪਲਾਈਨ ਸ਼ੁਰੂ ਕੀਤੀ ਹੈ, ਜਿਥੇ ਵਸਨੀਕ ਕਾਲਾ ਬਾਜ਼ਾਰੀ, ਮੁਨਾਫ਼ਾਖੋਰੀ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਨਾਲ ਸੰਬੰਧਤ ਸੂਚਨਾ ਜ਼ਿਲਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆ ਸਕਦੇ ਹਨ। ਇਹ ਹੈੱਲਪਲਾਈਨ ਨੰਬਰ ਨੋਵੇਲ ਕੋਰੋਨਾ ਵਾਇਰਸ (ਕੋਵਿਡ19) ਨੂੰ ਫੈਲਣ ਤੋਂ ਰੋਕਣ ਲਈ ਉਠਾਏ ਜਾ ਰਹੇ ਕਦਮਾਂ ਤਹਿਤ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੈਲਪਲਾਈਨ ਨੰਬਰ (ਲੈਂਡਲਾਈਨ) 0161-2402347 ਹੈ ਅਤੇ (ਮੋਬਾਈਲ) 9417228520 ਹੈ।ਇਹ ਦੋਵੇਂ ਹੈਲਪਲਾਈਨ ਨੰਬਰ ਦਿਨ ਰਾਤ ਚਾਲੂ ਰਹਿਣਗੇ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਘਟਨਾ ਬਾਰੇ ਪਤਾ ਲੱਗਣ 'ਤੇ ਆਪਣੀਆਂ ਸ਼ਿਕਾਇਤਾਂ ਦੇ ਸਕਦੇ ਹਨ ਪਰ ਇਹ ਸ਼ਿਕਾਇਤ ਸੱਚੀ ਹੋਣੀ ਚਾਹੀਦੀ ਹੈ। ਸ੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ ਜਦੋਂ ਕੋਈ ਵਿਅਕਤੀ ਆਪਣੀ ਸ਼ਿਕਾਇਤ ਦਰਜ ਕਰਵਾਉਂਦਾ ਹੈ ਤਾਂ ਇਸ ਨੂੰ ਰਜਿਸਟਰ ਵਿਚ ਦਾਖਲ ਕੀਤਾ ਜਾਵੇਗਾ ਅਤੇ ਸਬੰਧਤ ਅਧਿਕਾਰੀ ਜਿਵੇਂ ਕਿ ਪੁਲਿਸ ਕਮਿਸ਼ਨਰ, ਐਸ.ਐਸ.ਪੀ. ਖੰਨਾ, ਐਸ.ਐਸ.ਪੀ. ਲੁਧਿਆਣਾ (ਦਿਹਾਤੀ), ਡੀ.ਐਫ.ਐਸ.ਸੀ. ਲੁਧਿਆਣਾ, ਜ਼ੋਨਲ ਲਾਇਸੈਂਸ ਅਥਾਰਟੀ ਲੁਧਿਆਣਾ ਅਤੇ ਸਿਵਲ ਸਰਜਨ ਲੁਧਿਆਣਾ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ।ਉਨਾਂ ਕਿਹਾ ਕਿ ਹਰ ਸ਼ਿਕਾਇਤ ਨੂੰ ਅਨੌਖਾ ਸ਼ਿਕਾਇਤ ਆਈ ਡੀ ਨੰਬਰ ਜਾਰੀ ਕੀਤਾ ਜਾਵੇਗਾ। ਸ੍ਰੀਮਤੀ ਅਮ੍ਰਿਤ ਸਿੰਘ ਨੇ ਲੁਧਿਆਣਾ ਜ਼ਿਲੇ ਦੇ ਵਸਨੀਕਾਂ ਨੂੰ ਨਾ ਘਬਰਾਉਣ ਅਤੇ ਬੇਲੋੜੀ ਖਰੀਦਦਾਰੀ ਜਮਾਂਖੋਰੀ ਕਰਨ ਤੋਂ ਰੁਕਣ ਦੀ ਅਪੀਲ ਕੀਤੀ ਹੈ ਕਿਉਂਕਿ ਸਾਰੀ ਸਥਿਤੀ ਕਾਬੂ ਹੇਠ ਹੈ।ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਵਸਨੀਕਾਂ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਹਨ ਅਤੇ ਜ਼ਿਲਾ ਲੁਧਿਆਣਾ ਵਿੱਚ ਅੱਜ ਤੱਕ ਕੋਵੀਡ 19 ਦਾ ਕੋਈ ਸਕਾਰਾਤਮਕ ਕੇਸ ਸਾਹਮਣੇ ਨਹੀਂ ਆਇਆ ਹੈ।ਉਨਾਂ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਕਾਲਾਬਾਜ਼ਾਰੀ, ਮੁਨਾਫ਼ਾਖੋਰੀ ਅਤੇ ਹਦਾਇਤਾਂ ਦੀ ਉਲੰਘਣਾ ਸੰਬੰਧੀ ਬੇਡਰ ਹੋ ਕੇ ਸ਼ਿਕਾਇਤ ਕਰਨ ਤਾਂ ਜੋ ਗਲਤ ਅਨਸਰਾਂ ਨੂੰ ਨੱਥ ਪਾਈ ਦਾ ਸਕੇ। ਉਨਾਂ ਚੇਤਾਵਨੀ ਦਿੱਤੀ ਕਿ ਜੇ ਕੋਈ ਵਿਅਕਤੀ/ਦੁਕਾਨਦਾਰ/ਕੰਪਨੀ/ਕਾਰੋਬਾਰੀ ਅਦਾਰੇ ਕਾਲਾਬਾਜ਼ਾਰੀ ਕਰਨ ਜਾਂ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੇ ਨਾਲ ਨਾਲ ਕੋਵੀਡ 19 ਦੇ ਫੈਲਣ ਨੂੰ ਰੋਕਣ ਦੇ ਸੰਬੰਧ ਵਿੱਚ ਸਰਕਾਰ ਦੁਆਰਾ ਜਾਰੀ ਕੀਤੇ ਗਏ ਮਨਾਹੀ ਦੇ ਆਦੇਸ਼ਾਂ ਦੀ ਉਲੰਘਣਾ ਵਿੱਚ ਸ਼ਾਮਲ ਹਨ, ਤਾਂ ਇਹ ਉਲੰਘਣਾ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਸਜ਼ਾ ਦਿੱਤੀ ਜਾਵੇਗੀ।