ਚੰਡੀਗੜ੍ਹ, ਅਪ੍ਰੈਲ 2020 (ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ)
ਪੰਜਾਬ 'ਚ 30 ਜੂਨ ਤਕ ਵਿਦਿਅਕ ਅਦਾਰੇ ਬੰਦ ਰਹਿਣਗੇ ਤੇ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵੀਡੀਓ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਆਰਡਰ ਜਾਰੀ ਕੀਤਾ ਸੀ ਕਿ ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤਕ ਰਹਿਣਗੀਆਂ। ਪਰ ਅੱਜ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਸਾਰੇ ਸਕੂਲ ਤੇ ਕਾਲਜ 30 ਜੂਨ ਤਕ ਬੰਦ ਰਹਿਣਗੇ ਤੇ ਕਿਸੇ ਤਰ੍ਹਾਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ।
ਦੇਸ਼ ਵਿਚ ਕੋਰੋਨਾ ਸੰਕਟ ਗਹਿਰਾਉਂਦਾ ਜਾ ਰਿਹਾ ਹੈ। ਪਿਛਲੇ 24 ਘੰਟੇ 'ਚ ਭਾਰਤ 'ਚ 1000 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ ਵਿਚ ਜਾਰੀ 21 ਦਿਨਾਂ ਦੇ ਲਾਕਡਾਊਨ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਅਗਲੇ ਹਫ਼ਤੇ ਖ਼ਤਮ ਹੋ ਰਹੇ ਲਾਕਡਾਊਨ ਦੀ ਮਿਆਦ ਵਧਾਉਣ ਜਾਂ ਖ਼ਤਮ ਕਰਨ 'ਤੇ ਫ਼ੈਸਲਾ ਹੋਵੇਗਾ। ਜਨਤਾ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਾਕਡਾਊਨ 30 ਅਪ੍ਰੈਲ ਤਕ ਵਧਾਉਣ ਦੀ ਪ੍ਰਧਾਨ ਮੰਤਰੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤੇਜ਼ੀ ਨਾਲ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਰਹੀ ਹੈ, ਉਸ ਨੂੰ ਦੇਖਦੇ ਹੋਏ ਇਹ ਫ਼ੈਸਲਾ ਲੈਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ।ਇਸ ਤੋਂ ਇਲਾਵਾ ਕਿਸਾਨਾਂ ਲਈ ਬੋਨਸ ਮੰਗਿਆ ਤੇ ਸਿਹਤ ਮੁਲਾਜ਼ਮਾਂ ਦੀ ਸੁਰੱਖਿਆ ਲਈ ਬੀਮਾ ਕਵਰ ਮੰਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੁਣ ਤਕ ਪੰਜਾਬ 'ਚ ਕੋਰੋਨਾ ਦਾ ਫੈਲਾਅ ਰੋਕਣ ਸਬੰਧੀ ਕੀਤੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਲਟਕਵੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕਿਸਾਨਾਂ ਨੂੰ ਕਰਫ਼ਿਊ ਦੌਰਾਨ ਢਿੱਲ ਦਿੱਤੀ ਜਾਵੇਗੀ। ਸਕੂਲਾਂ 'ਚ 11 ਅਪ੍ਰੈਲ ਤੋਂ 10 ਮਈ ਤਕ ਗਰਮੀਆਂ ਦੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਜੋ ਕੋਰੋਨਾ ਦਾ ਫੈਲਾਅ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਸਿਹਤ ਮੁਲਾਜ਼ਮਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਬੀਮਾ ਕਵਰ ਦਿੱਤਾ ਗਿਆ ਹੈ।
ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਜਾਬ 'ਚ ਕਰਫ਼ਿਊ ਪਹਿਲੀ ਮਈ ਤਕ ਵਧਾਉਣ ਦਾ ਐਲਾਨ ਕਰ ਦਿੱਤਾ ਤੇ ਲੋਕਾਂ ਨੂੰ ਵੀ ਇਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ ਹੁਣ ਤਕ 12 ਮੌਤਾਂ ਹੋ ਚੁੱਕੀਆਂ ਹਨ ਤੇ ਕੁੱਲ ਪੌਜ਼ਿਟਿਵ ਕੇਸ 154 ਹੋ ਗਏ ਹਨ।