You are here

ਬਾਦਲ ਪਰਿਵਾਰ ਨੇ ਡੇਰਾ ਮੁਖੀ ਨੂੰ ਬਿਨਾਂ ਮੰਗੇ ਮੁਆਫ਼ੀ ਦਿਵਾਈ: ਖਾਲਸਾ

ਬਰਨਾਲਾ, ਅਪਰੈਲ  ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਸਾਰੀਆਂ ਛੋਟੀਆਂ ਪਾਰਟੀਆਂ ਨੂੰ ਆਪਣੇ ਗਿਲੇ-ਸ਼ਿਕਵੇ ਦੂਰ ਕਰਕੇ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਹਰਾਉਣ ਦਾ ਸੱਦਾ ਦਿੱਤਾ ਹੈ। ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਸ੍ਰੀ ਖਾਲਸਾ ਨੇ ਕਿਹਾ ਕਿ ਜੇਕਰ ਪੰਜਾਬੀਆਂ ਦੀ ਆਵਾਜ਼ ਦਿੱਲੀ ਤਕ ਪਹੁੰਚਾਉਣੀ ਹੈ ਤਾਂ ਸਾਰੇ ਪੰਜਾਬ ’ਚ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਮਾਤ ਦੇਣੀ ਹੀ ਪਵੇਗੀ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲ ਤਖ਼ਤ ਦੇ ਜਥੇਦਾਰ ਤੋਂ ਹੁਕਮ ਜਾਰੀ ਕਰਵਾ ਕੇ ਧੱਕੇ ਨਾਲ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਈ ਸੀ ਜਦੋਂਕਿ ਡੇਰਾ ਮੁਖੀ ਨੇ ਮੁਆਫ਼ੀ ਨਹੀਂ ਮੰਗੀ ਸੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਹੀ ਹਿੰਦੂ-ਸਿੱਖ ਪੱਤਾ ਖੇਡ ਰਿਹਾ ਹੈ। ਸ੍ਰੀ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲ ਪਰਿਵਾਰ ਨੇ ਆਪਣੀ ਨਿੱਜੀ ਪਾਰਟੀ ਬਣਾਇਆ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮਿਲਣ ਵਾਲੀ ਵਜ਼ੀਫ਼ਾ ਰਾਸ਼ੀ ’ਚ ਹੋਏ ਘਪਲੇ ਦੀ ਜਾਂਚ ਸੂਬਾ ਸਰਕਾਰ ਵੱਲੋਂ ਹਾਲੇ ਤੱਕ ਨਹੀਂ ਕਰਵਾਈ ਗਈ। ਜਾਣਕਾਰੀ ਅਨੁਸਾਰ ਰਾਜਦੇਵ ਸਿੰਘ ਖਾਲਸਾ 1989 ’ਚ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਉਸ ਵੇਲੇ ਉਹ ਖਾਲਸਾ ਯੂਨਾਈਟਿਡ ਅਕਾਲੀ ਦਲ ਦੇ ਉਮੀਦਵਾਰ ਸਨ।