ਚੰਡੀਗੜ੍ਹ, ਅਪਰੈਲ ਯੂਟੀ ਦੇ ਸਿੱਖਿਆ ਵਿਭਾਗ ਨੇ ਅੱਜ ਸਾਰੇ ਸਰਕਾਰੀ ਸਕੂਲਾਂ ਨੂੰ ਸਰਕੁਲਰ ਜਾਰੀ ਕਰਕੇ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਮਾਧਿਅਮਾਂ ਵਿਚੋਂ ਕੋਈ ਵੀ ਮਾਧਿਅਮ ਚੁਣਨ ਦੀ ਖੁੱਲ੍ਹ ਦੇਣ ਬਾਰੇ ਕਿਹਾ ਹੈ। ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਪੰਜਾਬੀ ਮਾਧਿਅਮ ਲੈਣ ਦੇ ਚਾਹਵਾਨਾਂ ਨੂੰ ਹੋਰ ਮਾਧਿਅਮ ਲੈਣ ਬਾਰੇ ਨਿਰਦੇਸ਼ ਨਾ ਥੋਪਣ। ਦੱਸਣਯੋਗ ਹੈ ਕਿ ‘ਪੰਜਾਬੀ ਟ੍ਰਿਬਿਊਨ’ ਨੇ 19 ਅਪਰੈਲ ਨੂੰ ਸਕੂਲਾਂ ਵਿਚ ਪੰਜਾਬੀ ਮਾਧਿਅਮ ਦੇ ਵਿਦਿਆਰਥੀਆਂ ਦੀ ਪ੍ਰੇਸ਼ਾਨੀ ਬਾਰੇ ਖਬਰ ਪ੍ਰਕਾਸ਼ਿਤ ਕੀਤੀ ਸੀ।
ਜ਼ਿਲ੍ਹਾ ਸਿੱਖਿਆ ਦਫਤਰ ਨੇ ਸਰਕੁਲਰ ਵਿਚ ਲਿਖਿਆ ਹੈ ਕਿ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਸਰਕਾਰੀ ਸਕੂਲਾਂ ਵਿਚ ਬਾਰ੍ਹਵੀਂ ਜਮਾਤ ਲਈ ਕਈ ਅਧਿਆਪਕਾਂ ਵਲੋਂ ਪੰਜਾਬੀ ਦੀ ਥਾਂ ਹਿੰਦੀ ਜਾਂ ਅੰਗਰੇਜ਼ੀ ਮੀਡੀਅਮ ਲੈਣ ਲਈ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੰਜਾਬੀ ਦੇ ਨੋਟਸ ਤੇ ਹੋਰ ਮਟੀਰੀਅਲ ਵੀ ਉਪਲਬਧ ਨਹੀਂ ਕਰਵਾਇਆ ਜਾਵੇਗਾ। ਡਾਇਰੈਕਟਰ ਸਕੂਲ ਐਜੂਕੇਸ਼ਨ ਰੁਬਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਪਹਿਲੀ ਤੋਂ ਅੱਠਵੀਂ ਜਮਾਤ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਕਿਤਾਬਾਂ ਛਪਵਾਈਆਂ ਜਾਂਦੀਆਂ ਹਨ ਤੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਦੀ ਸਹਾਇਕ ਸਮੱਗਰੀ ਵੀ ਉਪਲਬਧ ਕਰਵਾਈ ਜਾਂਦੀ ਹੈ। ਇਸ ਕਰਕੇ ਡੀਈਓ ਦਫਤਰ ਨੂੰ ਅਧਿਆਪਕਾਂ ਨੂੰ ਸਪਸ਼ਟ ਹਦਾਇਤਾਂ ਦੇਣ ਲਈ ਕਿਹਾ ਗਿਆ ਹੈ ਤਾਂ ਕਿ ਵਿਦਿਆਰਥੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਪਿੰਡ ਬਚਾਓ ਕਮੇਟੀ ਦੇ ਪ੍ਰਧਾਨ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਸ਼ਹਿਰ ਵਿਚ ਪੰਜਾਬੀ ਲਾਗੂ ਕਰਨ ਦੀ ਮੰਗ ਉਠਾਉਂਦੇ ਆ ਰਹੇ ਹਨ ਕਿਉਂਕਿ ਚੰਡੀਗੜ੍ਹ ‘ਤੇ ਪੰਜਾਬੀਆਂ ਦਾ ਹੱਕ ਹੈ ਪਰ ਇੱਥੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਆਇਆ ਹੈ। ਇਥੋਂ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦੀ ਖੁੱਲ੍ਹ ਹੋਣੀ ਚਾਹੀਦੀ ਹੈ।
ਕੌਂਸਲਰ ਅਨਿਲ ਕੁਮਾਰ ਦੂਬੇ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਮੰਗ ਕਰਦੇ ਆਏ ਸੀ ਕਿ ਉਨ੍ਹਾਂ ਦੇ ਖੇਤਰ ਵਿਚ ਜਬਰੀ ਹਿੰਦੀ ਮਾਧਿਅਮ ਲਈ ਦਬਾਅ ਪਾਇਆ ਜਾਂਦਾ ਸੀ ਜਦਕਿ ਕਈ ਬੱਚੇ ਅੰਗਰੇਜ਼ੀ ਮਾਧਿਅਮ ਪੜ੍ਹਨਾ ਚਾਹੁੰਦੇ ਹਨ ਇਸ ਕਰਕੇ ਉਨ੍ਹਾਂ ਬੱਚਿਆਂ ਨੂੰ ਮਹਿੰਗੇ ਪ੍ਰਾਈਵੇਟ ਸਕੂਲਾਂ ਦੇ ਅੰਗਰੇਜ਼ੀ ਮਾਧਿਅਮ ਵਿਚ ਦਾਖਲੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ।