ਕਪੂਰਥਲਾ ,ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)-
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਅਕਾਦਮਿਕ ਸੈਸ਼ਨ 2020-21 ਦੇ ਦਾਖ਼ਲਿਆਂ ਸਬੰਧੀ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ। ਰਾਜ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਡਾਇਰੈਕਟਰ, ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲੇ ਦੀਆਂ ਸਮੂਹ ਗੈਰ-ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਮਾਪਿਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਅੰਤਿਮ ਮਿਤੀ ਨੂੰ ਰੀਸ਼ਡਿੳੂਲ ਕਰਨ ਦੀ ਹਦਾਇਤ ਕੀਤੀ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹਾਲਾਤ ਸੁਧਰਨ ਉਪਰੰਤ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਦਾਖ਼ਲਿਆਂ ਦੀ ਫ਼ੀਸ ਜਮਾਂ ਕਰਾਉਣ ਲਈ ਇਕ ਮਹੀਨੇ ਦਾ ਸਮਾਂ ਜ਼ਰੂਰ ਉਪਲਬੱਧ ਕਰਵਾਇਆ ਜਾਵੇ ਅਤੇ ਫੀਸ ਲੈਣ ਸਮੇਂ ਕੋਈ ਵਾਧੂ ਜ਼ੁਰਮਾਨਾ ਆਦਿ ਨਾ ਲਗਾਇਆ ਜਾਵੇ। ਇਨਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ ’ਤੇ ਸਬੰਧਤ ਸਕੂਲਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਫੋਟੋ :-ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।