ਕਪੂਰਥਲਾ ,ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)-
ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੀਆਂ ਪੰਚਾਇਤਾਂ ਵੱਲੋਂ ਆਪਣੇ ਪਿੰਡਾਂ ਵਿਚ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਪੰਜਾਬ ਰੂਰਲ ਡਿਵੈਲਪਮੈਂਟ ਅਫ਼ਸਰਜ਼ ਐਸੋਸੀਏਸ਼ਨ ਨੇ ਆਉਣ ਵਾਲੇ ਦਿਨਾਂ ਵਿਚ ਪੰਚਾਇਤਾਂ ਵੱਲੋਂ ਹੋਰ ਉਸਾਰੂ ਭੂਮਿਕਾ ਨਿਭਾਏ ਜਾਣ ਦੀ ਆਸ ਪ੍ਰਗਟਾਈ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸ. ਅਵਤਾਰ ਸਿੰਘ ਭੁੱਲਰ ਜਾਇੰਟ ਡਾਇਰੈਕਟਰ ਅਤੇ ਮੀਤ ਪ੍ਰਧਾਨ ਸ. ਜਗਵਿੰਦਰ ਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਚਾਇਤਾਂ ਵੱਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਪਿੰਡਾਂ ਵਿਚ ਸੋਡੀਅਮ ਹਾਈਪੋ ਕਲੋਰਾਈਟ ਦਾ ਛਿੜਕਾਅ ਕਰਕੇ ਪਿੰਡਾਂ ਨੂੰ ਰੋਗਮੁਕਤ ਕਰਨ ਦਾ ਜਿੰਮਾ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਸਮਾਜਿਕ ਦੂਰੀ ਬਣਾਈ ਰੱਖਣ ਲਈ ਕਰਿਆਨਾ ਸਟੋਰਾਂ, ਮੈਡੀਕਲ ਸਟੋਰਾਂ ਅਤੇ ਡੇਅਰੀਆਂ ਆਦਿ ਦੇ ਬਾਹਰ ਨਿਸ਼ਾਨ ਲਗਾ ਕੇ ਲੋਕਾਂ ਨੂੰ ਇਸ ਵਾਇਰਸ ਦੀ ਲਾਗ ਤੋਂ ਬਚਾਉਣ ਦੇ ਯਤਨ ਕੀਤੇ ਗਏ ਹਨ। ਲੋੜਵੰਦ ਅਤੇ ਗ਼ਰੀਬ ਪਰਿਵਾਰਾਂ ਲਈ ਪੰਜਾਬ ਸਰਕਾਰ ਅਤੇ ਸਵੈ ਸੇਵੀ ਸੰਸਥਾਵਾਂ ਵੱਲੋਂ ਭੇਜੀਆਂ ਗਈਆਂ ਖ਼ੁਰਾਕੀ ਵਸਤਾਂ ਦੀ ਵੰਡ ਵੀ ਪੰਚਾਇਤਾਂ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਰਫਿੳੂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ ਵਿਚ ਪੰਚਾਇਤਾਂ ਅਹਿਮ ਯੋਗਦਾਨ ਪਾ ਰਹੀਆਂ ਹਨ। ਐਸੋਸੀਏਸ਼ਨ ਨੇ ਕੋਰੋਨਾ ਵਾਇਰਸ ਖਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਲਈ ਭਵਿੱਖ ਵਿਚ ਵੀ ਪੰਚਾਇਤਾਂ ਵੱਲੋਂ ਇਸੇ ਤਰਾਂ ਸਹਿਯੋਗ ਕੀਤੇ ਜਾਣ ਦੀ ਅਪੀਲ ਕੀਤੀ ਤਾਂ ਜੋ ਪਿੰਡਾਂ ਵਿਚ ਭਾਈਚਾਰਕ ਸਾਂਝ ਅਤੇਆਪਸੀ ਸਦਭਾਵਨਾ ਦੀ ਸਦੀਆਂ ਚੱਲੀ ਆ ਰਹੀ ਰਵਾਇਤ ਨੂੰ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਸ. ਹਰਜਿੰਦਰ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਉਨਾਂ ਦੇ ਨਾਲ ਸਨ।