15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖ਼ਰੀਦ
ਕਿਸਾਨਾਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਸਾਵਧਾਨੀਆਂ ਯਕੀਨੀ ਬਣਾਉਣ ਲਈ ਜੀ. ਓ. ਜੀਜ਼ ਅਤੇ ਹੋਰਨਾਂ ਵਿਭਾਗਾਂ ਦੀ ਲਈ ਜਾਵੇਗੀ ਮਦਦ
ਕਿਸਾਨਾਂ ਨੂੰ ਸੁੱਕੀ ਕਣਕ ਹੀ ਖ਼ਰੀਦ ਕੇਂਦਰਾਂ ਵਿਚ ਲਿਆਉਣ ਦੀ ਅਪੀਲ
ਕਪੂਰਥਲਾ ,ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)-
ਜ਼ਿਲੇ ਵਿਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਸਬੰਧੀ 98 ਖ਼ਰੀਦ ਕੇਂਦਰ ਬਣਾਏ ਗਏ ਹਨ, ਜਿਨਾਂ ਵਿਚ 42 ਦਾਣਾ ਮੰਡੀਆਂ ਅਤੇ 56 ਰਾਈਸ ਮਿੱਲਾਂ ਸ਼ਾਮਿਲ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲੇ ਵਿਚ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨਾਂ ਕਿਹਾ ਕਿ ਸੁਚੱਜੀ ਖ਼ਰੀਦ ਲਈ ਖ਼ਰੀਦ ਕੇਂਦਰਾਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਕਣਕ ਦਾ ਸਰਕਾਰੀ ਭਾਅ 1925 ਰੁਪਏ ਪ੍ਰਤੀ ਕੁਇੰਟਲ ਮਿੱਥਿਆ ਗਿਆ ਹੈ। ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ, ਜਿਸ ਦੀ ਨਮੀ 12 ਫੀਸਦੀ ਤੋਂ ਵਧੇਰੇ ਨਾ ਹੋਵੇ। ਉਨਾਂ ਇਹ ਵੀ ਅਪੀਲ ਕੀਤੀ ਕਿ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕਣਕ ਦੀ ਕਟਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ, ਆੜਤੀਆਂ, ਲੇਬਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਦੀ ਵਰਤੋਂ ਕਰਨ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਸਾਵਧਾਨੀਆਂ ਦਾ ਖਾਸ ਖਿਆਲ ਰੱਖਿਆ ਜਾਵੇ। ਉਨਾਂ ਹਦਾਇਤ ਕੀਤੀ ਕਿ ਸਾਰੇ ਖ਼ਰੀਦ ਕੇਂਦਰਾਂ ਨੂੰ ਸੈਨੀਟਾਈਜ਼ ਕੀਤਾ ਜਾਵੇ। ਉਨਾਂ ਕਿਹਾ ਕਿ ਖ਼ਰੀਦ ਕੇਂਦਰਾਂ ਵਿਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੋਂ ਇਲਾਵਾ ਜੀ. ਓ. ਜੀਜ਼ ਅਤੇ ਹੋਰਨਾਂ ਵਿਭਾਗਾਂ ਦੀ ਮਦਦ ਵੀ ਲਈ ਜਾਵੇਗੀ। ਉਨਾਂ ਦੱਸਿਆ ਕਿ ਪਿਛਲੀ ਖ਼ਰੀਦ ਦੇ ਰਿਕਾਰਡ ਨੂੰ ਵੇਖ ਕੇ ਕੂਪਨ ਅਲਾਟ ਕੀਤੇ ਜਾਣਗੇ ਅਤੇ ਇਕ ਟਰਾਲੀ ਲਈ ਕਿਸਾਨ ਨੂੰ ਇਕ ਕੂਪਨ ਦਿੱਤਾ ਜਾਵੇਗਾ।
ਉਨਾਂ ਕਿਹਾ ਕਿ ਜ਼ਿਲੇ ਵਿਚ ਕੰਬਾਇਨ ਮਾਲਕਾਂ ਨੂੰ ਅਣ-ਪੱਕੀ ਅਤੇ ਨਮੀ ਵਾਲੀ ਕਣਕ ਦੀ ਕਟਾਈ ਨਾ ਕਰਨ ਅਤੇ ਕਟਾਈ ਕਰਨ ਸਮੇਂ ਕੰਬਾਇਨਾਂ ਵਿਚ ਉਪਲਬੱਧ ਪੱਖਿਆਂ ਨੂੰ ਚਾਲੂ ਹਾਲਤ ਵਿਚ ਰੱਖਣ ਅਤੇ ਰਾਤ ਸਮੇਂ ਕਟਾਈ ਨਾ ਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲੋੜ ਪੈਣ ’ਤੇ ਆਪਣੀ ਜ਼ਰੂਰਤ ਪੂਰੀ ਕਰਨ ਲਈ ਹੀ ਮੂਵਮੈਂਟ ਕਰਨ ਅਤੇ ਬੇਲੋੜੀ ਅਤੇ ਬੇਵਜਾ ਮੂਵਮੈਂਟ ਨਾ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਡਾ. ਚਾਰੂਮਿਤਾ ਤੇ ਸ. ਰਣਦੀਪ ਸਿੰਘ ਹੀਰ, ਡੀ. ਐਫ ਐਸ. ਸੀ ਸ. ਸਰਤਾਜ ਸਿੰਘ ਚੀਮਾ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਜੀ. ਓ. ਜੀਜ਼ ਦੇ ਜ਼ਿਲਾ ਹੈੱਡ ਕਰਨਲ ਕੁਲਜਿੰਦਰ ਸਿੰਘ, ਡਿਪਟੀ ਡੀ. ਐਮ. ਓ ਸ੍ਰੀ ਰੁਪਿੰਦਰ ਮਿਨਹਾਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ ਤੇ ਹੋਰ ਅਧਿਕਾਰੀ।