ਕਪੂਰਥਲਾ ,ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)-
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲਾ ਕਪੂਰਥਲਾ ਵਿਚ ਪੈਂਦੇ ਪਿਡਾਂ ਵਿਚ ਪੰਚਾਇਤਾਂ ਦੇ ਸਹਿਯੋਗ ਨਾਲ ਠੀਕਰੀ ਪਹਿਰੇ ਲਗਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲੇ ਵਿਚ ਪੈਂਦੇ ਪੰਜਾਂ ਬਲਾਕਾਂ ਵਿਚ ਪੈਂਦੀਆਂ ਗ੍ਰਾਮ ਪੰਚਾਇਤਾਂ ਵਿਚ ਅਗਲੇ ਹੁਕਮਾਂ ਤੱਕ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਏ ਜਾਣਗੇ, ਜਿਸ ਸਬੰਧੀ ਹਰੇਕ ਪੰਚਾਇਤ ਵਿਚ ਇਕ ਰਜਿਸਟਰ ਲਗਾਇਆ ਜਾਵੇਗਾ। ਇਸ ਰਜਿਸਟਰ ਵਿਚ ਪਿੰਡ ਵਿਚ ਆਉਣ ਵਾਲੇ ਬਾਹਰ ਜਾਣ ਵਾਲੇ ਵਿਅਕਤੀਆਂ ਦਾ ਇੰਦਰਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਜਿਕ ਦੂਰੀ ਯਕੀਨੀ ਬਣਾਉਣ ਲਈ ਹਰੇਕ ਪਿੰਡਾਂ ਵਿਚ ਦੁਕਾਨਾਂ, ਡੇਅਰੀਆਂ, ਬੈਂਕਾਂ, ਏ. ਟੀ. ਐਮਜ਼ ਆਦਿ ਦੇ ਬਾਹਰ ਗਾਹਕਾਂ ਵਾਸਤੇ ਦੋ-ਦੋ ਮੀਟਰ ਦੀ ਦੂਰੀ ’ਤੇ ਗੋਲੇ ਲਗਾਏ ਜਾਣ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰਾਂ ਗਲੀਆਂ ਵਿਚ ਘੁੰਮਣ ਅਤੇ ਛੋਟੇ-ਛੋਟੇ ਇਕੱਠ ਕਰਨ ਤੋਂ ਵੀ ਗੁਰੇਜ਼ ਕਰਨ ਅਤੇ ਪਿੰਡਾਂ ਤੋਂ ਬਾਹਰ ਨਾ ਜਾਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਸਾਰਿਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਵੀ ਅਪੀਲ ਕੀਤੀ ਗਈ ਹੈ।
ਇਸੇ ਤਰਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਪਾਲ ਆਂਗਰਾ ਨੇ ਵੀ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਅ ਰੱਖਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਆਪਣੇ-ਆਪਣੇ ਪਿੰਡ ਵਿਚ ਠੀਕਰੀ ਪਹਿਰੇ ਲਗਾਉਣ ਦੀ ਅਪੀਲ ਕੀਤੀ ਹੈ।ਾਸ ਤੇ ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।
ਕੈਪਸ਼ਨ :-ਪਿੰਡਾਂ ਵਿਚ ਸਮਾਜਿਕ ਦੂਰੀ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ਦੀਆਂ ਤਸਵੀਰਾਂ।