ਲੁਧਿਆਣਾ, ਜੂਨ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਲੁਧਿਆਣਾ ਪੁਲਿਸ ਦੇ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਸ਼ਹਿਰ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਿਸ਼ਨ ਫਤਿਹ' ਮੁਹਿੰਮ ਦਾ ਹਿੱਸਾ ਬਣਨ ਅਤੇ ਹੋਰ ਲੋਕਾਂ ਨੂੰ ਵੀ ਇਸ ਨਾਲ ਜੁੜਨ ਲਈ ਪ੍ਰੇਰਨ। ਅੱਜ ਉਹ ਲੁਧਿਆਣਾ ਪੁਲਿਸ ਦੇ ਫੇਸਬੁੱਕ ਪੇਜ਼ 'ਤੇ ਲਾਈਵ ਸੈਸ਼ਨ ਦੌਰਾਨ ਸ਼ਹਿਰ ਵਾਸੀਆਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਅਗਰਵਾਲ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਜ਼ਰੂਰੀ ਹੈ ਕਿ ਉਹ ਆਪਣੇ ਮੋਬਾਈਲ ਵਿੱਚ ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਿਹ ਦਾ ਹਿੱਸਾ ਬਣਨ। ਉਨਾਂ ਕਿਹਾ ਕਿ ਇਸ ਐਪ ਕੋਵਿਡ 19 ਦੀਆਂ ਸਾਵਧਾਨੀਆਂ ਸਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ 'ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲਾ ਪ੍ਰਸਾਸ਼ਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀ-ਸ਼ਰਟਾਂ ਰਾਹੀਂ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ। ਇਸ ਲਈ ਕੋਵਾ ਐਪ 'ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਿਨਾ ਲੋਕ 9465339933 'ਤੇ ਮਿਸ ਕਾਲ ਕਰਕੇ ਵੀ ਮਿਸ਼ਨ ਫਤਿਹ ਨਾਲ ਜੁੜ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਮੁਤਾਬਿਕ ਆਗਾਮੀ ਸ਼ਨਿੱਚਰਵਾਰ ਅਤੇ ਤਵਾਰ (20 ਅਤੇ 21 ਜੂਨ) ਨੂੰ ਵੀ ਲੌਕਡਾਊਨ ਵਰਗੀ ਸਥਿਤੀ ਰਹੇਗੀ, ਜਿਸ ਲਈ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਨਾਜ਼ੁਕ ਸਥਿਤੀ ਵਿੱਚ ਕੋਵਿਡ 19 ਸੰਬੰਧੀ ਜਾਰੀ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾ ਰਹੇ ਹਨ, ਜੋ ਕਿ ਲਗਾਤਾਰ ਜਾਰੀ ਰਹਿਣਗੇ। ਜੇਕਰ ਲੋਕਾਂ ਨੇ ਜ਼ਰੂਰੀ ਕੰਮ ਲਈ ਘਰੋਂ ਬਾਹਰ ਨਿਕਲਣਾ ਵੀ ਹੈ ਤਾਂ ਉਹ ਕੋਵਾ ਐਪ ਰਾਹੀਂ ਈ-ਪਾਸ ਇਸ਼ੂ ਕਰਵਾ ਲੈਣ। ਇਸ ਤੋਂ ਪਹਿਲਾਂ ਲੁਧਿਆਣਾ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਪੁਨੀਤਪਾਲ ਸਿੰਘ ਗਿੱਲ ਵੱਲੋਂ ਰਾਕੇਸ਼ ਕੁਮਾਰ ਅਗਰਵਾਲ ਨੂੰ ਬੈਜ ਲਗਾਇਆ ਗਿਆ। ਇਸ ਤੋਂ ਇਲਾਵਾ ਲੁਧਿਆਣਾ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਫਰੰਟਲਾਈਨ ਵਾਰੀਅਰਜ਼ ਨੂੰ ਵੀ ਬੈਜਾਂ ਦੀ ਵੰਡ ਕੀਤੀ ਗਈ ਹੈ।