You are here

ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 86 ਹੋਈ

 

ਤਿੰਨ ਜ਼ਿਲ੍ਹਿਆਂ ਵਿੱਚ 100 ਥਾਵਾਂ ’ਤੇ ਛਾਪੇਮਾਰੀ ਕਰ ਕੇ 17 ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ  

ਚੰਡੀਗੜ੍ਹ , ਅਗਸਤ2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਤਰਨ ਤਾਰਨ ਵਿੱਚ 63 ਹੋਰ ਮੌਤਾਂ ਨਾਲ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 86 ਹੋ ਗਈ ਹੈ ਤੇ ਪੁਲੀਸ ਨੇ ਸਭ ਤੋਂ ਵਧ ਪ੍ਰਭਾਵਿਤ ਤਿੰਨ ਜ਼ਿਲ੍ਹਿਆਂ ਵਿੱਚ 100 ਥਾਵਾਂ ’ਤੇ ਛਾਪੇਮਾਰੀ ਕਰ ਕੇ 17 ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਮਿਲਾ ਕੇ ਕੇਸ ਵਿੱਚ ਹੁਣ ਤਕ 25 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਸ਼ੁੱਕਰਵਾਰ ਰਾਤ ਤਕ ਤਰਨ ਤਾਰਨ ਵਿਚ 19 ਮੌਤਾਂ ਹੋਈਆਂ ਸਨ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਤਰਨਤਾਰਨ ਵਿੱਚ ਮਰਨ ਵਾਲਿਆਂ ਦੀ ਗਿਣਤੀ 63 ਤੱਕ ਪਹੁੰਚ ਗਈ ਹੈ। ਸਭ ਤੋਂ ਵੱਧ ਮੌਤਾਂ ਜ਼ਿਲ੍ਹੇ ਦੇ ਸਦਰ ਅਤੇ ਸ਼ਹਿਰੀ ਇਲਾਕਿਆਂ ਵਿੱਚ ਹੋਈਆਂ ਹਨ। ਤਰਨਤਾਰਨ ਤੋਂ ਇਲਾਵਾ ਬੁੱਧਵਾਰ ਦੀ ਰਾਤ ਤੋਂ ਅੰਮ੍ਰਿਤਸਰ ਵਿਚ 12 ਅਤੇ ਗੁਰਦਾਸਪੁਰ ਦੇ ਬਟਾਲਾ ਵਿਚ 11 ਮੌਤਾਂ ਦੀ ਖ਼ਬਰ ਹੈ। ਅਧਿਕਾਰੀਆਂ ਨੇ ਕਿਹਾ ਕਿ ਕਈ ਪੀੜਤਾਂ ਦੇ ਪਰਿਵਾਰ ਆਪਣੇ ਬਿਆਨ ਦਰਜ ਕਰਾਉਣ ਲਈ ਅੱਗੇ ਨਹੀਂ ਆ ਰਹੇ ਸਨ ਪਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਪ੍ਰੇਰਿਆ ਗਿਆ ਹੈ। ਇਸ ਦੌਰਾਨ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਕੁਝ ਪਰਿਵਾਰਾਂ ਨੇ ਇਹ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਸ਼ਰਾਬ ਪੀਣ ਤੋਂ ਬਾਅਦ ਦਮ ਤੋੜਿਆ। ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਦਿਲ ਦੇ ਦੌਰੇ ਨਾਲ ਹੋਈ ਹੈ। ਤਰਨਤਾਰਨ ਦੇ ਡੀਸੀ ਕੁਲਵੰਤ ਸਿੰਘ ਨੇ ਕਿਹਾ ਕਿ ਕੁਝ ਪਰਿਵਾਰਾਂ ਨੇ ਪੁਲੀਸ ਨੂੰ ਦੱਸੇ ਬਿਨਾਂ ਲਾਸ਼ਾਂ ਦਾ ਸਸਕਾਰ ਵੀ ਕਰ ਦਿੱਤਾ ਹੈ।