ਮਹਿਲ ਕਲਾਂ /ਬਰਨਾਲਾ -ਜੂਨ 2020 (ਗੁਰਸੇਵਕ ਸਿੰਘ ਸੋਹੀ)- ਮਹਿਲ ਕਲਾਂ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਜਥੇਬੰਦੀ ਦੇ ਸੂਬਾ ਸਕੱਤਰ ਮਾਸਟਰ ਯਸ਼ਪਾਲ ਸਿੰਘ ਮਹਿਲ ਕਲਾਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੋਂ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਜਥੇਬੰਦੀ ਦੇ ਆਗੂਆਂ ਤੇ ਇਕੱਤਰ ਹੋਏ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸੂਬਾ ਸਕੱਤਰ ਮਾਸਟਰ ਯਸ਼ਪਾਲ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀਆਂ ਨਾਲ ਜੂਝ ਰਿਹਾ ਹੈ ਉਤੋਂ ਮੋਦੀ ਸਰਕਾਰ ਕਿਸਾਨ ਵਿਰੋਧੀ ਫ਼ੈਸਲੇ ਲੈ ਕੇ ਕਿਸਾਨੀ ਕਿੱਤੇ ਨੂੰ ਖ਼ਤਮ ਕਰ ਕੇ ਸਰਮਾਏਦਾਰੀ ਪੱਖੀ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਤਾਲਾਬੰਦੀ ਦੌਰਾਨ ਲੋਕਾਂ ਨੂੰ ਕੋਈ ਰਾਹਤ ਦੇਣ ਦੀ ਬਜਾਏ ਪੈਟਰੋਲ ਤੇ ਡੀਜ਼ਲ ਦੇ ਭਾਅ 'ਚ ਅਥਾਹ ਵਾਧਾ ਕੀਤਾ ਹੈ ਜਿਸ ਨਾਲ ਪਹਿਲਾਂ ਹੀ ਬੇਹੱਦ ਮਾੜੇ ਦੌਰ 'ਚੋਂ ਲੰਘ ਰਹੀ ਸੂਬੇ ਦੀ ਕਿਸਾਨੀ, ਆਮ ਲੋਕਾਂ ਤੇ ਬਹੁਤ ਵੱਡਾ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਕੇਂਦਰ ਤੇ ਰਾਜ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਦਾ ਡਟਵਾਂ ਵਿਰੋਧ ਕਰੇਗੀ ਤੇ ਕਿਸੇ ਵੀ ਹਾਲਤ 'ਚ ਕਿਸਾਨ ਵਿਰੋਧੀ ਫ਼ੈਸਲਿਆਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਯੂਨਿਟ ਮਹਿਲ ਕਲਾਂ ਦੇ ਪ੍ਰਧਾਨ ਬਲਦੇਵ ਸਿੰਘ ਔਜਲਾ ਨੇ ਕੇਂਦਰ ਤੇ ਰਾਜ ਸਰਕਾਰ ਪਾਸੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲੈਣ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੱਗੇ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਹਰਬੰਸ ਸਿੰਘ ਬੈਨੀਪਾਲ, ਗੁਲਜਾਰ ਸਿੰਘ, ਚੰਦ ਸਿੰਘ ਫ਼ੌਜੀ, ਗੁਰਮੇਲ ਸਿੰਘ ਫੌਜੀ, ਗੁਰਚਰਨ ਸਿੰਘ , ਮਾਸਟਰ ਬਿਕਰ ਸਿੰਘ, ਲੱਖਾ ਸਿੰਘ, ਚਮਕੌਰ ਸਿੰਘ, ਮੁਖਤਿਆਰ ਸਿੰਘ , ਬੰਤ ਸਿੰਘ, ਦਰਸ਼ਨ ਸਿੰਘ ਹਾਜ਼ਰ ਸਨ।