ਅੰਮ੍ਰਿਤਸਰ, ਜੂਨ 2020-(ਗੁਰਕੀਰਤ ਸਿੰਘ/ਮਨਜਿੰਦਰ ਗਿੱਲ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀ ਐਸ.ਸੀ. ਸਕਾਲਰਸ਼ਿਪ ਦੇਣ ਦੀ ਅਪੀਲ ਕੀਤੀ ਹੈ। ਇਥੇ ਸਥਿਤ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਮਗਰੋਂ ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਕੁਝ ਸਾਲਾਂ ਤੋਂ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਬਣਦੀ ਐਸ.ਸੀ. ਸਕਾਲਰਸ਼ਿਪ ਨਹੀਂ ਦਿੱਤੀ ਗਈ। ਇਹ ਰਾਸ਼ੀ 40 ਕਰੋੜ ਰੁਪਏ ਤੋਂ ਜ਼ਿਆਦਾ ਬਣਦੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਇਸ ਸਕਾਲਰਸ਼ਿਪ ਦੀ ਬਣਦੀ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਵਿਦਿਅਕ ਅਦਾਰੇ ਹੋਰ ਬਿਹਤਰੀ ਨਾਲ ਵਿਦਿਆ ਦਾ ਚਾਨਣ ਵੰਡ ਸਕਣ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਘੱਲੂਘਾਰਾ ਦਿਵਸ ਮੌਕੇ ਘਰਾਂ ਵਿਚ ਰਹਿ ਕੇ ਸ਼ਹੀਦਾਂ ਨੂੰ ਯਾਦ ਕਰਨ। ਉਨ੍ਹਾਂ ਕਿਹਾ ਮੌਜੂਦਾ ਕੋਰੋਨਾ ਸੰਕਟ ਤੋਂ ਬਚਣ ਲਈ ਆਪਸੀ ਨਿਰਧਾਰਤ ਦੂਰੀ ਜ਼ਰੂਰੀ ਹੈ। ਇਸ ਦਾ ਪਾਲਣ ਘੱਲੂਘਾਰਾ ਦਿਵਸ ਮੌਕੇ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੋਵੇਗਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੋਧਨ ਕਰਨਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਆਖਿਆ ਕਿ ਗੁਰੂ ਘਰਾਂ ਅੰਦਰ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਪ੍ਰਬੰਧ ਹਨ। ਸਰਕਾਰ ਵੱਲੋਂ ਆਗਿਆ ਮਿਲਣ ਮਗਰੋਂ ਸੰਗਤਾਂ ਨੂੰ ਸਾਵਧਾਨੀ ਵਰਤਦਿਆਂ ਦਰਸ਼ਨ ਕਰਨ ਸਮੇਂ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰਦੁਆਰਾ ਸਾਹਿਬ ਅੰਦਰ ਲੋੜੀਂਦੇ ਪ੍ਰਬੰਧਾਂ ਦੀ ਵਿਵਸਥਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਿਮਰਜੀਤ ਸਿੰਘ, ਸਹਾਇਕ ਡਾਇਰੈਕਟਰ ਪ੍ਰਭਜੀਤ ਸਿੰਘ, ਪ੍ਰਿੰਸੀਪਲ ਸਤਵੰਤ ਕੌਰ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ : ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ’ਚ ਸ਼ਾਮਲ ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਹਰਜਿੰਦਰ ਸਿੰਘ ਧਾਮੀ, ਡਾ. ਰੂਪ ਸਿੰਘ, ਸ. ਮਹਿੰਦਰ ਸਿੰਘ ਆਹਲੀ ਅਤੇ ਹੋਰ।