ਚੰਡੀਗੜ੍ਹ,1 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ ਪੰਜ ਹੋ ਗਈ ਹੈ ਪਰ ਦੋ ਅਹਿਮ ਹਲਕਿਆਂ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਅਜੇ ਤੱਕ ਨਹੀਂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਟਿੰਗ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ, ਸਾਬਕਾ ਆਈ.ਏ.ਐੱਸ. ਅਧਿਕਾਰੀ ਦਰਬਾਰਾ ਸਿੰਘ ਗੁਰੂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ। ਪਟਿਆਲਾ ਹਲਕੇ ਤੋਂ ਰੱਖੜਾ ਦੀ ਟੱਕਰ ਸ਼ਾਹੀ ਘਰਾਣੇ ਦੀ ਉਮੀਦਵਾਰ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ‘ਆਪ’ ਦੇ ਬਾਗੀ ਆਗੂ ਤੇ ਸਿਟਿੰਗ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਹੋਵੇਗੀ। ਡਾ. ਗਾਂਧੀ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਨਵੀਂ ਪਾਰਟੀ ਬਣਾ ਲਈ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਅਤੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਲੋਕ ਸਭਾ ਹਲਕਿਆਂ ਤੋਂ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ। ਪ੍ਰੋ. ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਤਾਂ ਕਾਫ਼ੀ ਪਹਿਲਾਂ ਹੋ ਚੁੱਕਿਆ ਸੀ ਪਰ ਰਸਮੀ ਐਲਾਨ ਅੱਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ੍ਰੀ ਦਰਬਾਰਾ ਸਿੰਘ ਗੁਰੂ ਬਾਰੇ ਵੀ ਕੁਝ ਸਮਾਂ ਪਹਿਲਾਂ ਫੈਸਲਾ ਲੈ ਲਿਆ ਗਿਆ ਸੀ ਪਰ ਰਸਮੀ ਐਲਾਨ ਹੀ ਕਰਨਾ ਬਾਕੀ ਸੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਲੁਧਿਆਣਾ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਤੋਂ ਢੁਕਵੇਂ ਉਮੀਦਵਾਰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਤਕ ਸਫਲਤਾ ਹੱਥ ਨਹੀਂ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਕਰਨ ਵਿਚ ਉਡੀਕ ਕਰਨ ਦੀ ਨੀਤੀ ਅਪਣਾਈ ਗਈ ਹੈ। ਬਠਿੰਡਾ ਤੋਂ ਸਿਟਿੰਗ ਲੋਕ ਸਭਾ ਮੈਂਬਰ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਹੈ ਪਰ ਇਹ ਗਿਣਤੀ-ਮਿਣਤੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਲਈ ਬਠਿੰਡਾ ਤੇ ਫਿਰੋਜ਼ਪੁਰ ਵਿੱਚੋਂ ਕਿਹੜਾ ਹਲਕਾ ਬਿਹਤਰ ਰਹੇਗਾ। ਅਕਾਲੀ ਦਲ ਦੇ ਸੀਨੀਅਰ ਆਗੂ ਦਾ ਕਹਿਣਾ ਹੈ ਕਿ ਸ੍ਰੀਮਤੀ ਬਾਦਲ ਨੂੰ ਬਠਿੰਡਾ ਤੋਂ ਚੋਣ ਲੜਨੀ ਚਾਹੀਦੀ ਹੈ ਕਿਉਂਕਿ ਹਲਕਾ ਬਦਲਣ ਨਾਲ ਗਲਤ ਸੰਕੇਤ ਜਾਣਗੇ। ਇਸ ਲਈ ਬਾਦਲਾਂ ਨੂੰ ਜਲਦੀ ਫ਼ੈਸਲਾ ਕਰਨਾ ਪਵੇਗਾ।