ਨਵੀਂ ਦਿੱਲੀ, ਅਪਰੈਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸੜਕ ਰਸਤੇ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕੀਤਾ ਹੈ। ਆਗੂਆਂ ਨੇ ਦੱਸਿਆ ਕਿ ਨਗਰ ਕੀਰਤਨ ਸਜਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਕਮੇਟੀ ਨੇ ਪਾਕਿਸਤਾਨ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਆਖਿਆ ਹੈ ਕਿ ਕਮੇਟੀ ਦੀ ਟੀਮ ਦੀ ਪਾਕਿਸਤਾਨ ਵਿਚ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਣਾਈ ਗਈ ਤਿਆਰੀ ਕਮੇਟੀ ਨਾਲ ਮੀਟਿੰਗ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰ ਈਆਂ ਜਾਣ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕੌਮੀ ਰਾਜਧਾਨੀ ਵਿਚ ਆਈਪੀ ਸਟੇਡੀਅਮ ਵਿਚ 21 ਸਤੰਬਰ ਨੂੰ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਵਿਚ ਦਿੱਲੀ ਗੁਰਦੁਆਰਾ ਕਮੇਟੀ ਨਾਲ ਸਬੰਧਿਤ ਸਕੂਲਾਂ ਦੇ 1100 ਵਿਦਿਆਰਥੀ ਇਕੋ ਸਮੇਂ ਕੀਰਤਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਗੁਰੂ ਦੇ ਜੀਵਨ ਨਾਲ ਸਬੰਧਤ ਲੇਜ਼ਰ ਸ਼ੋਅ ਵੀ ਕਰਵਾਇਆ ਜਾਵੇਗਾ। ਪ੍ਰਧਾਨ ਨੇ ਦੱਸਿਆ ਕਿ ਅਜਿਹਾ ਦੂਜਾ ਕੀਰਤਨ ਦਰਬਾਰ ਅਕਤੂਬਰ ਮਹੀਨੇ ਵਿਚ ਕਰਵਾਇਆ ਜਾਵੇਗਾ ਤੇ 12 ਅਕਤੂਬਰ ਨੂੰ ਇੰਡੀਆ ਗੇਟ ’ਤੇ ਹੋਣ ਵਾਲੇ ਇਸ ਕੀਰਤਨ ਦਰਬਾਰ ਵਿਚ ਵਿਸ਼ਵ ਪ੍ਰਸਿੱਧ 550 ਰਾਗੀ ਸਿੰਘ ਇਕੋ ਸਮੇਂ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ਤੰਤੀ ਸਾਜ਼ਾਂ ਨਾਲ ਕਰਨਗੇ।