ਕਪੂਰਥਲਾ, ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)- ਨੋਵੋਲ ਕੋਰੋਨਾਵਾਇਰਸ (ਕੋਵਿਡ-19) ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਵੱਡੀ ਰਾਹਤ ਵਜੋਂ, ਪੰਜਾਬ ਸਰਕਾਰ ਨੇ 198 ਓਟ (ਓ.ਓ.ਟੀ.) ਕਲੀਨਿਕ, 35 ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ 108 ਲਾਇਸੰਸਸ਼ੁਦਾ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ + ਨਲੋਕਸੋਨ ਦਵਾਈਆਂ ਦੀ ਦੋ ਹਫਤੇ ਦੀ ਡੋਜ਼ ਘਰ ਲੈਜਾਣ ਦੀ ਸਹੂਲਤ ਦੇਣ ਦੀ ਮਨਜੂਰੀ ਦਿੱਤੀ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰਫਿਊ ਅਤੇ ਲਾਕਡਾਊਨ ਦੇ ਇਸ ਸਮੇਂ ਦੌਰਾਨ, ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਹਨ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ -19 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਰੀਜ਼ਾਂ ਵਿਚ ਸਮਾਜਿਕ ਦੂਰੀ ਬਣਾਈ ਰੱਖਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਅਤੇ ਇਹਨਾਂ ਕੇਂਦਰਾਂ ਵਿੱਚ ਦਵਾਈਆਂ ਲੈਣ ਦੌਰਾਨ ਇਕ ਦੂਜੇ ਤੋਂ ਦੂਰੀ ਬਣਾਏ ਰੱਖਣ ਸਬੰਧੀ ਉਨ੍ਹਾਂ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਹ ਕਦਮ ਇਹਨਾਂ ਕੇਂਦਰਾਂ ਵਿੱਚ ਨਸ਼ਿਆਂ ਦੇ ਮਰੀਜ਼ਾਂ ਦੇ ਆਉਣ-ਜਾਣ ਨੂੰ ਘੱਟ ਕਰਨ ਲਈ ਚੁੱਕੇ ਗਏ ਹਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਬਹੁਤੇ ਕੇਂਦਰ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਮਰੀਜ਼ਾਂ ਨੂੰ ਦਵਾਈ ਦੇ ਰਹੇ ਹਨ। ਰੋਜ਼ਾਨਾ ਦੀ ਔਸਤਨ ਡੋਜ਼ 3.2 ਗੋਲੀਆਂ ਦੇ ਮੁਕਾਬਲੇ ਪਿਛਲੇ ਦੋ ਦਿਨਾਂ ਵਿੱਚ, ਦਵਾਈ ਘਰ ਲੈਜਾਣ ਕਰਕੇ ਸਰਕਾਰੀ ਕੇਂਦਰਾਂ ਵਿੱਚ ਪ੍ਰਤੀ ਮਰੀਜ਼ ਔਸਤਨ ਡੋਜ਼ 11.4 ਗੋਲੀਆਂ ਹੋ ਗਈ ਹੈ। ਪਿਛਲੇ ਦੋ ਦਿਨਾਂ ਵਿੱਚ ਸਰਕਾਰੀ ਕੇਂਦਰਾਂ ਵੱਲੋਂ ਬੀਪੀਐਨ ਦੀਆਂ ਤਕਰੀਬਨ 3,09,796 ਗੋਲੀਆਂ ਅਤੇ ਨਿੱਜੀ ਕੇਂਦਰਾਂ ਵੱਲੋਂ 5,68,747 ਗੋਲੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਆਉਣ ਸਮੇਂ ਮਰੀਜ਼ਾਂ ਨੂੰ ਕੋਰੋਨਾਵਾਇਰਸ ਅਤੇ ਇਸ ਦੇ ਰੋਕਥਾਮ ਉਪਾਵਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਇਹ ਵੀ ਸੂਚਿਤ ਕੀਤਾ ਜਾ ਰਿਹਾ ਹੈ ਕਿ ਜਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸਥਿਤੀ ਵਿੱਚ ਉਹਨਾਂ ਨੂੰ ਲਾਜ਼ਮੀ ਤੌਰ 'ਤੇ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਉਹਨਾਂ ਦੇ ਸਬੰਧਤ ਨਸ਼ਾ ਛੁਡਾਊ ਕੇਂਦਰਾਂ ਅਤੇ ਓਓਏਟੀ ਕਲੀਨਿਕਾਂ ਵਿੱਚ ਆਉਣ ਸਬੰਧੀ ਸਹੂਲਤ ਦੇਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਟੌਲ ਫਰੀ ਹੈਲਪਲਾਈਨ ਨੰਬਰ 104 ਰਾਹੀਂ ਦਿਨ-ਰਾਤ ਡਾਕਟਰੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।