ਚੰਡੀਗੜ੍ਹ ,ਮਈ 2020-(ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਸਖ਼ਤੀ ਕਰਨ ਲਈ ਜੁਰਮਾਨੇ ਵਸੂਲਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੀ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਨਿਰਧਾਰਤ ਕੀਤੇ ਗਏ ਜੁਰਮਾਨੇ ਸਖ਼ਤੀ ਨਾਲ ਲਾਗੂ ਕੀਤੇ ਜਾਣ ਤੇ ਹਦਾਇਤਾਂ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤੀ ਅਪਣਾਈ ਜਾਵੇ। ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਵੱਲੋਂ ਨਿਰਧਾਰਤ ਕੀਤੇ ਗਏ ਜੁਰਮਾਨਿਆਂ 'ਚ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ ਵਾਲੇ ਨੂੰ 500 ਰੁਪਏ, ਹੋਮ-ਕੁਆਰੰਟੀਨ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ, ਜਨਤਕ ਥਾਵਾਂ 'ਤੇ ਥੁੱਕਣ ਵਾਲੇ ਨੂੰ 500 ਰੁਪਏ, ਦੁਕਾਨਦਾਰਾਂ ਤੇ ਵਾਪਰਕ ਥਾਵਾਂ 'ਤੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ, ਬੱਸਾਂ 'ਚ ਸਮਾਜਿਕ ਦੂਰੀ ਨਿਯਮਾਂ ਦੀ ਉਲੰਘਣਾ ਕਰਨ 'ਤੇ 3000 ਰੁਪਏ, ਕਾਰਾਂ 'ਚ ਸਮਾਜਿਕ ਦੂਰੀ ਦੀ ਉਲੰਘਣਾ ਕਰਨ 'ਤੇ 2000 ਰੁਪਏ ਤੇ ਆਟੋ-ਰਿਕਸ਼ਾ ਤੇ ਦੋਪਹੀਆ ਵਾਹਨ 'ਤੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ 'ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਕੋਵਿਡ-19 ਦੀਆਂ ਹਦਾਇਤਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣ ਕਰਨ ਵਾਲੇ ਵਿਅਕਤੀ ਨੂੰ ਜੁਰਮਾਨਾ ਕਰਨ ਦਾ ਅਧਿਕਾਰ ਬੀਡੀਓਪੀ, ਨਾਇਬ ਤਹਿਸੀਲਦਾਰ ਅਤੇ ਏਐੱਸਆਈ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਨਿਯੁਕਤ ਅਧਿਕਾਰੀ ਵੱਲੋਂ ਐਪੀਡੈਮਿਕ ਡਿਜੀਜ਼ ਐਕਟ 1897 ਤਹਿਤ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਹਨ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵੱਲੋਂ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਉਸ ਖ਼ਿਲਾਫ਼ ਐਪੀਡੈਮਿਕ ਐਕਟ ਤਹਿਤ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।