ਸੁਲਤਾਨਪੁਰ ਲੋਧੀ, ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਮੌਕੇ ਸੁਲਤਾਨਪੁਰ ਲੋਧੀ ਵਿੱਚ ਸਾਰੀਆਂ ਧਿਰਾਂ ਨਾਲ ਰਲ ਕੇ ਸਾਂਝੇ ਤੌਰ ’ਤੇ ਇਕ ਹੀ ਧਾਰਮਿਕ ਸਟੇਜ ਲਗਾਈ ਜਾਵੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਗਏ ਆਦੇਸ਼ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ, ਭਾਰਤ ਸਰਕਾਰ ਅਤੇ ਸਾਰੀਆਂ ਸਿੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਸ਼ਤਾਬਦੀ ਸਮਾਗਮਾਂ ਸਬੰਧੀ ਬਣਾਈਆਂ ਗਈਆਂ ਵੱਖ ਵੱਖ ਕਮੇਟੀਆਂ ਨਾਲ ਮੀਟਿੰਗਾਂ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਾਰੀਆਂ ਧਿਰਾਂ ਅਤੇ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਏਗੀ। ਉਨ੍ਹਾਂ ਦੱਸਿਆ ਕਿ ਜਿਥੇ 8 ਨਵੰਬਰ ਤੋਂ 13 ਨਵੰਬਰ ਤੱਕ ਸੁਲਤਾਨਪੁਰ ਲੋਧੀ ਵਿਚ ਮੁੱਖ ਸਮਾਗਮ ਹੋਣਗੇ, ਉਥੇ ਹੀ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਕੁਝ ਹੋਰ ਸਮਾਗਮ ਵੀ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਅੰਤਰ-ਧਰਮ ਸੰਵਾਦ ਸੰਮੇਲਨ, ਸਿੱਖ ਇਸਤਰੀ ਸੰਮੇਲਨ, ਵਿਸ਼ਵ ਸਿੱਖ ਸੰਮੇਲਨ, ਸ਼ਬਦ ਵਿਚਾਰ ਤੇ ਰਾਗ ਦਰਬਾਰ, ਇਨਾਮੀ ਕਵੀ ਦਰਬਾਰ, ਸਕੂਲਾਂ ਕਾਲਜਾਂ ਅੰਦਰ ਢਾਡੀ ਤੇ ਕਵੀਸ਼ਰੀ ਮੁਕਾਬਲੇ ਵਿਸ਼ੇਸ਼ ਹੋਣਗੇ। ਇਸ ਤੋਂ ਇਲਾਵਾ 101 ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਸ਼ਖ਼ਸੀਅਤਾਂ ਦੀ ਚੋਣ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੂਲ ਸਿਧਾਂਤ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਨੂੰ ਸਨਮੁੱਖ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਸਮਾਗਮਾਂ ਸਬੰਧੀ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀ ਰਿਹਾਇਸ਼ ਅਤੇ ਲੰਗਰ ਆਦਿ ਸਬੰਧੀ ਪ੍ਰਬੰਧਾਂ ਨੂੰ ਅੰਤਮ ਰੂਪ ਦੇਣ ਲਈ ਵੀ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਇਨ੍ਹਾਂ ਪ੍ਰਬੰਧਾਂ ਲਈ ਜ਼ਮੀਨ ਠੇਕੇ ’ਤੇ ਲਵੇਗੀ ਅਤੇ ਇਸ ਲਈ ਗੱਲਬਾਤ ਆਖ਼ਰੀ ਪੜਾਅ ’ਤੇ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸੇ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਕਾਰਜਾਂ ਅਤੇ ਗੁਰਦੁਆਰਾ ਸੰਤਘਾਟ ਨਜ਼ਦੀਕ ਤਿਆਰ ਕੀਤੇ ਜਾ ਰਹੇ ਮੂਲ ਮੰਤਰ ਅਸਥਾਨ ਦਾ ਜਾਇਜ਼ਾ ਵੀ ਲਿਆ।