ਲੁਧਿਆਣਾ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਮਹਾਨਗਰ ਦੇ ਅਮਰਪੁਰਾ ਇਲਾਕੇ 'ਚ ਰਹਿਣ ਵਾਲੀ ਇੱਕ ਔਰਤ ਦੀ ਕਥਿਤ ਤੌਰ 'ਤੇ ਕੋਰੋਨਾ ਦੀ ਲਪੇਟ 'ਚ ਆਉਣ ਤੋਂ ਬਾਅਦ ਮੌਤ ਹੋ ਜਾਣ ਤੋਂ ਬਾਅਦ ਇੱਕ ਵਾਰ ਫਿਰ ਲੁਧਿਆਣਾ ਪੁਲਿਸ ਵੱਲੋਂ ਮਹਾਨਗਰ 'ਚ ਸਖ਼ਤੀ ਵਧਾ ਦਿੱਤੀ ਗਈ ਹੈ। ਸ਼ਹਿਰ 'ਚ ਕੋਰੋਨਾ ਤੋਂ ਮੁਕੰਮਲ ਬਚਾਅ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਜਿੱਥੇ ਦੋ ਦਿਨਾਂ ਲਈ ਬਹਾਦਰ ਕੇ ਰੋਡ ਸਬਜ਼ੀ ਮੰਡੀ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਉੱਥੇ ਫ਼ੀਲਡ 'ਚ ਕੰਮ ਕਰ ਰਹੇ ਅਧਿਕਾਰੀਆਂ ਨੂੰ ਕਰਫਿਊ ਦਾ ਸੰਪੂਰਨ ਢੰਗ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਖਾਣ-ਪੀਣ ਦਾ ਸਾਮਾਨ ਤੇ ਹੋਰ ਜ਼ਰੂਰੀ ਵਸਤਾਂ ਵੰਡਣ ਦੀ ਸੇਵਾ 'ਚ ਲੱਗੀਆਂ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਮੈਂਬਰਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਦੀ ਤਾਕੀਦ ਕੀਤੀ ਗਈ ਹੈ।ਬਿਨਾਂ ਜ਼ਰੂਰੀ ਕਾਰਨਾਂ ਤੋਂ ਸੜਕਾਂ 'ਤੇ ਘੁੰਮਣ ਵਾਲਿਆਂ ਉੱਪਰ ਨੱਥ ਪਾਉਣ ਲਈ ਅਧਿਕਾਰੀਆਂ ਨੂੰ ਕੜੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਬਿਨਾਂ ਸੁਰੱਖਿਆ ਮਾਨਕਾਂ ਤੋਂ ਸੜਕਾਂ 'ਤੇ ਘੁੰਮਣ ਵਾਲੇ ਤੇ ਲਾਕ ਡਾਉਨ ਦੀ ਉਲੰਘਣਾ ਕਰਨ ਵਾਲੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਿਖਾਈ ਜਾਵੇਗੀ। ਕੋਰੋਨਾ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਪਰਚੇ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਸਾਫ਼ ਕੀਤਾ ਕਿ ਅਜਿਹਾ ਕਰਨ ਵਾਲਿਆਂ ਨੂੰ ਜੇਲ੍ਹ ਦਾ ਰਾਹ ਵਿਖਾਇਆ ਜਾਵੇਗਾ।