ਚੰਡੀਗੜ੍ਹ, ਮਾਰਚ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਹਾੜੀ ਦੇ ਸੀਜ਼ਨ ’ਚ ਕਣਕ ਦੀ ਖਰੀਦ ਲਈ ਪੰਜਾਬ ਨੂੰ 19,240.91 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ (ਸੀਸੀਐੱਲ) ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ 130 ਲੱਖ ਟਨ ਕਣਕ ਦੀ ਖਰੀਦ ਕਰਨ ਵਾਸਤੇ ਮੰਗੀ ਗਈ ਸੀਸੀਐੱਲ ਰਾਸ਼ੀ ਵਿੱਚੋਂ ਕੇਂਦਰੀ ਬੈਂਕ ਵੱਲੋਂ ਇਹ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸੀਸੀਐੱਲ ਜਾਰੀ ਹੋਣ ਨਾਲ ਪੰਜਾਬ ਸਰਕਾਰ ਨੂੰ ਕਣਕ ਦੀ ਖਰੀਦ ਮਗਰੋਂ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ’ਚ ਮਦਦ ਮਿਲੇਗੀ। ਹਾੜੀ ਦਾ ਸੀਜ਼ਨ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਕੇ 25 ਮਈ ਤੱਕ ਚੱਲੇਗਾ। ਕੇਂਦਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 1840 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ ਜੋ ਪਿਛਲੇ ਸਾਲ ਦੇ 1735 ਰੁਪਏ ਨਾਲੋਂ 105 ਰੁਪਏ ਵੱਧ ਹੈ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹਦਾਇਤਾਂ ਕੀਤੀਆਂ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।