ਚੰਡੀਗੜ, ਅਪ੍ਰੈਲ 2020- ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਕਰੋਨਾ ਵਾਇਰਸ ਦੇ ਟਾਕਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ 5 ਅਪ੍ਰੈਲ ਨੂੰ ਰਾਤ 9 ਵਜੇ ਬਿਜਲੀ ਬੰਦ ਕਰਕੇ ਦੀਵੇ, ਮੋਮਬੱਤੀਆਂ ਜਗਾਉਣ ਸਬੰਧੀ ਕੌਮ ਨੂੰ ਦਿੱਤੇ ਸੱਦੇ ਨੂੰ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਠੇਕਾ ਮੁਲਾਜ਼ਮਾਂ ਅਤੇ ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ 16 ਜਨਤਕ ਜਥੇਬੰਦੀਆਂ ਨੇ ਬੇਤੁਕਾ ਤੇ ਬੇਲੋੜਾ ਕਰਾਰ ਦਿੱਤਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਕੰਵਲਪ੍ਰੀਤ ਸਿੰਘ ਪੰਨੂੰ ਤੇ ਮਜ਼ਦੂਰ ਆਗੂ ਰਾਵਿੰਦਰ ਸਿੰਘ ਨੇ ਜਾਰੀ ਬਿਆਨ 'ਚ ਆਖਿਆ ਕਿ ਜਦੋਂ ਸੰਸਾਰ ਭਰ 'ਚ ਫੈਲੀ ਇਸ ਬਿਮਾਰੀ ਦੇ ਇਲਾਜ ਲਈ ਕਈ ਦੇਸ਼ਾਂ ਵੱਲੋਂ ਵਿਗਿਆਨਕ ਢੰਗਾਂ ਤੇ ਜ਼ੋਰ ਦਿੰਦੇ ਹੋਏ ਇਸ ਦੀ ਰੋਕਥਾਮ ਦੇ ਸਫ਼ਲ ਤਜਰਬੇ ਵੀ ਸਾਹਮਣੇ ਲਿਆਂਦੇ ਗਏ ਹਨ ਤਾਂ ਸਾਡੇ ਪ੍ਰਧਾਨ ਮੰਤਰੀ ਵੱਲੋਂ ਸਿਹਤ ਸੇਵਾਵਾਂ ਲਈ ਲੋੜੀਂਦੇ ਢਾਂਚੇ ਜਿਵੇਂ ਡਾਕਟਰੀ ਅਮਲੇ ਫੈਲੇ ਦੀ ਭਰਤੀ ਕਰਨ, ਉਹਨਾਂ ਲਈ ਬਚਾਓ ਕਿੱਟਾਂ ਤੋਂ ਇਲਾਵਾ ਵੈਂਟੀਲੇਟਰਾਂ ਆਦਿ ਦਾ ਪ੍ਰਬੰਧ ਕਰਨ ਦੀ ਥਾਂ ਗੈਰ ਵਿਗਿਆਨਕ ਕਦਮਾਂ ਨਾਲ ਸੰਸਾਰ ਭਰ ਵਿੱਚ ਸਾਡੇ ਦੇਸ਼ ਦੀ ਸਥਿਤੀ ਹਾਸੋ ਹੀਣੀ ਬਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਵੇਲੇ ਦੇਸ਼ ਦੇ ਲੋਕਾਂ ਲਈ ਜੋ ਕੰਮ ਇਸ ਮਾਹੌਲ ਵਿੱਚ ਅਤੀ ਜ਼ਰੁਰੀ ਹੈ ਉਸ ਵਿੱਚ ਸਭਨਾਂ ਲਈ ਮੁਫ਼ਤ ਇਲਾਜ, ਲੋੜਵੰਦਾਂ ਲਈ ਮੁਫ਼ਤ ਖਾਧ ਖੁਰਾਕ ਦੇਣਾ ਯਕੀਨੀ ਬਨਾਇਆ ਜਾਵੇ। ਪੇਂਡੂ ਅਤੇ ਸ਼ਹਿਰੀ ਆਬਾਦੀ ਦੇ ਧੁਰ ਹੇਠਾਂ ਤੱਕ ਲੋਕ ਵੰਡ ਪ੍ਰਣਾਲੀ ਲਈ ਰਾਸ਼ਨ ਡਿਪੂਆਂ ਦੇ ਢਾਂਚੇ ਦਾ ਪਸਾਰਾ ਕੀਤਾ ਜਾਵੇ। ਸਿਹਤ ਸੇਵਾਵਾਂ ਦਾ ਕੌਮੀਕਰਨ ਕਰਕੇ ਇਹਨਾਂ ਜੰਗੀ ਪੱਧਰ ਤੇ ਪਸਾਰਾ ਕੀਤਾ ਜਾਵੇ। ਇਸ ਮਹਾਂਮਾਰੀ ਦੇ ਟਾਕਰੇ ਲਈ ਵੱਡੇ ਪੱਧਰ ਤੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ। ਕਣਕ ਦੇ ਸੀਜਨ ਨੂੰ ਮੁੱਖ ਰੱਖਦਿਆਂ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਨਾ ਰੁਲੇ ਇਸ ਗੱਲ ਦੀ ਗਾਰੰਟੀ ਕੀਤੀ ਜਾਵੇ ਤੇ ਗੈਰ ਸਰਕਾਰੀ ਅਦਾਰਿਆਂ ਦੇ ਪੱਕੇ ਅਤੇ ਕੱਚੇ ਮਜ਼ਦੂਰਾਂ, ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੀ ਗਾਰੰਟੀ ਕੀਤੀ ਜਾਵੇ। ਸਭਨਾਂ ਕਿਰਤੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਬਿਆਨ ਜਾਰੀ ਕਰਨ ਵਾਲੀਆਂ ਜਥੇਬੰਦੀਆਂ 'ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਕਿਸਾਨ ਸੰਘਰਸ਼ ਕਮੇਟੀ ਪੰਜਾਬ, ਟੈਕਸਟਾਈਲ ਹੌਜਰੀ ਕਾਮਗਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜ਼ਿ ਨੰ 31, ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ (ਲਲਕਾਰ), ਪੀ.ਐਸ.ਯੂ. (ਸ਼ਹੀਦ ਰੰਧਾਵਾ), ਟੈਕਨੀਕਲ ਸਰਵਿਸਜ਼ ਯੂਨੀਅਨ, ਨੌਜਵਾਨ ਭਾਰਤ ਸਭਾ, ਪੀ.ਐਸ.ਯੂ. (ਲਲਕਾਰ), ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ, ਕਾਰਖਾਨਾ ਮਜ਼ਦੂਰ ਯੂਨੀਅਨ, ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਠੇਕਾ ਮੁਲਾਜ਼ਮ ਯੂਨੀਅਨ ਅਜ਼ਾਦ, ਪਾਵਰ ਕੌਮ ਐਂਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ, ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰ ਕੌਮ ਜੋਨ ਬਠਿੰਡਾ ਅਤੇ ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਸ਼ਾਮਲ ਹਨ।