ਚੰਡੀਗੜ੍ਹ , ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਜਦੋਂ ਤਕ ਉਨ੍ਹਾਂ ਦੇ ਸਾਹਾਂ 'ਚ ਸਾਹ ਹਨ, ਉਹ ਪਾਰਟੀ ਭੰਗ ਨਹੀਂ ਕਰਨਗੇ। ਉਨ੍ਹਾਂ ਪੰਥਕ ਏਕਤਾ ਲਈ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਸਾਰੀਆਂ ਧਿਰਾਂ ਨਾਲ ਏਕਤਾ ਦਾ ਰਸਤਾ ਖੁੱਲ੍ਹਾ ਹੋਣ ਦੀ ਗੱਲ ਕਹੀ ਹੈ। ਉਨ੍ਹਾਂ ਦੱਸਿਆ ਕਿ ਕੋਰ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਪੰਥਕ ਲਹਿਰ ਨਾਲ ਮਿਲ ਕੇ ਲੜੀਆਂ ਜਾਣਗੀਆਂ। ਉਨ੍ਹਾਂ ਦਸਿਆ ਕਿ ਕੋਰ ਕਮੇਟੀ ਨੇ ਵੀਰਵਾਰ ਨੂੰ ਸੇਵਾ ਸਿੰਘ ਸੇਖਵਾਂ ਤੇ ਬੀਰ ਦਵਿੰਦਰ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ ਕਰਦੇ ਹੋਏ ਉਨ੍ਹਾਂ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਆਪਣਾ ਜਰਨੈਲ ਮੰਨਿਆ ਸੀ ਪਰ ਅਕਾਲੀ ਦਲ ਟਕਸਾਲੀ ਭੰਗ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰ ਕੇ ਦਲ ਗਠਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਆਗੂਆਂ ਨਾਲ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲ ਕੇ ਅਪੀਲ ਕਰਨਗੇ ਕਿ ਜਿਹੜੇ ਲੋਕ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰ ਕੇ ਮੁਨਕਰ ਹੁੰਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਪ੍ਰਕਿਰਿਆ ਅਮਲ 'ਚ ਲਿਆਉਣ ਦੀ ਯੋਜਨਾ ਬਣਾਈ ਜਾਵੇ। ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁਖੀ ਨੂੰ ਮਾਫ਼ੀ ਦੇਣ ਬਾਰੇ ਕੋਈ ਸਲਾਹ ਨਹੀਂ ਕੀਤੀ, ਬਲਕਿ ਉਨ੍ਹਾਂ ਨੂੰ ਬਾਅਦ 'ਚ ਪਤਾ ਲੱਗਾ ਸੀ। ਚੋਣਾਂ ਹਾਰਨ ਤੋਂ ਬਾਅਦ ਪਾਰਟੀ ਦੀ ਹੋਈ ਮੀਟਿੰਗ 'ਚ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਕਰ ਕੇ ਪਾਰਟੀ ਦਾ ਨੁਕਸਾਨ ਹੋ ਰਿਹਾ ਹੈ ਪਰ ਉਨ੍ਹਾਂ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਢੀਂਡਸਾ ਨੇ ਨਵੀਂ ਪਾਰਟੀ ਬਣਾਉਣ ਬਾਰੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ, ਜਿਸ ਕਰਕੇ ਉਨ੍ਹਾਂ ਨੂੰ ਢੀਂਡਸਾ ਪ੍ਰਤੀ ਗੁੱਸਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਤੇ ਕਾਂਗਰਸ ਨੂੰ ਹਰਾਉਣ ਲਈ ਸਾਰੀਆਂ ਧਿਰਾਂ ਨੂੰ ਇਕ ਮੰਚ 'ਤੇ ਆਉਣਾ ਪਵੇਗਾ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਅੱਠ ਮਤੇ ਪਾਸ ਕੀਤੇ ਗਏ ਅਤੇ ਪਾਰਟੀ ਦਾ ਵਿਧਾਨ ਬਣਾਉਣ ਲਈ ਕਰਨੈਲ ਸਿੰਘ ਪੀਰ ਮੁਹੰਮਦ, ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ ਅਤੇ ਜਥੇਦਾਰ ਮਨਮੋਹਨ ਸਿੰਘ ਸਠਿਆਲਾ 'ਤੇ ਆਧਾਰਤ ਤਿੰਨ ਮੈਬਰੀ ਕਮੇਟੀ ਬਣਾਈ ਗਈ। ਜਦੋਂ ਕਿ ਪਾਰਟੀ ਦਾ ਖਜ਼ਾਨਚੀ ਸਾਹਿਬ ਸਿੰਘ ਬਡਾਲੀ ਨੂੰ ਬਣਾਇਆ ਗਿਆ ਹੈ। ਡੇਰਾ ਪੈਰੋਕਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਗੱਲ ਕਬੂਲਣ ਦੇ ਮਾਮਲੇ 'ਚ ਕੋਰ ਕਮੇਟੀ ਨੇ ਮਤਾ ਪਾਸ ਕਰ ਕੇ ਸੁਖਬੀਰ ਸਿੰਘ ਬਾਦਲ ਨੂੰ ਬਰਾਬਰ ਦਾ ਭਾਗੀਦਾਰ ਮੰਨਦੇ ਹੋਏ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸੁਖਬੀਰ ਬਾਦਲ ਖ਼ਿਲਾਫ਼ ਕਰੜੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ।