You are here

ਜਲੰਧਰ ਦੀ ਸਥਿਤੀ ਦਾ ਮੁੱਖ ਮੰਤਰੀ ਨੇ ਫੋਨ 'ਤੇ ਲਿਆ ਜਾਇਜ਼ਾ 

ਸਿਵਲ ਸਰਜਨ ਡਾ. ਗੁਰਿੰਦਰ ਕੌਰ ਨਾਲ ਕੀਤੀ ਗੱਲਬਾਤ

ਚੰਡੀਗੜ੍ਹ , ਅਪ੍ਰੈਲ 2020 -( ਇਕ਼ਬਾਲ ਸਿੰਘ/ਮਨਜਿੰਦਰ ਗਿੱਲ)- ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੰਗਲਵਾਰ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਕੌਰ ਚਾਵਲਾ ਕੋਲੋਂ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਆ ਰਹੇ ਮਰੀਜ਼ਾਂ ਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਿਵਲ ਸਰਜਨ ਡਾ. ਚਾਵਲਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਜਾ ਰਿਹਾ ਹੈ ਤੇ ਉੱਥੇ ਆਈਸੋਲੇਟ ਕਰ ਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਪਾਜ਼ੇਟਿਵ ਆਉਣ ਵਾਲੇ ਜ਼ਿਆਦਾ ਮਰੀਜ਼ ਪਹਿਲਾਂ ਤੋਂ ਹੀ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ 'ਚੋਂ ਹੀ ਹਨ।

ਸਿਵਲ ਸਰਜਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਸਿਹਤ ਟੀਮਾਂ ਘਰ-ਘਰ ਜਾ ਕੇ ਮਰੀਜ਼ਾਂ ਦੀ ਪਛਾਣ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਬਾਹਰ ਨਾ ਨਿਕਲਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਸਰਜਨ ਨੂੰ ਪਾਜ਼ੇਟਿਵ ਦਾ ਇਲਾਜ ਕਰਨ ਦੇ ਨਾਲ-ਨਾਲ ਆਪਣਾ ਤੇ ਆਪਣੀ ਟੀਮ ਨੂੰ ਧਿਆਨ ਰੱਖਣ ਲਈ ਕਿਹਾ।