You are here

ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ਬੂਟਿਆਂ ਦੀ ਸਾਂਭ-ਸੰਭਾਲ ਦੇ ਕੰਮ ਦਾ ਜਾਇਜ਼ਾ

ਗਰਮੀ ਦੇ ਮੱਦੇਨਜ਼ਰ ਵਣ ਮਿੱਤਰਾਂ ਨੂੰ ਦਿੱਤੀਆਂ ਵਿਸ਼ੇਸ਼ ਹਦਾਇਤਾਂ

ਕਪੂਰਥਲਾ , ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)-

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਹਰੇਕ ਗ੍ਰਾਮ ਪੰਚਾਇਤ ਵਿਚ ਪੰਜਾਬ ਸਰਕਾਰ ਦੀ ਪਹਿਲ ਸਦਕਾ ਲਗਾਏ ਗਏ 550 ਬੂਟਿਆਂ ਦੀ ਮਨਰੇਗਾ ਤਹਿਤ ਨਿਯੁਕਤ ਕੀਤੇ ਗਏ ਵਣ ਮਿੱਤਰਾਂ ਵੱਲੋਂ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਗਰਮੀ ਦੇ ਇਸ ਮੌਸਮ ਵਿਚ ਜਦੋਂ ਦਿਨ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਹੈ, ਇਨਾਂ ਕੋਮਲ ਬੂਟਿਆਂ ਦੀ ਸਾਂਭ-ਸੰਭਾਲ ਬੇਹੱਦ ਜ਼ਰੂਰੀ ਹੋ ਜਾਂਦੀ ਹੈ। ਇਸ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਗ੍ਰਾਮ ਪੰਚਾਇਤਾਂ ਵੱਲੋਂ ਹਰੇਕ 200 ਬੂਟਿਆਂ ਦੀ ਸਾਂਭ-ਸੰਭਾਲ ਲਈ ਇਕ ਵਣ ਮਿੱਤਰ ਨਿਯੁਕਤ ਕੀਤਾ ਗਿਆ ਹੈ, ਜੋ ਇਨਾਂ ਨੂੰ ਪਾਣੀ ਪਾਉਣ ਅਤੇ ਗੋਡੀ ਆਦਿ ਕਰਨ ਦਾ ਕੰਮ ਕਰ ਰਹੇ ਹਨ। ਪੰਜਾਬ ਭਰ ਵਿਚ ਲਗਾਏ ਗਏ 73 ਲੱਖ ਬੂਟਿਆਂ ਦੀ ਸਾਂਭ-ਸੰਭਾਲ ਕਰਨਾਂ ਇਕ ਚੁਨੌਤੀ ਭਰਿਆ ਕਾਰਜ ਹੈ, ਜਿਸ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਵਣ ਮਿੱਤਰਾਂ ਦੀ ਸਹਾਇਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ ਵੱਲੋਂ ਕਪੂਰਥਲਾ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਵਣ ਮਿੱਤਰਾਂ ਵੱਲੋਂ ਬੂਟਿਆਂ ਦੀ ਕੀਤੀ ਜਾ ਰਹੀ ਸਾਂਭ-ਸੰਭਾਲ ਦੇ ਕੰਮ ਦਾ ਜਾਇਜ਼ਾ ਲਿਆ ਗਿਆ।  ਉਨਾ ਵਣ ਮਿੱਤਰਾਂ ਨੂੰ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਗਰਮੀ ਦੇ ਮੱਦੇਨਜ਼ਰ ਬੂਟਿਆਂ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਲਗਾਏ ਗਏ ਇਨਾਂ ਬੂਟਿਆਂ ਦੀ ਸਾਂਭ-ਸੰਭਾਲ ਵਿਚ ਕੋਈ ਕਮੀ ਨਹੀਂ ਆਉਣੀ ਚਾਹੀਦੀ। ਇਸ ਮੌਕੇ ਬੀ. ਡੀ. ਪੀ. ਓ ਫਗਵਾੜਾ ਸ੍ਰੀ ਨੀਰਜ ਕੁਮਾਰ, ਏ. ਪੀ. ਓ ਮਨਰੇਗਾ ਸ੍ਰੀ ਸੁਰਿੰਦਰ ਕੁਮਾਰ ਅਤੇ ਗੁਰਪ੍ਰੀਤ ਸਿਘ ਹਾਜ਼ਰ ਸਨ।  

ਫੋਟੋ :-ਵਣ ਮਿੱਤਰਾਂ ਵੱਲੋਂ ਬੂਟਿਆਂ ਦੀ ਸਾਂਭ-ਸੰਭਾਲ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ।