ਵਰਮਾ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ 25, ਅਰੋੜਾ ਨਿਊਰੋ ਸੈਂਟਰ ਵਿਖੇ 10 ਬਿਸਤਰਿਆਂ ਵਾਲੇ ਕੋਵਿਡ ਕੇਅਰ ਸੈਂਟਰ ਸ਼ੁਰੂ
ਡਿਪਟੀ ਕਮਿਸ਼ਨਰ ਵੱਲੋ ਹੋਰ ਨਿੱਜੀ ਹਸਪਤਾਲਾਂ ਨੂੰ ਇਸ ਔਖੀ ਘੜੀ 'ਚ ਜ਼ਿਲ੍ਹਾਂ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ
ਲੁਧਿਆਣਾ, ਅਗਸਤ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)
ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ, ਦੋ ਹੋਰ ਨਿੱਜੀ ਹਸਪਤਾਲਾਂ ਨੇ ਅੱਜ ਤੋਂ ਆਪਣੇ ਹਸਪਤਾਲਾਂ 'ਚ ਕੋਵਿਡ ਕੇਅਰ ਸੈਂਟਰ ਸ਼ੁਰੂ ਕੀਤੇ ਹਨ। ਇਨ੍ਹਾਂ ਵਿੱਚ ਡੀ.ਐਮ.ਸੀ.ਐਚ. ਨੇੜੇ ਵਰਮਾ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ 25 ਬਿਸਤਰਿਆਂ ਵਾਲਾ ਕੇਂਦਰ ਅਤੇ ਮਾਲ ਰੋਡ ਉੱਤੇ ਅਰੋੜਾ ਨਿਊਰੋ ਸੈਂਟਰ ਵਿਖੇ 10 ਬਿਸਤਰਿਆਂ ਵਾਲਾ ਸੈਂਟਰ ਸ਼ਾਮਲ ਹਨ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਅੱਜ ਦੋਵਾਂ ਹਸਪਤਾਲਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਪ੍ਰਬੰਧਕਾਂ ਦਾ ਇਸ ਔਖੀ ਘੜੀ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਲਈ ਧੰਨਵਾਦ ਕੀਤਾ।ਜਿਕਰਯੋਗ ਹੈ ਕਿ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਯਤਨਾਂ ਸਦਕਾ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਲੁਧਿਆਣਾ ਵੱਲੋਂ ਸਥਾਨਕ ਭਗਵਾਨ ਮਹਾਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਹੰਬੜਾਂ ਰੋਡ ਵਿਖੇ 25 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਪਹਿਲਾਂ ਹੀ ਸੁਰੂ ਕਰ ਦਿੱਤਾ ਗਿਆ ਹੈ। ਵਰਿੰਦਰ ਕੁਮਾਰ ਸ਼ਰਮਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਮੋਬਾਈਲ ਐਪ ਂਐਚ.ਬੀ.ਐਮ.ਐਸ.ਪੰਜਾਬਂ ਰਾਹੀਂ ਜਾਂ ਸਰਕਾਰੀ ਵੈਬ ਲਿੰਕ “https://ludhiana.nic.in/…/covid-19-bed-status-in-ludhiana-…/" ਜਾਂ ਵੈਬਸਾਈਟ http://www.hbmspunjab.in/index_app_detail.php?type=icu ਰਾਹੀਂ ਖਾਲੀ ਪਈ ਬਿਸਤਰੇ ਦੀ ਸਥਿਤੀ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਇਲਾਜ਼ ਮੁਹੱਈਆ ਕਰਵਾਉਣ ਵਾਲੇ ਸਾਰੇ ਨਿੱਜੀ ਹਸਪਤਾਲਾਂ ਦਾ ਡਾਟਾ ਮੋਬਾਈਲ ਐਪ ਦੇ ਨਾਲ-ਨਾਲ ਵੈਬ ਲਿੰਕਸ ਉੱਤੇ ਜੋੜਿਆ ਗਿਆ ਹੈ।
ਉਨ੍ਹਾਂ ਹੋਰ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਹਸਪਤਾਲਾਂ 'ਚ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਤਾਂ ਜੋ ਉਹ ਇਸ ਔਖੀ ਘੜੀ ਸਮੇਂ ਸਮਾਜ ਪ੍ਰਤੀ ਸੱਚੀ ਸੇਵਾ ਨਿਭਾ ਸਕਣ।ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਕਿਹਾ ਕਿ ਵਰਮਾ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਸਮਰੱਥਾ 'ਤੇ ਕੋਵਿਡ ਕੇਅਰ ਸੈਂਟਰ ਨੂੰ ਆਉਣ ਵਾਲੇ ਦਿਨਾਂ ਵਿੱਚ ਲੋੜ ਅਨੁਸਾਰ 40 ਬਿਸਤਰਿਆਂ ਤਕ ਵਧਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਹੂਲਤ ਵਿੱਚ 7 ਬੈੱਡ ਲੈਵਲ-2 ਜਦਕਿ 18 ਬੈੱਡ ਲੈਵਲ-3 ਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਪ੍ਰਾਈਵੇਟ ਹਸਪਤਾਲ ਕੋਵਿਡ ਦੇ ਇਲਾਜ਼ ਲਈ ਅੱਗੇ ਆਉਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫਸਰ ਕੋਵਿਡ-19 ਸੰਦੀਪ ਕੁਮਾਰ ਵੀ ਮੌਜੂਦ ਸਨ।