ਲਾਹੌਰ ਜੂਨ 2020-(ਏਜੰਸੀ ) ਪਾਕਿਸਤਾਨ ਨੇ ਤਿੰਨ ਮਹੀਨਿਆਂ ਪਿੱਛੋਂ ਸੋਮਵਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ। ਇਹ ਲਾਂਘਾ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਆਰਜ਼ੀ ਤੌਰ 'ਤੇ ਬੰਦ ਕੀਤਾ ਗਿਆ ਸੀ। ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ 16 ਮਾਰਚ ਨੂੰ ਕਰਤਾਰਪੁਰ ਲਾਂਘਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਇਵਾਕਿਊ ਟਰੱਸਟ ਪ੍ਰਰਾਪਰਟੀ ਬੋਰਡ ਦੇ ਡਿਪਟੀ ਡਾਇਰੈਕਟਰ ਇਮਰਾਨ ਖ਼ਾਨ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਭਾਰਤ ਦਾ ਕੋਈ ਵੀ ਸ਼ਰਧਾਲੂ ਕਰਤਾਰਪੁਰ ਸਾਹਿਬ ਨਹੀਂ ਪੁੱਜਾ। ਉਨ੍ਹਾਂ ਦੱਸਿਆ ਕਿ ਸਰੀਰਕ ਦੂਰੀ ਦੇ ਨਿਯਮ ਕਾਰਨ ਪਾਕਿਸਤਾਨ ਤੋਂ ਵੀ ਕੋਈ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਨਹੀਂ ਪੁੱਜਾ ਤੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਅਰਦਾਸ ਕੀਤੀ ਗਈ।
ਇਸ ਤੋਂ ਪਹਿਲੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਾਰੇ ਸਿੱਖ ਸ਼ਰਧਾਲੂਆਂ ਲਈ 29 ਜੂਨ ਤੋਂ ਕਰਤਾਰਪੁਰ ਲਾਂਘਾ ਖੋਲ੍ਹ ਰਿਹਾ ਹੈ। ਭਾਰਤ ਸਰਕਾਰ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਪਿੱਛੋਂ ਹੀ ਕਰਤਾਰਪੁਰ ਲਾਂਘਾ ਖੋਲਿ੍ਹਆ ਜਾਵੇਗਾ। ਭਾਰਤ ਸਰਕਾਰ ਦੇ ਇਕ ਅਧਿਕਾਰੀ ਨੇ ਇਸ ਗੱਲ 'ਤੇ ਹੈਰਾਨੀ ਪ੍ਰਗਟ ਕੀਤੀ ਸੀ ਕਿ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਤੋਂ ਪਹਿਲੇ ਪਾਕਿ ਨੇ ਇਕ ਹਫ਼ਤੇ ਦਾ ਵਕਫਾ ਵੀ ਨਹੀਂ ਰੱਖਿਆ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੋਵਾਂ ਦੇਸ਼ਾਂ ਦੀ ਰਜ਼ਾਮੰਦੀ ਨਾਲ ਕਰਤਾਰਪੁਰ ਲਾਂਘਾ ਖੋਲਿ੍ਹਆ ਗਿਆ ਸੀ ਜੋਕਿ ਭਾਰਤ ਦੇ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਨੂੰ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਲ ਜੋੜਦਾ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿਚ ਰਾਵੀ ਦਰਿਆ ਦੇ ਕਿਨਾਰੇ 'ਤੇ ਸਥਿਤ ਹੈ ਤੇ ਇੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਬਤੀਤ ਕੀਤੇ ਸਨ। ਭਾਰਤ ਦੇ ਹਰ ਫਿਰਕੇ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਵੀਜ਼ਾ ਫ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।