ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਅਖ਼ਤਿਆਰੀ ਫੰਡ ’ਤੇ ਸਾਲ ਲਈ ਰੋਕ
ਅੰਮ੍ਰਿਤਸਰ, ਮਈ 2020 (ਇਕਬਾਲ ਸਿੰਘ ਰਸੂਲਪੁਰ/ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ)
ਕਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਵਿੱਤੀ ਸੰਕਟ ਵਿਚੋਂ ਨਿਕਲਣ ਲਈ ਸ਼੍ਰੋਮਣੀ ਕਮੇਟੀ ਨੇ ਇਕ ਉੱਚ ਪੱਧਰੀ ਕਮੇਟੀ ਬਣਾਈ ਹੈ, ਜੋ ਸਮੁੱਚੇ ਵਿੱਤੀ ਮਾਮਲਿਆਂ ਦੀ ਸਮੀਖਿਆ ਕਰੇਗੀ। ਸੰਕਟ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਸਮੂਹ ਮੈਂਬਰਾਂ ਦੇ ਅਖਤਿਆਰੀ ਕੋਟੇ ’ਤੇ ਇਕ ਸਾਲ ਲਈ ਅਤੇ ਤਿੰਨ ਮਹੀਨੇ ਵਾਸਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੇਣ ’ਤੇ ਰੋਕ ਲਾ ਦਿੱਤੀ ਹੈ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕੀਤਾ ਗਿਆ ਹੈ। ਇਹ ਇਕੱਤਰਤਾ ਵੱਲਾ ਨੇੜੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵਿਚ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਉਚ ਪੱਧਰੀ ਸਮੀਖਿਆ ਕਮੇਟੀ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੁਖ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਮੂਹ ਗੁਰਦੁਆਰੇ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਵਿੱਤੀ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਮਾਰਗ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਹੈ। ਕੋਟ ਖਾਲਸਾ ਇਲਾਕੇ ਅਤੇ ਹਰਿਆਣਾ ਦੇ ਪਿਹੋਵਾ ਵਿਖੇ ਬੇਅਦਬੀ ਸਬੰਧੀ ਨਿਖੇਧੀ ਮਤਾ ਪਾਸ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।