ਕਪੂਰਥਲਾ , ਅਪ੍ਰੈਲ 2020 - (ਹਰਜੀਤ ਸਿੰਘ ਵਿਰਕ )-
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਅਤੇ ਸੇਵਾਮੁਕਤ ਲੈਫ਼ਟੀਨੈਂਟ ਜਨਰਲ ਟੀ. ਐਸ ਸ਼ੇਰਗਿੱਲ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ‘ਗਾਰਡੀਅਨ ਆਫ ਗਵਰਨੈਸ’ (ਜੀ. ਓ. ਜੀ) ਦੇ ਮੁਖੀਆਂ ਨਾਲ ਮੀਟਿੰਗ ਕਰਕੇ ਜ਼ਿਲੇ ਵਿਚ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨਾਂ ਕਰਫਿੳੂ ਦੌਰਾਨ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਰਾਸ਼ਨ ਅਤੇ ਹੋਰ ਲੋੜੀਂਦੀਆਂ ਵਸਤਾਂ ਦੀ ਸਪਲਾਈ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਹਾਇਤਾ ਸਮੱਗਰੀ ਦੀ ਵੰਡ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਸਹਾਇਤਾ ਸਮੱਗਰੀ ਦੀ ਠੀਕ ਢੰਗ ਨਾਲ ਵੰਡ ਲਈ ਖੁਸ਼ਹਾਲੀ ਦੇ ਰਾਖਿਆਂ ਦੀ ਮਦਦ ਲਈ ਜਾਵੇ। ਉਨਾਂ ਕਿਹਾ ਕਿ ਇਸ ਦੌਰਾਨ ਕਿਤੇ ਵੀ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ ਅਤੇ ਸਮਾਜਿਕ ਦੂਰੀ ਯਕੀਨੀ ਬਣਾਈ ਜਾਵੇ।
ਉਨਾਂ ਕਿਹਾ ਕਿ 15 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਕਣਕ ਦੇ ਸੀਜ਼ਨ ਲਈ ਅਨਾਜ ਮੰਡੀਆਂ ਵਿਚ ਸਾਰੇ ਲੋੜੀਂਦੇ ਇੰਤਜ਼ਾਮ ਕਰਨ ਤੋਂ ਇਲਾਵਾ ਬਾਰਦਾਨੇ,ਟ੍ਰਾਂਸਪੋਰਟੇਸ਼ਨ, ਲੇਬਰ ਅਤੇ ਸਟੋਰੇਜ ਆਦਿ ਦੇ ਸਾਰੇ ਅਗਾੳੂਂ ਪ੍ਰਬੰਧ ਕਰ ਲਏ ਜਾਣ। ਉਨਾਂ ਕਿਹਾ ਕਿ ਕੋਵਿਡ-19 ਅਤੇ ਕਰਫਿੳੂ ਬੰਦਸ਼ਾਂ ਦੇ ਬਾਵਜੂਦ ਕਣਕ ਦੀ ਨਿਰਵਿਘਨ ਖ਼ਰੀਦ ਅਤੇ ਮੰਡੀਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਖੇਤੀ ਕਾਰਜ ਦਿੱਕਤ ਰਹਿਤ ਜਾਰੀ ਰੱਖਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦਾ ਪਾਲਣ ਕੀਤਾ ਜਾਵੇ। ਉਨਾ ਕਿਹਾ ਕਿ ਇਸ ਵਿਚ ਸਮਾਜਿਕ ਦੂਰੀ, ਚਿਹਰੇ ਨੂੰ ਢਕਣਾ, ਹੱਥ ਧੋਣੇ ਅਤੇ ਹੋਰ ਸਾਵਧਾਨੀਆਂ ਵਰਤਣੀਆਂ ਸ਼ਾਮਿਲ ਹਨ। ਉਨਾਂ ਖੁਸ਼ਹਾਲੀ ਦੇ ਰਾਖਿਆਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲੇ ਵਿਚ ਕੋਰੋਨਾ ਤੋਂ ਬਚਾਅ ਲਈ ਸਾਰੇ ਢੁਕਵੇਂ ਕਦਮ ਚੁੱਕੇ ਗਏ ਹਨ ਅਤੇ ਲੋਕਾਂ ਨੂੰ ਉਨਾ ਦੇ ਘਰਾਂ ਤੱਕ ਲੋੜੀਂਦੀਆਂ ਵਸਤਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗਰੀਬਾਂ ਅਤੇ ਲੋੜਵੰਦਾਂ ਦੀ ਵੀ ਸਹਾਇਤਾ ਲਈ ਢੁਕਵੇਂ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਅਤੇ ਮੰਡੀਕਰਨ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਓ. ਐਸ. ਡੀ ਸ੍ਰੀ ਕਰਨਵੀਰ ਸਿੰਘ, ਜੀ. ਓ. ਜੀਜ਼ ਦੇ ਜ਼ਿਲਾ ਮੁਖੀ ਕਰਨਲ ਕੁਲਜਿੰਦਰ ਸਿੰਘ, ਤਹਿਸੀਲ ਹੈੱਡ ਭੁਲੱਥ ਕਰਨਲ ਕੇ. ਐਸ. ਸੰਧੂ, ਤਹਿਸੀਲ ਹੈੱਡ ਕਪੂਰਥਲਾ ਕੈਪਟਨ ਗੁਰਦੀਪ ਸਿੰਘ, ਤਹਿਸੀਲ ਹੈੱਡ ਸੁਲਤਾਨਪੁਰ ਲੋਧੀ ਲੈਫਟੀਨੈਂਟ ਕਮਾਂਡਰ ਸਲਵੰਤ ਸਿੰਘ, ਤਹਿਸੀਲ ਹੈੱਡ ਫਗਵਾੜਾ ਕਰਨਲ ਤਰਨਜੀਤ ਸਿੰਘ ਅਤੇ ਜ਼ਿਲਾ ਸੁਪਰਵਾਈਜ਼ਰ ਕੈਪਟਨ ਰਣਜੀਤ ਸਿੰਘ ਹਾਜ਼ਰ ਸਨ।
ਕੈਪਸ਼ਨ :
-ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਸੇਵਾਮੁਕਤ ਲੈਫ਼ਟੀਨੈਂਟ ਜਨਰਲ ਟੀ. ਐਸ ਸ਼ੇਰਗਿੱਲ। ਨਾਲ ਹਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਓ. ਐਸ. ਡੀ ਸ੍ਰੀ ਕਰਨਵੀਰ ਸਿੰਘ ਤੇ ਹੋਰ।